ਗੁਰੂ ਕੀ ਵਡਾਲੀ ਸਥਿਤ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਕਾਲਜ ਦਾ ਭਾਈ ਲੌਂਗੋਵਾਲ ਭਲਕੇ ਕਰਨਗੇ ਉਦਘਾਟਨ

By  Joshi July 22nd 2018 06:30 PM

ਗੁਰੂ ਕੀ ਵਡਾਲੀ ਸਥਿਤ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਕਾਲਜ ਦਾ ਭਾਈ ਲੌਂਗੋਵਾਲ ਭਲਕੇ ਕਰਨਗੇ ਉਦਘਾਟਨ

ਅੰਮ੍ਰਿਤਸਰ, 22 ਜੁਲਾਈ -

ਢਾਡੀ ਅਤੇ ਕਵੀਸ਼ਰੀ ਕਲਾ ਨੂੰ ਪ੍ਰਫੁੱਲਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਕੀ ਵਡਾਲੀ, ਛੇਹਰਟਾ ਸਾਹਿਬ ਵਿਖੇ ਸਥਾਪਤ ਕੀਤੇ ਗਏ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਗੁਰਮਤਿ ਮਿਸ਼ਨਰੀ ਕਾਲਜ ਦਾ ਉਦਘਾਟਨ ਭਲਕੇ 23 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਵਿਬੰਦ ਸਿੰਘ ਲੌਂਗੋਵਾਲ ਕਰਨਗੇ। ਇਸ ਸਬੰਧ ਵਿਚ ਅੱਜ ਕਾਲਜ ਵਿਖੇ ਪਹੁੰਚ ਕੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਸਮੇਤ ਹੋਰ ਅਧਿਕਾਰੀਆਂ ਨੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਢਾਡੀ ਅਤੇ ਕਵੀਸ਼ਰ ਤਿਆਰ ਕਰਨ ਲਈ ਸਿੱਖ ਕੌਮ ਦੇ ਮਹਾਨ ਢਾਡੀ ਅਤੇ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਦੇ ਨਾਂ ’ਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰੂ ਕੀ ਵਡਾਲੀ ਵਿਖੇ ਢਾਡੀ ਕਵੀਸ਼ਰ ਕਾਲਜ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਾਲਜ ਵਿਖੇ ਤਿਆਰ ਕੀਤੇ ਜਾਣ ਵਾਲੇ ਢਾਡੀ ਅਤੇ ਕਵੀਸ਼ਰਾਂ ਲਈ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਇਸ ਦਾ ਉਦਘਾਟਨ ਭਲਕੇ 23 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ, ਮੈਂਬਰ ਸਾਹਿਬਾਨ ਅਤੇ ਇਕਾਲੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਰਹਿਣਗੀਆਂ। ਉਦਘਾਟਨ ਸਮਾਰੋਹ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ. ਦਿਲਜੀਤ ਸਿੰਘ ਬੇਦੀ ਦੇ ਨਾਲ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਮੀਡੀਆ ਇੰਚਾਰਜ ਸ. ਹਰਭਜਨ ਸਿੰਘ ਵਕਤਾ, ਕਾਲਜ ਦੇ ਪ੍ਰਿੰਸੀਪਲ ਡਾ. ਜੋਗੇਸ਼ਵਰ ਸਿੰਘ, ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਹੈੱਡ ਗ੍ਰੰਥੀ ਭਾਈ ਹਰਦੀਪ ਸਿੰਘ ਸਮੇਤ ਹੋਰ ਮੌਜੂਦ ਸਨ।

Related Post