ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ

By  Shanker Badra September 15th 2021 04:16 PM

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਵਿਖੇ ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।

ਇਸ ਸਮਾਗਮ ਸਮੇਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭੱਟ ਸਾਹਿਬਾਨ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਹੋਣ ਕਰਕੇ ਸੰਗਤਾਂ ਉਨ੍ਹਾਂ ਦਾ ਬੇਹੱਦ ਸਤਿਕਾਰ ਕਰਦੀਆਂ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਦਰਜ਼ ਭੱਟ ਸਾਹਿਬਾਨ ਦੀ ਬਾਣੀ ਮਨੁੱਖ ਨੂੰ ਆਪਣੇ ਗੁਰੂ ਪ੍ਰਤੀ ਪ੍ਰੇਮ ਅਤੇ ਸਮਰਪਣ ਭਾਵ ਦ੍ਰਿੜ੍ਹ ਕਰਵਾਉਂਦੀ ਹੈ। ਸਮਾਗਮ ਸਮੇਂ ਭਾਟ ਯੂਥ ਵੈਲਫੇਅਰ ਫੈਡਰੇਸ਼ਨ ਪੰਜਾਬ, ਭੱਟ ਕੀਰਤ ਇੰਟਰਨੈਸ਼ਨਲ ਭਾਟ ਸਿੱਖ ਕਾਊਂਸਲ, ਨਿਊ ਇੰਟਰਨੈਸ਼ਨਲ ਭਾਟ ਸਿੱਖ ਕਾਊਂਸਲ ਯੂ.ਕੇ., ਭਾਟ ਸਿੱਖ ਏਕਤਾ ਸੇਵਾ ਸੁਸਾਇਟੀ ਯੂ.ਕੇ., ਇੰਟਰਨੈਸ਼ਨਲ ਭਾਟ ਸਿੱਖ ਕਮਿਊਨਟੀ ਟਰੱਸਟ ਯੂ.ਕੇ., ਭਾਟ ਸਿੱਖ ਸੰਗਠਨ ਮੁਹੱਲਾ ਕੋਟ ਬਾਬਾ ਦੀਪ ਸਿੰਘ ਆਦਿ ਸੰਸਥਾਵਾਂ ਨੇ ਵੀ ਹਾਜ਼ਰੀ ਭਰੀ।

ਇਸ ਦੌਰਾਨ ਭੱਟਾਂ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

-PTCNews

Related Post