SGPC ਦੀ ਅੰਤ੍ਰਿਮ ਕਮੇਟੀ ਦੀ ਬੈਠਕ ਦੌਰਾਨ ਕਈ ਅਹਿਮ ਮਸਲਿਆਂ 'ਤੇ ਲਏ ਫੈਸਲੇ

By  Jagroop Kaur January 5th 2021 10:46 PM

ਅੰਮ੍ਰਿਤਸਰ, 5 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੇ ਖਰਚਿਆਂ ਨੂੰ ਘਟਾਉਣ ਲਈ ਸੋਲਰ ਸਿਸਟਮ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਭਾਫ ਦੁਆਰਾ ਲੰਗਰ ਤਿਆਰ ਕਰਨ ਲਈ ਵੀ ਯੋਜਨਾ ਤਿਆਰ ਕੀਤੀ ਜਾਵੇਗੀ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਗੁਰੂ ਘਰਾਂ ਵਿਖੇ ਸੋਲਰ ਸਿਸਟਮ ਲਗਾਏ ਜਾਣਗੇ|

ਜਿਸ ਨੂੰ ਅਮਲ ਵਿਚ ਲਿਆਉਣ ਲਈ ਅਹੁਦੇਦਾਰਾਂ, ਅਧਿਕਾਰੀਆਂ ਤੇ ਤਕਨੀਕੀ ਮਾਹਿਰਾਂ ’ਤੇ ਅਧਾਰਿਤ ਕਮੇਟੀ ਗਠਿਤ ਕੀਤੀ ਜਾਵੇਗੀ। ਇਸੇ ਤਰ੍ਹਾਂ ਗੁਰੂ ਘਰਾਂ ਅੰਦਰ ਲੰਗਰ ਬਣਾਉਣ ਲਈ ਭਾਫ ਵਿਧੀ ਅਪਨਾਉਣ ਦੇ ਨਾਲ-ਨਾਲ ਬਚੇ ਹੋਏ ਸਮਾਨ (ਰਹਿੰਦ-ਖੂੰਹਦ) ਤੋਂ ਗੱਤਾ ਤੇ ਕਾਗਜ਼ ਤਿਆਰ ਕਰਨ ਲਈ ਵੀ ਭਵਿੱਖ ਵਿਚ ਇਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਬਾਬਾ ਜੀਵਨ ਸਿੰਘ ਦੀ ਯਾਦ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਰ ਸਾਲ ਵਿਸ਼ਾਲ ਸਮਾਗਮ ਕਰਨ ਦਾ ਵੀ ਫੈਸਲਾ ਲਿਆ ਹੈ।

ਹੋਰ ਪੜ੍ਹੋ : ਹਿਮਾਚਲ ‘ਚ ਬਰਡ ਫਲੂ ਨੇ ਦਿੱਤੀ ਦਸਤਕ, 1700 ਪਰਵਾਸੀ ਪੰਛੀਆਂ ਦੀ ਮੌਤ ਤੋਂ ਬਾਅਦ ਅਲਰਟ ਜਾਰੀ

ਇਹ ਸਮਾਗਮ ਨੌਵੇਂ ਪਾਤਸ਼ਾਹ ਜੀ ਦਾ ਪਾਵਨ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਪੁੱਜਣ ਵਾਲੇ ਦਿਨ ਕੀਤਾ ਜਾਇਆ ਕਰੇਗਾ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਚਾਰ ਸੌ ਸਾਲਾ ਪ੍ਰਕਾਸ਼ ਦਿਵਸ ਅਤੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦਾ ਸੌ ਸਾਲਾ ਦਿਹਾੜਾ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ। ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਇਕ ਵੱਡਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ।

ਇਸ ਸ਼ਤਾਬਦੀ ਨੂੰ ਲੈ ਕੇ ਇਕ ਵਿਸ਼ਾਲ ਸਮਾਗਮ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕੀਤਾ ਜਾਵੇਗਾ, ਜਦਕਿ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਲਸ਼ਮਣ ਸਿੰਘ ਧਾਰੋਵਾਲੀ ਸਮੇਤ ਹੋਰ ਸ਼ਹੀਦਾਂ ਦੇ ਅਸਥਾਨਾਂ ’ਤੇ ਵੀ ਸਮਾਗਮ ਹੋਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਾਰ ਸੌ ਸਾਲਾ ਪ੍ਰਕਾਸ਼ ਸ਼ਤਾਬਦੀ ਨੂੰ ਵੀ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ ਤੇ ਜਲਦ ਹੀ ਸਮਾਗਮਾਂ ਸਬੰਧੀ ਰੂਪ-ਰੇਖਾ ਜਨਤਕ ਕੀਤੀ ਜਾਵੇਗੀ।ਸ਼੍ਰੋਮਣੀ ਕਮੇਟੀ ਦੀ ਅੰਤ੍ਰਿਮ ਕਮੇਟੀ ਵੱਲੋਂ ਆਸਟ੍ਰੀਆ ਵਿਚ ਸਿੱਖ ਧਰਮ ਨੂੰ ਮਾਨਤਾ ਮਿਲਣ ’ਤੇ ਸ਼ਲਾਘਾ ਮਤਾ ਵੀ ਪਾਸ ਕੀਤਾ ਗਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦੁਨੀਆਂ ਅੰਦਰ ਸਿੱਖਾਂ ਨੇ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲ ਕੇ ਵੱਖਰੀ ਪਛਾਣ ਸਥਾਪਿਤ ਕੀਤੀ ਹੈ ਅਤੇ ਖੁਸ਼ੀ ਦੀ ਗੱਲ ਹੈ ਕਿ ਵੱਖ-ਵੱਖ ਦੇਸ਼ਾਂ ਵਿਚ ਸਿੱਖ ਧਰਮ ਨੂੰ ਮਾਨਤਾ ਮਿਲ ਰਹੀ ਹੈ। ਇਸੇ ਦੌਰਾਨ ਅੰਤ੍ਰਿੰਮ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ. ਬਲਬੀਰ ਸਿੰਘ ਰੋਪੜ, ਬਾਬਾ ਰਾਮ ਸਿੰਘ ਸੀਂਘੜੇ ਵਾਲੇ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ, ਸਿੱਖ ਕੌਮ ਦੇ ਮਹਾਨ ਢਾਡੀ ਭਾਈ ਪ੍ਰਿਤਪਾਲ ਸਿੰਘ ਬੈਂਸ ਅਤੇ ਕਿਸਾਨ ਸੰਘਰਸ਼ ਦੌਰਾਨ ਚਲਾਣਾ ਕਰ ਗਏ ਕਿਸਾਨ ਭਰਾਵਾਂ ਸਬੰਧੀ ਸ਼ੋਕ ਮਤੇ ਪੜ੍ਹਦਿਆਂ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।

Related Post