ਪੰਜਾਬ ਨੂੰ ਕੌਮਾਂਤਰੀ ਮੰਚ ਉਤੇ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਜੀ-20 ਸੰਮੇਲਨ: ਮੁੱਖ ਮੰਤਰੀ

By  Jasmeet Singh October 22nd 2022 09:31 PM -- Updated: October 22nd 2022 09:36 PM

ਅੰਮ੍ਰਿਤਸਰ, 22 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ-2023 ਵਿੱਚ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲਾ ਵੱਕਾਰੀ ਜੀ-20 ਸੰਮੇਲਨ ਕੌਮਾਂਤਰੀ ਮੰਚ ਉਤੇ ਪੰਜਾਬ ਨੂੰ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਅਤੇ ਸਾਨੂੰ ਆਪਣੀਆਂ ਪ੍ਰਾਪਤੀਆਂ ਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਣ ਦਾ ਮੌਕਾ ਮੁਹੱਈਆ ਕਰੇਗਾ।

ਸੰਮੇਲਨ ਨੂੰ ਸਫ਼ਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੁਨਹਿਰੀ ਮੌਕਾ ਹੈ ਜਦੋਂ ਪੰਜਾਬ ਨੂੰ ਬਿਹਤਰੀਨ ਮੌਕਿਆਂ ਵਾਲੀ ਧਰਤੀ ਵਜੋਂ ਉਭਾਰਿਆ ਜਾ ਸਕਦਾ ਹੈ ਤਾਂ ਕਿ ਵੱਧ ਤੋਂ ਵੱਧ ਨਿਵੇਸ਼ ਲਿਆ ਕੇ ਅਸੀਂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜ ਸਕੀਏ।

ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਥੇ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ ਮਹੀਨੇ ਹੋਣ ਵਾਲੇ ਇਸ ਸੰਮੇਲਨ ਵਿਚ ਵਿਸ਼ਵ ਦੇ ਮੋਹਰੀ ਮੁਲਕ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣ ਉਤੇ ਸੂਬਾ ਆਪਣੇ ਆਪ ਨੂੰ ਸੁਭਾਗਾ ਸਮਝਦਾ ਹੈ, ਜਿਸ ਵਿਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ ਸਿੱਖਿਆ ਅਤੇ ਕਿਰਤ ਬਾਰੇ ਵਿਚਾਰ-ਵਟਾਂਦਰਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਆਲਮੀ ਸਮਾਗਮ ਦੀ ਸਫਲਤਾ ਲਈ ਵਿਆਪਕ ਪੱਧਰ ਉਤੇ ਇੰਤਜ਼ਾਮ ਕੀਤੇ ਜਾਣਗੇ।

ਇਸ ਮੌਕੇ ਮੱਖ ਮੰਤਰੀ ਨੂੰ ਦੱਸਿਆ ਗਿਆ ਕਿ ਸਮਾਗਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪਾਵਨ ਸ਼ਹਿਰ ਨੂੰ ਪ੍ਰਬੰਧਕੀ ਆਧਾਰ ਉਤੇ ਪੰਜ ਪ੍ਰਮੁੱਖ ਸੈਕਟਰਾਂ ਵਿਚ ਵੰਡਿਆ ਜਾਵੇਗਾ। ਪੁਖਤਾ ਪ੍ਰਬੰਧਨ ਲਈ ਸੂਬੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਇਨ੍ਹਾਂ ਸੈਕਟਰਾਂ ਵਿਚ ਤਾਇਨਾਤ ਕੀਤਾ ਜਾਵੇਗਾ। ਸੰਮੇਲਨ ਦੌਰਾਨ ਇਹ ਅਧਿਕਾਰੀ ਹੀ ਆਪੋ-ਆਪਣੇ ਅਧਿਕਾਰ ਖੇਤਰ ਵਿਚ ਸਮੁੱਚੇ ਕਾਰਜ ਨੂੰ ਸੁਚਾਰੂ ਬਣਾਉਣ ਲਈ ਜ਼ਿੰਮੇਵਾਰ ਹੋਣਗੇ। ਮੁੱਖ ਮੰਤਰੀ ਨੇ ਇਸ ਮੌਕੇ ਸ਼ਹਿਰ ਦੀ ਸੁੰਦਰਤਾ ਅਤੇ ਮੁੱਢਲਾ ਢਾਂਚਾ ਮਜ਼ਬੂਤ ਕਰਨ ਲਈ ਕੀਤੇ ਜਾਣ ਵਾਲੇ ਕੰਮਾਂ ਦੇ ਵੇਰਵੇ ਲਏ ਅਤੇ ਕਿਹਾ ਕਿ ਜੋ ਵੀ ਕੰਮ ਕੀਤਾ ਜਾਵੇ, ਉਹ ਮਿਆਰੀ ਹੋਵੇ, ਜੋ ਲੰਮੇ ਸਮੇਂ ਤੱਕ ਸ਼ਹਿਰ ਵਾਸੀਆਂ ਦੇ ਕੰਮ ਆਵੇ।

ਇਹ ਵੀ ਪੜ੍ਹੋ: ਦੀਵਾਲੀ 2022: ਤਿਉਹਾਰਾਂ 'ਤੇ ਧਿਆਨ ਨਾਲ ਖਰਚ ਕਰੋ ਪੈਸੇ, ਅਪਣਾਓ ਇਹ ਸਮਾਰਟ ਤਰੀਕੇ

ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੁੱਖ ਮੰਤਰੀ ਵੱਲੋਂ ਇਸ ਪ੍ਰੋਗਰਾਮ ਦੀ ਸਫਲਤਾ ਲਈ ਬਣਾਈ ਕੈਬਨਿਟ ਸਬ-ਕਮੇਟੀ ਦੇ ਮੈਂਬਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ., ਮੇਅਰ ਕਰਮਜੀਤ ਸਿੰਘ ਰਿੰਟੂ, ਵਿਧਾਇਕ ਡਾਕਟਰ ਅਜੇ ਗੁਪਤਾ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਜਸਬੀਰ ਸਿੰਘ ਸੰਧੂ, ਵਿਧਾਇਕ ਕੰਵਰ ਵਿਜੈ ਪ੍ਰਤਾਪ ਸਿੰਘ, ਮੁੱਖ ਮੰਤਰੀ ਦੇ ਨਿੱਜੀ ਸਕੱਤਰ ਰਵੀ ਭਗਤ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਕਾਰਪੋਰੇਸ਼ਨ ਕੁਮਾਰ ਸੌਰਭ, ਕਮਿਸ਼ਨਰ ਪੁਲਿਸ ਅਰੁਣਪਾਲ ਸਿੰਘ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਉਪਰੰਤ ਮੁੱਖ ਮੰਤਰੀ ਨੇ ਮੰਤਰੀ ਸਹਿਬਾਨ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਪੰਜਾਬ ਵਾਸੀਆਂ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਵਧਾਈ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ।

-PTC News

Related Post