ਸਰਹੱਦ ਪਾਰ ਤੋਂ ਹਥਿਆਰ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਪੰਜ ਗ੍ਰਿਫਤਾਰ

By  Jasmeet Singh October 8th 2022 04:09 PM -- Updated: October 8th 2022 04:31 PM

ਚੰਡੀਗੜ੍ਹ, 8 ਅਕਤੂਬਰ: ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ/ਗੋਲਾ ਬਾਰੂਦ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਅਤਿ ਆਧੁਨਿਕ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਨਵਾਂ ਭੰਡਾਰ ਬਰਾਮਦ ਕੀਤਾ ਹੈ।

ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ। ਇਸ ਮੋਡਿਊਲ ਦੇ ਕੁੱਲ ਪੰਜ ਮੈਂਬਰਾਂ ਨੂੰ ਹੁਣ ਤੱਕ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਫੜੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਬਰਵਾਲਾ ਜ਼ਿਲ੍ਹਾ ਤਰਨਤਾਰਨ ਵਾਸੀ ਸੁਰਿੰਦਰ ਸਿੰਘ, ਵਲਟੋਹਾ ਜ਼ਿਲ੍ਹਾ ਅੰਮ੍ਰਿਤਸਰ ਤੋਂ ਹਰਚੰਦ ਸਿੰਘ ਅਤੇ ਗੁਰਸਾਹਿਬ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 1.01 ਕਰੋੜ ਰੁਪਏ ਦੀ ਨਕਦੀ, 500 ਗ੍ਰਾਮ ਹੈਰੋਇਨ, 17 ਪਿਸਤੌਲ ਸਮੇਤ 400 ਜਿੰਦਾ ਕਾਰਤੂਸ, ਇਕ ਐਮਪੀ-4 ਰਾਈਫ਼ਲ ਸਮੇਤ 300 ਜਿੰਦਾ ਕਾਰਤੂਸ, ਦੋ ਤੋਲਣ ਵਾਲੀਆਂ ਮਸ਼ੀਨਾਂ ਅਤੇ ਦੋ ਕਰੰਸੀ ਗਿਣਨ ਵਾਲੀਆਂ ਮਸ਼ੀਨਾਂ ਬਰਾਮਦ ਕੀਤੀਆਂ ਹਨ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਇਸ ਮੋਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਵਿਚ ਇਕ ਕੈਦੀ ਜਸਕਰਨ ਸਿੰਘ ਅਤੇ ਉਸ ਦੇ ਸਾਥੀ ਰਤਨਬੀਰ ਸਿੰਘ ਵਜੋਂ ਪਛਾਣ ਕੀਤੀ ਗਈ ਸੀ, ਜਿਨ੍ਹਾਂ ਦੇ ਟਿਕਾਣਿਆਂ ਤੋਂ 10 ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਜਾਣ ਮਗਰੋਂ ਪਿਸਤੌਲਾਂ ਦੀ ਕੁੱਲ ਬਰਾਮਦਗੀ 27 ਤੱਕ ਪਹੁੰਚ ਗਈ ਹੈ।

ਵੇਰਵਿਆਂ ਦਾ ਖੁਲਾਸਾ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਜਸਕਰਨ ਸਿੰਘ ਅਤੇ ਰਤਨਬੀਰ ਸਿੰਘ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਉਨ੍ਹਾਂ ਦੇ ਸਾਥੀ ਸੁਰਿੰਦਰ ਨੇ ਪਾਕਿਸਤਾਨ ਤੋਂ ਡਰੋਨਾਂ ਦੀ ਮਦਦ ਨਾਲ ਹਥਿਆਰਾਂ/ਗੋਲਾ ਬਾਰੂਦ ਦੀ ਖੇਪ ਫੜੀ ਸੀ। ਇਨਪੁਟਸ ਦੇ ਬਾਅਦ ਪੁਲਿਸ ਨੇ ਸ਼ੁੱਕਰਵਾਰ ਨੂੰ ਸੁਰਿੰਦਰ ਨੂੰ ਗ੍ਰਿਫਤਾਰ ਕੀਤਾ ਅਤੇ ਉਸਦੇ ਕਬਜ਼ੇ ਵਿੱਚੋਂ 10 ਪਿਸਤੌਲਾਂ ਦੇ ਨਾਲ ਛੇ ਮੈਗਜ਼ੀਨਾਂ ਅਤੇ 100 ਜਿੰਦਾ ਕਾਰਤੂਸ ਬਰਾਮਦ ਕੀਤੇ।

