ਸ਼੍ਰੋਮਣੀ ਅਕਾਲੀ ਦਲ ਵੱਲੋਂ ਡੇਰਾ ਬਾਬਾ ਨਾਨਕ ‘ਚ ਪ੍ਰੈੱਸ ਕਾਨਫਰੰਸ, ਸਾਰਿਆਂ ਨੂੰ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਰਲ਼ ਕੇ ਮਨਾਉਣ ਦੀ ਕੀਤੀ ਅਪੀਲ

By  Jashan A November 3rd 2019 03:36 PM

ਸ਼੍ਰੋਮਣੀ ਅਕਾਲੀ ਦਲ ਵੱਲੋਂ ਡੇਰਾ ਬਾਬਾ ਨਾਨਕ ‘ਚ ਪ੍ਰੈੱਸ ਕਾਨਫਰੰਸ, ਸਾਰਿਆਂ ਨੂੰ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਰਲ਼ ਕੇ ਮਨਾਉਣ ਦੀ ਕੀਤੀ ਅਪੀਲ,ਡੇਰਾ ਬਾਬਾ ਨਾਨਕ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬਾਬਾ ਨਾਨਕ ਵਿਖੇ ਹੋਣ ਵਾਲੇ ਸਮਾਗਮ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਡਾ ਦਲਜੀਤ ਸਿੰਘ ਚੀਮਾ, ਵਿਰਸਾ ਸਿੰਘ ਵਲਟੋਹਾ ਸਣੇ ਪਾਰਟੀ ਦੇ ਕਈ ਆਗੂ ਮੌਜੂਦ ਰਹੇ।

ਇਸ ਮੌਕੇ ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਮਾਗਮਾਂ 'ਚ ਸਾਰਿਆਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ ਤੇ ਸਾਰਿਆਂ ਨੂੰ ਇਕਜੁਟ ਹੋ ਕੇ ਸਾਂਝੀਵਾਲਤਾ ਦਾ ਸੰਦੇਸ਼ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਅਹਿਮ ਦਿਨ ਮੌਕੇ ਸੰਗਤਾਂ ਨੂੰ ਵੱਡੀ ਗਿਣਤੀ 'ਚ ਸਮਾਗਮਾਂ 'ਚ ਸ਼ਮੂਲੀਅਤ ਕਰਨੀ ਚਾਹੀਦੀ ਹੈ। ਇਸ ਮੌਕੇ ਉਹਨਾਂ ਨੇ ਦੁਨੀਆ ਭਰ 'ਚ ਵਸਦੀ ਨਾਨਕ ਨਾਮ ਲੇਵਾ ਸੰਗਤਾਂ ਸਮਾਗਮ 'ਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ।

ਹੋਰ ਪੜ੍ਹੋ: 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਚਮਕੌਰ ਸਾਹਿਬ ਤੋਂ ਆਰੰਭ ਹੋਈ "ਸਾਈਕਲ ਯਾਤਰਾ" ਪਹੁੰਚੀ ਸੁਲਤਾਨਪੁਰ ਲੋਧੀ, ਹੋਇਆ ਨਿੱਘਾ ਸੁਆਗਤ

ਇਸ ਮੌਕੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਇੱਕੋ ਮੰਚ 'ਤੇ ਮਨਾਇਆ ਜਾਵੇ।

ਉਹਨਾਂ ਕਿਹਾ ਕਿ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਿਰਕਤ ਕਰਨਗੇ। ਉਹਨਾਂ ਕਿਹਾ ਕਿ ਕੌਮਾਂਤਰੀ ਮੁੱਦਾ ਹੋਣ ਕਾਰਨ ਕੇਂਦਰ ਵੱਲੋਂ ਹੀ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ।

ਬਿਕਰਮ ਮਜੀਠੀਆ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਦੀ ਸਟੇਜ ਰਾਜਨੀਤਿਕ ਨਹੀਂ, ਧਾਰਮਿਕ ਹੋਵੇਗੀ ਅਤੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਹੋਵੇਗੀ।ਇਸ ਤੋਂ ਪਹਿਲਾਂ ਉਹਨਾਂ ਨੇ ਅਰਦਾਸ ਸਮਾਗਮਾ ਵਾਲੀ ਜਗ੍ਹਾ ਦਾ ਜਾਇਜ਼ਾ ਵੀ ਲਿਆ ਅਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ।

ਤੁਹਾਨੂੰ ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਤਾਰਪੁਰ ਲਾਂਘਾ ਜਲਦ ਹੀ ਖੁੱਲ੍ਹਣ ਵਾਲਾ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 9 ਨਵੰਬਰ ਨੂੰ ਲਾਂਘੇ ਦਾ ਉਦਘਾਟਨ ਕੀਤਾ ਜਾਵੇਗਾ, ਜਿਸ ਤੋਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹਿਲਾ ਜਥਾ ਰਵਾਨਾ ਹੋਵੇਗਾ।

-PTC News

Related Post