ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਸਰਕਾਰ ਵੱਲੋਂ ਜੀਐਸਟੀ ਲਗਾਉਣਾ ਮੰਦਭਾਗਾ: ਰਮਦਾਸ

By  Jasmeet Singh August 1st 2022 09:35 PM -- Updated: August 1st 2022 09:36 PM

ਸ੍ਰੀ ਅੰਮ੍ਰਿਤਸਰ ਸਾਹਿਬ, 01 ਅਗਸਤ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ਨੂੰ ਭਾਰਤ ਸਰਕਾਰ ਵੱਲੋਂ ਜੀਐਸਟੀ ਦੇ ਘੇਰੇ ਵਿਚ ਲੈਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਫੈਸਲਾ ਬੇਹੱਦ ਨਿੰਦਣਯੋਗ ਹੈ ਅਤੇ ਸੰਗਤ ਵਿਰੋਧੀ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੁਨੀਆਂ ਭਰ ਤੋਂ ਰੋਜ਼ਾਨਾ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜਦੇ ਹਨ, ਜਿਨ੍ਹਾਂ ਦੇ ਠਹਿਰਣ ਲਈ ਸੰਸਥਾ ਵੱਲੋਂ ਪ੍ਰਬੰਧ ਕੀਤੇ ਜਾਂਦੇ ਹਨ। ਪਰ ਦੁੱਖ ਦੀ ਗੱਲ ਹੈ ਕਿ ਭਾਰਤ ਸਰਕਾਰ ਨੇ ਸਰਾਵਾਂ ’ਤੇ ਜੀਐਸਟੀ ਲਗਾ ਕੇ ਸੰਗਤ ’ਤੇ ਵਾਧੂ ਬੋਝ ਪਾ ਦਿੱਤਾ ਹੈ।

ਉਨ੍ਹਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤ ਵੱਲੋਂ ਚੜ੍ਹਾਈ ਜਾਂਦੀ ਭੇਂਟਾ ਨੂੰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਅਤੇ ਸੰਗਤਾਂ ਦੀ ਸਹੂਲਤ ਲਈ ਵਰਤਦੀ ਹੈ। ਇਸ ਤੋਂ ਇਲਾਵਾ ਸਮੇਂ-ਸਮੇਂ ’ਤੇ ਕੁਦਰਤੀ ਆਫ਼ਤਾਂ ਦੌਰਾਨ ਵੀ ਲੋਕ ਭਲਾਈ ਲਈ ਸੇਵਾਵਾਂ ਵਿਚ ਮੋਹਰੀ ਰਹਿੰਦੀ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰਾਂ ਵਿਚ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਤਿਆਰ ਕੀਤੀਆਂ ਸਰਾਵਾਂ ਵਪਾਰਕ ਨਹੀਂ ਹਨ, ਇਸ ਲਈ ਇਸ ’ਤੇ ਕਿਸੇ ਕਿਸਮ ਦਾ ਟੈਕਸ ਸਰਾਸਰ ਧੱਕਾ ਹੈ।

-PTC News

Related Post