ਗੁਰਮਤਿ ਪ੍ਰਚਾਰ ਲਹਿਰ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ

By  Joshi January 28th 2018 06:14 PM

Gurmat Parchar Lehar: ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਾਲਜ ਜਲਦ ਆਰੰਭ ਕੀਤਾ ਜਾਵੇਗਾ- ਭਾਈ ਲੌਂਗੋਵਾਲ

ਵੱਖ-ਵੱਖ ਬੁਲਾਰਿਆਂ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਸਮਰਥਨ ਦੇਣ ਦਾ ਭਰੋਸਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਪ੍ਰਚਾਰ ਲਹਿਰ ਤਹਿਤ ਹਫ਼ਤਾਵਾਰੀ ਸਮਾਗਮਾਂ ਦੀ ਸ਼ੁਰੂਆਤ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸੰਪਰਦਾਵਾਂ ਦੇ ਮੁਖੀ, ਕਾਰ ਸੇਵਾ ਵਾਲੇ ਮਹਾਂਪੁਰਸ਼, ਨਿਹੰਗ ਸਿੰਘ ਦਲਾਂ ਦੇ ਮੁਖੀ, ਵਿਦਿਅਕ ਸੰਸਥਾਵਾਂ ਦੇ ਮੁਖੀ ਅਤੇ ਹੋਰ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸੰਗਤਾਂ ਨੂੰ ਕਥਾ ਵਿਚਾਰਾਂ ਸਰਵਣ ਕਰਵਾਈਆਂ। ਇਸ ਤੋਂ ਇਲਾਵਾ ਪੰਥ ਪ੍ਰਸਿੱਧ ਢਾਡੀ ਜਥਿਆਂ ਨੇ ਵੀ ਹਾਜ਼ਰੀ ਭਰੀ।

Gurmat Parchar Lehar: ਗੁਰਮਤਿ ਪ੍ਰਚਾਰ ਲਹਿਰ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮਸਮਾਗਮ ਦੌਰਾਨ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਆਰੰਭ ਹੋਈ ਗੁਰਮਤਿ ਪ੍ਰਚਾਰ ਲਹਿਰ ਵਰਤਮਾਨ ਸਮੇਂ ਅੰਦਰ ਘਰ-ਘਰ ਤਕ ਪਹੁੰਚਾਉਣਾ ਹੋਰ ਵੀ ਜ਼ਰੂਰੀ ਹੈ ਕਿਉਂਕਿ ਮੌਜੂਦਾ ਸਮੇਂ ਅੰਦਰ ਵੀ ਅੰਧ-ਵਿਸ਼ਵਾਸ, ਕਰਮ-ਕਾਂਡ, ਵਹਿਮ-ਭਰਮ ਆਦਿ ਮੂੰਹ ਅੱਡੀ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਸਮਾਜਿਕ ਕੁਰੀਤੀਆਂ ਵਿੱਚੋਂ ਮਨੁੱਖਤਾ ਨੂੰ ਬਾਹਰ ਕੱਢਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੀ ਗੁਰਮਤਿ ਪ੍ਰਚਾਰ ਲਹਿਰ ਵਧੀਆ ਭੂਮਿਕਾ ਨਿਭਾਏਗੀ।

