ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

By  Riya Bawa July 9th 2022 12:15 PM

ਅੰਮ੍ਰਿਤਸਰ: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਪਾਵਨ ਹੁਕਮਨਾਮੇ ਮਗਰੋਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਮੀਰੀ ਪੀਰੀ ਦਿਹਾੜੇ ਦਾ ਇਤਿਹਾਸ ਸਾਂਝਾ ਕਰਦਿਆਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਕੀਤੀ।

Giani Harpreet Singh, latest news, Advocate Harjinder Singh Dhami, SGPC, Guru Hargobind Sahib ji

ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਕੌਮ ਅੰਦਰ ਇਹ ਸਿਧਾਂਤ ਭਗਤੀ ਅਤੇ ਸ਼ਕਤੀ ਦਾ ਸੁਮੇਲ ਹੈ, ਜਿਸ ਦਾ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਵੱਡਾ ਮਹੱਤਵ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਸਿੱਖ ਕੌਮ ਨੂੰ ਮੀਰੀ ਪੀਰੀ ਦੇ ਸਿਧਾਂਤ ਨਾਲ ਜੋੜ ਕੇ ਜੋ ਮਾਰਗ ਦਿਖਾਇਆ ਗਿਆ, ਉਹ ਅਧਿਆਤਮ ਨਾਲ ਜੁੜਨ ਦੇ ਨਾਲ-ਨਾਲ ਮਜਲੂਮਾਂ ਦੀ ਰੱਖਿਆ ਕਰਨ ਵਾਲਾ ਹੈ।

Giani Harpreet Singh, latest news, Advocate Harjinder Singh Dhami, SGPC, Guru Hargobind Sahib ji

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੀਰੀ ਪੀਰੀ ਦੀ ਅਵਾਜ਼ ਸਮੇਂ ਦੀ ਜਾਲਮ ਮੁਗਲ ਹਕੂਮਤ ਦੀ ਜੜ੍ਹਾਂ ਹਲਾਉਣ ਵਾਲੀ ਸਾਬਤ ਹੋਈ। ਇਸ ਨੇ ਸ਼ਕਤੀਸ਼ਾਲੀ ਅਤੇ ਨਿਰਦਈ ਹਕੂਮਤ ਦੇ ਜ਼ੁਲਮਾਂ ਦਾ ਮੁਕਾਬਲਾ ਕੀਤਾ, ਜਿਸ ਨਾਲ ਲੋਕਾਂ ਦੀ ਕਾਇਰਤਾ ਵਾਲੀ ਸੋਚ ਬਦਲੀ ਤੇ ਉਹ ਗੁਲਾਮ ਜੀਵਨ ਵਿੱਚੋਂ ਬਾਹਰ ਆਏ। ਇਹੋ ਕਾਰਨ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹਕੂਮਤਾਂ ਵੱਲੋਂ ਸਦਾ ਚੁਣੌਤੀ ਦਿੱਤੀ ਜਾਂਦੀ ਰਹੀ। ਉਨ੍ਹਾਂ ਸਿੱਖ ਕੌਮ ਨੂੰ ਗੁਰੂ ਸਾਹਿਬ ਦੇ ਇਸ ਮਾਨਮੱਤੇ ਸਿਧਾਂਤ ਨਾਲ ਜੁੜ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ ਅਤੇ ਆਪਣੀਆਂ ਰਵਾਇਤਾਂ ਤੇ ਪ੍ਰੰਪਰਾਵਾਂ ’ਤੇ ਪਹਿਰਾ ਦੇਣ ਲਈ ਆਖਿਆ।

Giani Harpreet Singh, latest news, Advocate Harjinder Singh Dhami,  SGPC, Guru Hargobind Sahib ji

ਇਹ ਵੀ ਪੜ੍ਹੋ: ਉੱਤਰਾਖੰਡ ਹਾਦਸਾ: ਢੇਲਾ ਨਦੀ 'ਚ ਰੂੜੀ ਕਾਰ, 9 ਦੀ ਮੌਤ, 1 ਨੂੰ ਬਚਾ ਲਿਆ ਗਿਆ

ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਇਤਿਹਾਸਕ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ ਗਏ। ਇਸ ਮੌਕੇ ਸਿੰਘ ਸਾਹਿਬਾਨ ਨੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ।

(ਮਨਿੰਦਰ ਸਿੰਘ ਮੋਂਗਾ ਦੀ ਰਿਪੋਰਟ)

-PTC News

Related Post