ਨਗਰ ਕੀਰਤਨ ਨੂੰ ਸਫਲ ਕਰਨ ’ਚ ਸੰਤਾਂ, ਮਹਾਂਪੁਰਸ਼ਾਂ ਤੇ ਸੰਗਤਾਂ ਨੇ ਪਾਇਆ ਅਹਿਮ ਯੋਗਦਾਨ

By  Shanker Badra October 5th 2018 01:51 PM

ਨਗਰ ਕੀਰਤਨ ਨੂੰ ਸਫਲ ਕਰਨ ’ਚ ਸੰਤਾਂ, ਮਹਾਂਪੁਰਸ਼ਾਂ ਤੇ ਸੰਗਤਾਂ ਨੇ ਪਾਇਆ ਅਹਿਮ ਯੋਗਦਾਨ:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਕੋੜੀ ਵਾਲਾ ਘਾਟ ਲਖੀਮਪੁਰ ਖੀਰੀ ਉੱਤਰ ਪ੍ਰਦੇਸ਼ ਤੋਂ ਬੀਤੇ ਦਿਨੀਂ ਆਰੰਭ ਕੀਤਾ ਗਿਆ ਵਿਸ਼ਾਲ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਕਸਬਿਆਂ ਤੋਂ ਹੁੰਦਾ ਹੋਇਆ ਅੱਜ ਪੰਜਵੇਂ ਦਿਨ ਗੁਰਦੁਆਰਾ ਸ੍ਰੀ ਗੁਰੂ ਨਾਨਕ ਆਸ਼ਰਮ ਹਰਿਦੁਆਰ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ।ਦੱਸਣਯੋਗ ਹੈ ਕਿ ਅੱਜ ਨਗਰ ਕੀਰਤਨ ਦੀ ਆਰੰਭਤਾ ਸਮੇਂ ਉਦਾਸੀਨ ਤੇ ਨਿਰਮਲੇ ਸੰਪਰਦਾ ਦੇ ਪ੍ਰਮੁੱਖ ਮਹਾਂਪੁਰਖਾਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।ਇਸ ਤੋਂ ਇਲਾਵਾ ਨਗਰ ਕੀਰਤਨ ਵਿਚ ਵੱਡੀ ਗਿਣਤੀ ਸੰਗਤਾਂ ਨੇ ਵੀ ਗੁਰੂ-ਜਸ ਗਾਇਨ ਕਰਦਿਆਂ ਹਾਜ਼ਰੀ ਭਰੀ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਉਪਰੰਤ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕਰਕੇ ਨਗਰ ਕੀਰਤਨ ਨੂੰ ਆਪਣੇ ਅਗਲੇ ਪੜਾਅ ਸਹਾਰਨਪੁਰ (ਯੂ.ਪੀ.) ਵੱਲ ਰਵਾਨਾ ਕੀਤਾ।ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਆਸ਼ਰਮ ਹਰਿਦੁਆਰ ਵਿਖੇ ਆਯੋਜਿਤ ਕੀਤੇ ਗਏ ਗੁਰਮਤਿ ਸਮਾਗਮ ’ਚ ਇਕੱਤਰ ਹੋਈਆਂ ਇਲਾਕੇ ਦੀਆਂ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ।

ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਤੇ ਅੰਤ੍ਰਿੰਗ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਇਤਿਹਾਸਕ ਅਸਥਾਨਾਂ ਤੋਂ ਨਗਰ ਕੀਰਤਨਾਂ ਦੀ ਲੜੀ ਆਰੰਭ ਕੀਤੀ ਗਈ ਹੈ, ਜਿਸ ਤਹਿਤ ਇਸ ਪਹਿਲੇ ਨਗਰ ਕੀਰਤਨ ਨੂੰ ਵੱਖ-ਵੱਖ ਸੰਪਰਦਾਵਾਂ ਅਤੇ ਸੰਗਤਾਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਨਗਰ ਕੀਰਤਨ ਨੂੰ ਸਫਲ ਬਣਾਉਣ ਵਿਚ ਸੰਤਾਂ ਮਹਾਂਪੁਰਸ਼ਾਂ ਦਾ ਵਿਸ਼ੇਸ਼ ਯੋਗਦਾਨ ਹੈ, ਜਿਸ ਲਈ ਉਹ ਧੰਨਵਾਦ ਕਰਦੇ ਹਨ।ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਆਸ਼ਰਮ ਹਰਿਦੁਆਰ ਦੇ ਮੁੱਖ ਪ੍ਰਬੰਧਕ ਬਾਬਾ ਨਿਰਮਲ ਸਿੰਘ ਭੂਰੀਵਾਲੇ, ਬਾਬਾ ਗੁਰਦੀਦਾਰ ਸਿੰਘ ਭੂਰੀਵਾਲੇ, ਬਾਬਾ ਬਚਨ ਸਿੰਘ ਭੂਰੀਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲਿਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਅੰਤ੍ਰਿੰਗ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਰਾਮ ਸਿੰਘ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਸੁਖਵਿੰਦਰ ਸਿੰਘ ਐਮ.ਏ., ਗੁਰਿੰਦਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਪ੍ਰਮੁੱਖ ਅਧਿਕਾਰੀਆਂ ਅਤੇ ਨਗਰ ਕੀਰਤਨ ਵਿਚ ਸੇਵਾ ਕਰ ਰਹੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

-PTCNews

Related Post