ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

By  Pardeep Singh February 21st 2022 02:44 PM

ਅੰਮ੍ਰਿਤਸਰ: ਸੰਨ 1921 ਵਿਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਰਾਜਪੁਰਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ।

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਉਨ੍ਹਾਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਨੂੰ ਅਖੌਤੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸਿੱਖ ਯੋਧਿਆਂ ਨੇ ਜਿਸ ਦ੍ਰਿੜ੍ਹਤਾ ਅਤੇ ਦਲ੍ਹੇਰੀ ਦਾ ਪ੍ਰਗਟਾਵਾ ਕੀਤਾ, ਉਹ ਸਿੱਖ ਕੌਮ ਨੂੰ ਸੰਗਠਤ ਕਰਨ ਵਿਚ ਮੀਲ-ਪੱਥਰ ਸਾਬਤ ਹੋਇਆ।

ਉਨ੍ਹਾਂ ਕਿਹਾ ਕਿ ਕੌਮ ਦੇ ਇਨ੍ਹਾਂ ਮਹਾਨ ਸ਼ਹੀਦਾਂ ਤੋਂ ਸੇਧ ਲੈ ਕੇ ਕੌਮੀ ਭਵਿੱਖ ਦੀਆਂ ਤਰਜ਼ੀਹਾਂ ਨਿਰਧਾਰਤ ਕਰਨੀਆਂ ਅੱਜ ਦੀ ਵੱਡੀ ਲੋੜ ਹੈ ਅਤੇ ਖ਼ਾਸਕਰ ਸਿੱਖ ਨੌਜੁਆਨੀ ਨੂੰ ਸਿੱਖੀ ਪ੍ਰਤੀ ਭਵਿੱਖੀ ਜ਼ੁੰਮੇਵਾਰੀਆਂ ਨਿਭਾਉਣ ਲਈ ਸਿੱਖ-ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਜ਼ਰੂਰੀ ਹੈ। ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ  ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ  ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਸੁਪਰਵਾਈਜ਼ਰ ਕਾਬਲ ਸਿੰਘ, ਕੁੰਨਣ ਸਿੰਘ ਆਦਿ ਮੌਜੂਦ ਸਨ।

-PTC News

Related Post