SGPC ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 9 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ 

By  Pardeep Singh October 18th 2022 04:20 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 9 ਨਵੰਬਰ ਨੂੰ ਹੋਵੇਗਾ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਜਨਰਲ ਇਜਲਾਸ ਦੁਪਹਿਰ 1 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤਿ੍ਰੰਗ ਕਮੇਟੀ ਮੈਂਬਰ ਚੁਣੇ ਜਾਣਗੇ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰ ਸਾਲ ਨਵੰਬਰ ਮਹੀਨੇ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਚੁਣੇ ਜਾਂਦੇ ਹਨ, ਜਿਸ ਤਹਿਤ ਇਸ ਵਾਰ 9 ਨਵੰਬਰ ਨੂੰ ਇਜਲਾਸ ਹੋਵੇਗਾ।
ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਹੁੰਦਿਆਂ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਪੰਥਕ ਮਰਯਾਦਾ ਅਨੁਸਾਰ ਕਰਨ ਦੇ ਨਾਲ-ਨਾਲ ਕੌਮੀ ਮਸਲਿਆਂ ਦੀ ਪੈਰਵਾਈ ਲਈ ਵੀ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ ਅਤੇ ਇਸ ਤਹਿਤ ਆਪਣੇ ਫ਼ਰਜ਼ ਬਾਖੂਬੀ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦਾ ਅਤਿ ਅਹਿਮ ਮਾਮਲਾ ਬੰਦੀ ਸਿੰਘਾਂ ਦੀ ਰਿਹਾਈ ਦਾ ਹੈ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਸੰਜੀਦਾ ਹੈ। ਇਸ ਸਬੰਧ ਵਿਚ ਸੀਨੀਅਰ ਵਕੀਲਾਂ ਦੀ ਇਕ ਪੰਜ ਮੈਂਬਰੀ ਕਮੇਟੀ ਗਠਤ ਕੀਤੀ ਗਈ ਹੈ, ਜੋ ਸਾਰੇ ਮਾਮਲੇ ਨੂੰ ਕਾਨੂੰਨੀ ਪੱਖ ਤੋਂ ਅੱਗੇ ਵਧਾਉਣ ਲਈ ਕਾਰਜ ਕਰੇਗੀ। ਇਸ ਦੇ ਨਾਲ ਹੀ ਸਿੱਖ ਵਿਦਵਾਨਾਂ ਅਤੇ ਸੀਨੀਅਰ ਵਕੀਲਾਂ ਦੀ ਬੈਠਕ ਵੀ ਜਲਦ ਸੱਦੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਵਿਰੁੱਧ ਵੀ ਵਿਦਵਾਨਾਂ ਅਤੇ ਵਕੀਲਾਂ ਦੀ ਬੈਠਕ ਵਿਚ ਵਿਚਾਰ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਅੰਦਰ ਬੀਤੇ ਕੱਲ੍ਹ ਨਜ਼ਰਸਾਨੀ ਪਟੀਸ਼ਨ ਦਰਜ਼ ਕਰ ਦਿੱਤੀ ਗਈ ਹੈ ਅਤੇ ਹਰਿਆਣਾ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਭਜਨ ਸਿੰਘ ਮਸਾਣਾਂ ਵੱਲੋਂ ਵੀ ਇਕ ਰੀਵਿਊ ਪਟੀਸ਼ਨ ਅੱਜ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ 27 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਦੇ ਸਮਾਗਮ ਕੀਤੇ ਜਾ ਰਹੇ ਹਨ, ਜਿਸ ਵਿਚ ਪੰਥਕ ਇਕੱਠ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਅਤੇ ਹਰਿਆਣਾ ਕਮੇਟੀ ਦਾ ਮਾਮਲਾ ਵੀ ਵਿਚਾਰਿਆ ਜਾਵੇਗਾ। ਇਸ ਇਕੱਠ ਵਿਚ ਵੱਧ ਤੋਂ ਵੱਧ ਜਥੇਬੰਦੀਆਂ ਅਤੇ ਪੰਥ ਦਰਦੀ ਸ਼ਾਮਲ ਹੋਣ ਤਾਂ ਜੋ ਅਗਲੇ ਪ੍ਰੋਗਰਾਮ ਐਲਾਨੇ ਜਾ ਸਕਣ।

Related Post