ਦਿੱਲੀ ਕਮੇਟੀ ਦੇ ਸਹਿਯੋਗ ਨਾਲ ਦਿੱਲੀ ’ਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰੇਗੀ ਸ਼੍ਰੋਮਣੀ ਕਮੇਟੀ

By  Shanker Badra May 29th 2018 06:32 PM

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਦਿੱਲੀ ’ਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰੇਗੀ ਸ਼੍ਰੋਮਣੀ ਕਮੇਟੀ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਦਿੱਲੀ ਵਿਚ ਸਥਿਤ ਸਿੱਖ ਮਿਸ਼ਨ ਦੀ ਇਮਾਰਤ ਦਾ ਨਵੀਨੀਕਰਨ ਕਰਨ ਉਪਰੰਤ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਦਘਾਟਨ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਮਿਸ਼ਨ ਦਿੱਲੀ ਰਾਹੀਂ ਧਰਮ ਪ੍ਰਚਾਰ ਦੇ ਕਾਰਜਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਧੀਆ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਇਥੇ ਗੁਰਮਤਿ ਸਾਹਿਤ ਕੇਂਦਰ ਵੀ ਖੋਲ੍ਹਿਆ ਜਾਵੇਗਾ। ਉਨ੍ਹਾਂ ਸਿੱਖ ਮਿਸ਼ਨ ਲਈ ਜਗ੍ਹਾ ਦੇਣ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੋਹਾਂ ਕਮੇਟੀਆਂ ਵੱਲੋਂ ਸੰਯੁਕਤ ਉਪਰਾਲੇ ਨਾਲ ਦਿੱਲੀ ਖੇਤਰ ਵਿਚ ਧਰਮ ਪ੍ਰਚਾਰ ਦੀ ਵਿਸ਼ਾਲ ਲਹਿਰ ਸਿਰਜੀ ਜਾਵੇਗੀ,ਜਿਸ ਤਹਿਤ ਜਿਥੇ ਗੁਰੂ ਘਰਾਂ ਅੰਦਰ ਦੀਵਾਨ ਸਜਾਏ ਜਾਣਗੇ,ਉਥੇ ਹੀ ਨੌਜੁਆਨਾਂ ਅਤੇ ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਵਿਸ਼ੇਸ਼ ਪ੍ਰੋਗਰਾਮ ਵੀ ਉਲੀਕੇ ਜਾਣਗੇ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਸ੍ਰੀ ਅੰਮ੍ਰਿਤਸਰ ਅਤੇ ਦਿੱਲੀ ਕਮੇਟੀ ਦੇ ਤਾਲਮੇਲ ਨਾਲ ਧਰਮ ਪ੍ਰਚਾਰ ਕਾਰਜਾਂ ਨੂੰ ਨਵੇਂ ਅੰਜਾਮ ਦੇਣ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਸ਼੍ਰੋਮਣੀ ਕਮੇਟੀ ਨੂੰ ਧਰਮ ਪ੍ਰਚਾਰ ਕਾਰਜਾਂ ਲਈ ਹਰ ਤਰ੍ਹਾਂ ਦਾ ਸਹਿਯੋਗ ਕਰੇਗੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮਨਜੀਤ ਸਿੰਘ ਜੀ.ਕੇ., ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਅਹੁਦੇਦਾਰਾਂ ਨੂੰ ਸਨਮਾਨਿਤ ਵੀ ਕੀਤਾ। -PTCNews

Related Post