ਮੁਲਾਜ਼ਮ ਮੰਗਾਂ ਪ੍ਰਤੀ ਡੰਗ ਟਪਾਊ ਵਤੀਰਾ ਅਪਨਾਉਣ ਵਾਲੀ ਚੰਨੀ ਸਰਕਾਰ ਵਿਰੁੱਧ ਮੁਲਾਜ਼ਮ ਵਰਗ 'ਚ ਭਾਰੀ ਰੋਸ

By  Riya Bawa December 29th 2021 04:27 PM

ਪਟਿਆਲਾ: ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਨਿੱਤ ਦਿਨ ਤਨਖਾਹਾਂ ਅਤੇ ਭੱਤਿਆਂ ਦੀਆਂ ਹੋ ਰਹੀਆਂ ਕਟੌਤੀਆਂ ਅਤੇ ਪੁਲਸੀਆਂ ਜਬਰ ਦੇ ਖਿਲਾਫ਼, ਅੱਜ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਤੇ ਸਥਾਨਕ ਜ਼ਿਲ੍ਹਾ ਸਿੱਖਿਆ ਅਫਸਰ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਨਵਜੋਤ ਸਿੱਧੂ ਦੀ ਰਿਹਾਇਸ਼ ਤੱਕ ਮਾਰਚ ਕਰਕੇ ਪੰਜਾਬ ਸਰਕਾਰ ਦੇ ਕਾਗਜ਼ੀ ਐਲਾਨਾਂ ਦੀ ਪੰਡ ਫੂਕੀ ਗਈ।

ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਦਰਸ਼ਨ ਸਿੰਘ ਲੁਬਾਣਾ, ਹਰਦੀਪ ਟੋਡਰਪੁਰ, ਰਣਜੀਤ ਸਿੰਘ ਮਾਨ, ਸੀਸ਼ਨ ਕੁਮਾਰ ਨੇ ਕਿਹਾ ਕਿ ਜਿੱਥੇ ਚੰਨੀ ਸਰਕਾਰ ਨੇ ਪਿਛਲੀਆਂ ਸਾਰੀਆਂ ਬੇਸ਼ਰਮੀ ਦੀਆਂ ਹੱਦਾਂ ਪਾਰ ਕਰਦਿਆਂ ਇੱਕ ਵੀ ਕੱਚੇ ਮੁਲਾਜ਼ਮ ਨੂੰ ਪੱਕਾ ਕੀਤੇ ਬਿਨ੍ਹਾਂ ਹੀ 36 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸੰਬੰਧੀ ਝੂਠੀ ਇਸ਼ਤਿਹਾਰਬਾਜੀ ਕਰਕੇ ਪੰਜਾਬ ਦੇ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਇਆ ਹੈ, ਉੱਥੇ ਮਿਡ-ਡੇ-ਮੀਲ, ਆਂਗਣਬਾੜੀ, ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਘੱਟੋ-ਘੱਟ ਉਜਰਤਾਂ ਕਾਨੂੰਨ ਤੋਂ ਵੀ ਹੇਠਾਂ ਬਹੁਤ ਹੀ ਨਿਗੂਣਾ ਮਾਣ-ਭੱਤਾ ਦੇ ਕੇ ਇਹਨਾਂ ਦਾ ਵੱਡੇ ਪੱਧਰ ਤੇ ਸੋਸ਼ਣ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇੱਕ ਤਾਂ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ 5 ਸਾਲਾਂ ਦੀ ਦੇਰੀ ਨਾਲ ਅੱਧੀ ਅਧੂਰੀ ਲਾਗੂ ਕੀਤੀ ਹੈ ਦੂਜਾ ਇਸਨੂੰ ਲਾਗੂ ਕਰਦਿਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਿੱਤਾਂ ਉੱਤੇ ਗੈਰ-ਸੰਵਿਧਾਨਕ ਤਰੀਕੇ ਨਾਲ ਡਾਕਾ ਮਾਰਿਆ ਹੈ। ਇਸੇ ਤਰਾਂ ਸਰਕਾਰ ਨੇ ਮੁਲਾਜ਼ਮਾਂ ਨੂੰ ਮਿਲਦੇ ਪੇੰਡੂ ਤੇ ਬਾਰਡਰ ਏਰੀਆ ਸਮੇਤ ਕੁੱਲ 37 ਭੱਤਿਆਂ ਉੱਤੇ ਰੋਕ ਲਗਾ ਕੇ ਤਨਖਾਹ ਕਮਿਸ਼ਨ ਰਾਹੀਂ ਮਿਲੇ ਮਾਮੂਲੀ ਲਾਭ ਉੱਤੇ ਵੀ ਕਟੌਤੀ ਲਗਾ ਦਿੱਤੀ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਵਿਕਰਮਦੇਵ ਸਿੰਘ, ਜਸਵੀਰ ਖੋਖਰ, ਜਗਮੋਹਨ ਨੋਲੱਖਾ,ਲਖਵੀਰ ਸਿੰਘ ਨੇ ਆਖਿਆ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖਾਹ ਕਮਿਸ਼ਨ ਤੋਂ ਵਾਂਝੇ ਰੱਖਣਾ, 2016 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੇ ਪਰਖ-ਕਾਲ ਦੇ ਬਕਾਏ ਨਾ ਦੇਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਤੋਂ ਟਾਲਾ ਵੱਟਣਾ, ਮੁਲਾਜ਼ਮਾਂ ਦਾ ਏ.ਸੀ.ਪੀ. ਬੰਦ ਕਰਨਾ ਅਤੇ ਰੁਜ਼ਗਾਰ ਮੰਗਦੇ ਬੇਰੁਜ਼ਗਾਰਾਂ 'ਤੇ ਨਿੱਤ ਦਿਨ ਪੁਲੀਸ ਜ਼ਬਰ ਕਰਨਾ ਸਾਬਿਤ ਕਰਦਾ ਹੈ ਕਿ ਪੰਜਾਬ ਦੀ ਚੰਨੀ ਸਰਕਾਰ ਪੂਰੀ ਤਰਾਂ ਮੁਲਾਜ਼ਮ ਹਿੱਤਾਂ ਦਾ ਘਾਣ ਕਰ ਰਹੀ ਹੈ।

