ਦੁਬਈ 'ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ 14 ਭਾਰਤੀ ਨੌਜਵਾਨ ਪਰਤੇ ਵਤਨ

By  Shanker Badra March 3rd 2020 03:47 PM -- Updated: March 3rd 2020 03:50 PM

ਦੁਬਈ 'ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ 14 ਭਾਰਤੀ ਨੌਜਵਾਨ ਪਰਤੇ ਵਤਨ:ਰਾਜਾਸਾਂਸੀ: ਕੰਪਨੀ ਵੱਲੋਂ ਧੋਖਾ ਦਿੱਤਾ ਜਾਣ ਕਾਰਨ ਦੁਬਈ 'ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋਏ 29 ਭਾਰਤੀ ਨੌਜਵਾਨਾਂ 'ਚੋਂ 14 ਹੋਰ ਨੌਜਵਾਨ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ ਹਨ।ਮਿਲੀ ਜਾਣਕਾਰੀ ਅਨੁਸਾਰ ਟਰੈਵਲ ਏਜੰਟਾਂ ਦੇ ਧੱਕੇ ਚੜ੍ਹ ਕੇ ਖੱਜਲ-ਖੁਆਰੀ ਤੋਂ ਬਾਅਦ ਇਹ ਨੌਜਵਾਨ ਡਾ. ਓਬਰਾਏ ਦੇ ਯਤਨਾਂ ਸਦਕਾ ਅੱਜ ਆਪਣੇ ਵਤਨ  ਪੁੱਜ ਗਏ ਹਨ।

ਦੁਬਈ ਤੋਂ ਪਰਤੇ ਨੌਜਵਾਨਾਂ ਨੂੰ ਲੈਣ ਲਈ ਹਵਾਈ ਅੱਡੇ ਪਹੁੰਚੇ ਡਾ. ਐੱਸ.ਪੀ.ਸਿੰਘ ਓਬਰਾਏ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਦੁਬਈ ਦੀ ਇੱਕ ਕੰਪਨੀ ਨੇ ਸਕਿਓਰਿਟੀ ਦੇ ਕੰਮ ਲਈ ਭਾਰਤ ਤੋਂ ਦੁਬਈ ਸੱਦਿਆ ਸੀ ਪਰ ਕੁਝ ਮਹੀਨਿਆਂ ਬਾਅਦ ਹੀ ਪਾਕਿਸਤਾਨ ਨਾਲ ਸਬੰਧਿਤ ਕੰਪਨੀ ਮਾਲਕ ਆਪਣੀ ਕੰਪਨੀ ਬੰਦ ਕਰ ਕੇ ਭੱਜ ਗਿਆ। ਉਨ੍ਹਾਂ ਵਲੋਂ ਕੀਤੇ ਗਏ ਤਿੰਨ ਤੋਂ 6 ਮਹੀਨਿਆਂ ਦੇ ਕੰਮ ਦੀ ਤਨਖਾਹ ਵੀ ਨਹੀਂ ਦਿੱਤੀ ਗਈ।

ਜਿਸ ਕਾਰਨ ਇਨ੍ਹਾਂ ਨੂੰ ਦੁਬਈ 'ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋਣਾ ਪਿਆ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਕਤ ਨੌਜਵਾਨਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਆਪਣੀ ਹੱਡ ਬੀਤੀ ਸੁਣਾਈ ਤਾਂ ਉਨ੍ਹਾਂ ਨੇ ਇਨ੍ਹਾਂ ਨੌਜਵਾਨਾਂ ਨੂੰ ਵਾਪਸ ਭਾਰਤ ਲੈ ਕੇ ਆਉਣ ਦਾ ਫੈਸਲਾ ਲਿਆ, ਜਿਸ ਤਹਿਤ ਇਨ੍ਹਾਂ ਨੌਜਵਾਨਾਂ ਦੇ ਵਾਪਸ ਆਉਣ ਲਈ ਲੋੜੀਂਦੇ ਜ਼ਰੂਰੀ ਕਾਗਜ਼ਾਤ ਮੁਕੰਮਲ ਕਰਨ ਤੋਂ ਇਲਾਵਾ ਸਾਰਾ ਖਰਚਾ ਵੀ ਉਨ੍ਹਾਂ ਖੁਦ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਕੁੱਲ 29 ਨੌਜਵਾਨਾਂ ਚੋਂ 10 ਨੌਜਵਾਨ ਜਿਨ੍ਹਾਂ ਦੇ ਕਾਗਜ਼ਾਤ ਮੁਕੰਮਲ ਸਨ, ਉਨ੍ਹਾਂ ਨੂੰ ਪਹਿਲਾਂ ਹੀ ਉਨ੍ਹਾਂ ਦੇ ਘਰਾਂ 'ਚ ਪਹੁੰਚਾ ਦਿੱਤਾ ਗਿਆ ਹੈ ਜਦ ਕਿ ਅੱਜ 14 ਹੋਰ ਨੌਜਵਾਨ ਦੁਬਈ ਤੋਂ ਭਾਰਤ ਪਹੁੰਚ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਆਉਣ ਵਾਲੇ ਨੌਜਵਾਨਾਂ 'ਚੋਂ 11 ਨੌਜਵਾਨ ਪੰਜਾਬ, 2 ਹਿਮਾਚਲ ਅਤੇ 1 ਹਰਿਆਣਾ ਨਾਲ ਸਬੰਧਿਤ ਹੈ।

-PTCNews

Related Post