Gurmat Parchar Lehar: ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਹਰ ਸਿੱਖ ਨੂੰ ਪ੍ਰਚਾਰਕ ਬਣ ਕੇ ਗੁਰਮਤਿ ਪ੍ਰਚਾਰ ਲਹਿਰ ਦਾ ਹਿੱਸਾ ਬਣਨਾ ਪਵੇਗਾ, ਤਾਂ ਜੋ ਵਰਤਮਾਨ ਅਤੇ ਭਵਿੱਖ ਦੀਆਂ ਪੀੜ੍ਹੀਆਂ ਗੁਰਮਤਿ ਵਿਚ ਪ੍ਰਪੱਕ ਹੋ ਸਕਣ। ਉਨ੍ਹਾਂ ਨੌਜੁਆਨੀ ਨੂੰ ਸਿੱਖੀ ਸਰੂਪ ਵਿਚ ਕਾਇਮ ਰੱਖਣ ਲਈ ਸਮੂਹ ਸਿੱਖ ਜਥੇਬੰਦੀਆਂ, ਪ੍ਰਚਾਰਕਾਂ ਅਤੇ ਮਾਪਿਆਂ ਨੂੰ ਸੰਯੁਕਤ ਰੂਪ ਵਿਚ ਹੰਭਲਾ ਮਾਰਨ ਦੀ ਅਪੀਲ ਕੀਤੀ। ਆਪਣੇ ਸੰਬੋਧਨ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਕੀ ਵਡਾਲੀ ਵਿਖੇ ਬਣਾਏ ਗਏ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਾਲਜ ਨੂੰ ਇਸੇ ਸਾਲ ਚਲਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਦੀ ਪ੍ਰਚਾਰਕ ਸ਼੍ਰੇਣੀ ਵਿਚ ਬੀਬੀਆਂ ਦੀ ਸ਼ਮੂਲੀਅਤ ਵੀ ਜ਼ਰੂਰੀ ਹੈ ਅਤੇ ਇਸ ਸਬੰਧ ਵਿਚ ਵੀ ਸ਼੍ਰੋਮਣੀ ਕਮੇਟੀ ਵੱਲੋਂ ਸੰਜੀਦਾ ਯਤਨ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਆਪੋ-ਆਪਣੇ ਪਿੰਡਾਂ, ਨਗਰਾਂ ਤੇ ਸ਼ਹਿਰਾਂ ਅੰਦਰ ਗੁਰਮਤਿ ਪ੍ਰਚਾਰ ਦੇ ਪ੍ਰੋਗਰਾਮ ਉਲੀਕਣ ਅਤੇ ਗੁਰਮਤਿ ਪ੍ਰਚਾਰ ਲਹਿਰ ਲਈ ਵੱਧ ਤੋਂ ਵੱਧ ਸਹਿਯੋਗ ਦੇਣ।

Gurmat Parchar Lehar: ਗੁਰਮਤਿ ਪ੍ਰਚਾਰ ਲਹਿਰ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਪ੍ਰਚਾਰ ਅਤੇ ਲੋਕ-ਭਲਾਈ ਕਾਰਜਾਂ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ਵ ਭਰ ਵਿਚ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਦਾ ਹੀ ਮੋਹਰੀ ਰਹੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਨੌਜੁਆਨਾਂ ਅੰਦਰ ਦਸਤਾਰ ਸਜਾਉਣ ਦੇ ਰੁਝਾਨ ਨੂੰ ਪੈਦਾ ਕਰਨ ਲਈ ਸਿੱਖ ਸੰਸਥਾਵਾਂ ਨੂੰ ਪਹਿਲ ਦੇ ਆਧਾਰ 'ਤੇ ਹੰਭਲਾ ਮਾਰਨਾ ਚਾਹੀਦਾ ਹੈ।

ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂਵਾਲਾ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਵਿਚਾਰ ਸਾਂਝੇ ਕਰਦਿਆਂ ਸੰਗਤਾਂ ਨੂੰ ਨਸ਼ਿਆਂ ਤੇ ਵਿਕਾਰਾਂ ਤੋਂ ਬਚਣ ਲਈ ਗੁਰਬਾਣੀ ਦੇ ਬਚਨਾਂ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਬੁਲਾਰਿਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗੁਰਮਤਿ ਫ਼ਲਸਫ਼ੇ ਦੇ ਪ੍ਰਚਾਰ ਲਈ ਆਰੰਭੇ ਸਰਗਰਮ ਯਤਨਾਂ ਦੀ ਪ੍ਰਸ਼ੰਸਾ ਵੀ ਕੀਤੀ। ਸਮਾਗਮ ਦੌਰਾਨ ਸਟੇਜ ਦੇ ਸੇਵਾ ਸਿੱਖ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਨਿਭਾਈ।

—PTC News

Related Post