ਉਨ੍ਹਾਂ ਦੱਸਿਆ ਕਿ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਸੁਰਿੰਦਰ ਜਸਕਰਨ ਸਿੰਘ ਦੇ ਨਿਰਦੇਸ਼ਾਂ 'ਤੇ ਰਤਨਬੀਰ ਤੋਂ ਖੇਪ ਚੁੱਕ ਕੇ ਦੋ ਭਰਾਵਾਂ ਹਰਚੰਦ ਅਤੇ ਗੁਰਸਾਹਿਬ ਤੱਕ ਪਹੁੰਚਾਉਂਦਾ ਸੀ, ਪੁਲਿਸ ਟੀਮਾਂ ਨੇ ਉਨ੍ਹਾਂ ਨੂੰ ਵੀ ਕਾਬੂ ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 7 ਪਿਸਤੌਲ, ਇਕ ਐੱਮ.ਪੀ.-4 ਰਾਈਫਲ ਅਤੇ 500 ਗ੍ਰਾਮ ਹੈਰੋਇਨ ਤੋਂ ਇਲਾਵਾ 1.01 ਕਰੋੜ ਰੁਪਏ ਦੀ ਨਕਦੀ, ਵਜ਼ਨ ਮਸ਼ੀਨ ਅਤੇ ਕਰੰਸੀ ਗਿਣਨ ਦੀਆਂ ਮਸ਼ੀਨਾਂ ਸਮੇਤ ਖੇਪ ਦਾ ਬਾਕੀ ਹਿੱਸਾ ਬਰਾਮਦ ਕੀਤਾ ਹੈ।

ਡੀਜੀਪੀ ਨੇ ਕਿਹਾ ਕਿ ਪਾਕਿਸਤਾਨ ਤੋਂ ਆਈਆਂ ਹੋਰ ਖੇਪਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ, ਜੋ ਕਿ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅਣਪਛਾਤੇ ਵਿਅਕਤੀਆਂ ਨੂੰ ਅੱਗੇ ਡਿਲੀਵਰੀ ਕਰਨ ਲਈ ਇਸ ਮੋਡਿਊਲ ਦੁਆਰਾ ਪ੍ਰਾਪਤ ਕੀਤੀ ਗਈ ਹੋ ਸਕਦੀ ਹੈ।

ਇਹ ਵੀ ਪੜ੍ਹੋ: 4-5 ਘੰਟੇ ਦੇ ਮੁਕਾਬਲੇ ਮਗਰੋਂ ਗੈਂਗਸਟਰ ਗ੍ਰਿਫ਼ਤਾਰ, ਗੋਲ਼ੀ ਲੱਗਣ ਨਾਲ ਹੋਇਆ ਜ਼ਖ਼ਮੀ

ਏਆਈਜੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਜਸਕਰਨ ਨੇ ਕਬੂਲ ਕੀਤਾ ਕਿ ਉਹ ਆਸਿਫ਼ ਨਾਂ ਦੇ ਪਾਕਿਸਤਾਨੀ ਤਸਕਰ ਦੇ ਸੰਪਰਕ ਵਿੱਚ ਸੀ, ਜੋ ਡਰੋਨ ਦੀ ਵਰਤੋਂ ਕਰਕੇ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪਹੁੰਚਾਉਂਦਾ ਸੀ ਅਤੇ ਰਤਨਬੀਰ ਉਨ੍ਹਾਂ ਨੂੰ ਉਸਦੇ ਨਿਰਦੇਸ਼ਾਂ 'ਤੇ ਬਰਾਮਦ ਕਰਦਾ ਸੀ।

ਇਸ ਦੌਰਾਨ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰਬਰ 30 ਮਿਤੀ 04.10.2022 ਨੂੰ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

-PTC News

Related Post