ਭਾਰਤ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂ ਕਾਲੀ ਸੂਚੀ ’ਚੋਂ ਹਟਾਉਣ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

By  Jashan A September 13th 2019 05:19 PM

ਭਾਰਤ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂ ਕਾਲੀ ਸੂਚੀ ’ਚੋਂ ਹਟਾਉਣ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਗਾਈ ਫੀਸ ਜਾਇਜ਼ ਨਹੀਂ- ਭਾਈ ਲੌਂਗੋਵਾਲ

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂ ਕਾਲੀ ਸੂਚੀ ਵਿੱਚੋਂ ਹਟਾਉਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਭਾਰਤ ਦੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦਾ ਸ਼ਲਾਘਾਯੋਗ ਫੈਸਲਾ ਹੈ, ਜਿਸ ਨਾਲ ਸਮੁੱਚੇ ਸਿੱਖ ਭਾਈਚਾਰੇ ਅੰਦਰ ਖ਼ੁਸ਼ੀ ਦੀ ਲਹਿਰ ਹੈ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਅਤੇ ਕੇਂਦਰ ਸਰਕਾਰ ਦੇ ਫੈਸਲੇ ਨਾਲ ਪ੍ਰਭਾਵਤ ਸਿੱਖਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦੇਸ਼ਾਂ ਵਿਚ ਲੰਮੇ ਸਮੇਂ ਤੋਂ ਰਹਿ ਰਹੇ ਸਿੱਖਾਂ ਨੂੰ ਆਪਣੇ ਦੇਸ਼ ਆਉਣ ਦਾ ਰਾਹ ਪੱਧਰਾ ਹੋ ਗਿਆ ਹੈ।

ਹੋਰ ਪੜ੍ਹੋ: ਜੇਤਲੀ ਸਾਹਿਬ ਭਾਰਤ ਦੀ ਉਦਾਰ ਅਤੇ ਸਹਿਣਸ਼ੀਲ ਭਾਵਨਾ ਦਾ ਪ੍ਰਤੀਕ ਸਨ: ਸੁਖਬੀਰ ਸਿੰਘ ਬਾਦਲ

ਭਾਈ ਲੌਂਗੋਵਾਲ ਨੇ ਆਖਿਆ ਕਿ ਕਾਲੀ ਸੂਚੀ ਵਿਚ ਸ਼ਾਮਲ ਸਿੱਖ ਆਪਣੇ ਪਰਿਵਾਰਾਂ ਨੂੰ ਮਿਲਣ ਤੋਂ ਵੀ ਵਾਂਝੇ ਰਹਿ ਸਨ। ਹੁਣ ਉਹ ਆਪਣੇ ਪਰਿਵਾਰਾਂ ਨੂੰ ਮਿਲ ਸਕਣਗੇ ਅਤੇ ਸਭ ਤੋਂ ਵੱਡੀ ਗੱਲ ਕਿ ਆਪਣੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਉਨ੍ਹਾਂ ਇਸ ਅਹਿਮ ਫੈਸਲੇ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਪਾਕਿਸਤਾਨ ਸਰਕਾਰ ਵੱਲੋਂ 20 ਡਾਲਰ ਦੀ ਲਗਾਈ ਜਾ ਰਹੀ ਫੀਸ ਮੁਆਫ਼ ਕਰਨ ਦੀ ਵੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਲੰਮੇ ਅਰਸੇ ਤੋਂ ਸਿੱਖਾਂ ਦੀਆਂ ਅਰਦਾਸਾਂ ਮਗਰੋਂ ਇਹ ਲਾਂਘਾ ਖੁੱਲ੍ਹਣ ਜਾ ਰਿਹਾ ਹੈ ਅਤੇ ਇਸ ’ਤੇ ਕਿਸੇ ਕਿਸਮ ਦੀ ਬੰਦਿਸ਼ ਨਹੀਂ ਹੋਣੀ ਚਾਹੀਦੀ।

ਸ਼ਰਧਾਲੂਆਂ ਨੂੰ ਬਿਨਾ ਕਿਸੇ ਫੀਸ ’ਤੇ ਆਪਣੇ ਪਾਵਨ ਅਸਥਾਨ ਦੇ ਦਰਸ਼ਨਾਂ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਗੁਰੂ ਘਰ ਅੰਦਰ ਸੰਗਤਾਂ ਫੀਸ ਦੇ ਕੇ ਨਹੀਂ ਜਾਂਦੀਆਂ। ਉਨ੍ਹਾਂ ਕਿਹਾ ਕਿ ਇਹ ਫੈਸਲਾ ਵਾਪਸ ਲਿਆ ਜਾਣਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਭਾਰਤ ਸਰਕਾਰ ਅਪੀਲ ਕੀਤੀ ਕਿ ਇਹ ਫੀਸ ਹਟਾਉਣ ਲਈ ਪਾਕਿਸਤਾਨ ਸਰਕਾਰ ਨੂੰ ਆਖਣ।

-PTC News

Related Post