ਹਰ ਤਰਾਂ ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਵਾਉਣ, ਮਾਣ-ਭੱਤਾ ਵਰਕਰਾਂ ਦੀ ਤਨਖਾਹ ਵਿੱਚ ਘੱਟੋ-ਘੱਟ ਉਜਰਤਾਂ ਕਾਨੂੰਨ ਤਹਿਤ ਵਾਧਾ ਕਰਵਾਉਣ, ਤਨਖਾਹ ਕਮਿਸ਼ਨ ਵਿੱਚ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ 2.72 ਦਾ ਗੁਣਾਂਕ ਲਾਗੂ ਕਰਵਾਉਣ, ਅਣ-ਰਿਵਾਇਜਡ ਅਤੇ ਪਾਰਸ਼ਲੀ ਰਿਵਾਇਜਡ ਕੈਟਾਗਰੀਆਂ ਦੀ ਸਾਲ 2011 ਤੋਂ ਤੋੜੀ ਗਈ ਤਨਖਾਹ ਪੈਰਿਟੀ ਬਹਾਲ ਕਰਵਾਉਣ, 01-01-2016 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੇ ਪਰਖ ਕਾਲ ਸਮੇਂ ਦੇ ਬਕਾਏ ਜਾਰੀ ਕਰਵਾਉਣ, 17 ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਤੇ ਕੇੰਦਰ ਦੀ ਬਜਾਏ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਵਾਉਣ, ਰੋਕੇ ਗਏ ਸਮੁੱਚੇ ਭੱਤੇ ਅਤੇ ਏ.ਸੀ.ਪੀ.ਮੁੜ ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਪਰਖ ਕਾਲ ਦੌਰਾਨ ਮੁੱਢਲੀ ਤਨਖਾਹ ਸੰਬੰਧੀ 15-01-2015 ਦਾ ਨੋਟੀਫਿਕੇਸ਼ਨ ਰੱਦ ਕਰਾਵਾਉਣ, ਖਾਲੀ ਪਈਆਂ ਅਸਾਮੀਆਂ ਉੱਤੇ ਭਰਤੀ ਪ੍ਰਕਿਰਿਆ ਮੁਕੰਮਲ ਕਰਵਾਉਣ ਤੱਕ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ।

-PTC News

Related Post