ਅਕਾਲੀ ਦਲ ਨੇ ਲਖੀਮਪੁਰ ਖੀਰੀ ਹਿੰਸਾ 'ਚ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਕੀਤੀ ਮੰਗ

By  Riya Bawa October 8th 2021 05:45 PM

ਲਖਨਊ : ਲਖੀਮਪੁਰ ਖੀਰੀ ਹਿੰਸਾ ਤੋਂ ਬਾਅਦ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਸਿਆਸੀ ਆਗੂਆਂ ਦਾ ਪਹੁੰਚਣਾ ਵੀ ਲਗਾਤਾਰ ਜਾਰੀ ਹੈ। ਇਸ ਦੌਰਾਨ ਅੱਜ ਲਖੀਮਪੁਰ ਖੇੜੀ ਵਿਚ ਵਾਪਰੀ ਹਿੰਸਾ ਦੇ ਮੱਦੇਨਜ਼ਰ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਲਖਨਊ ਪਹੁੰਚਿਆਂ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵੱਲੋਂ ਲਖੀਮਪੁਰ ਖੇੜੀ ਵਿਚ ਹਾਲ ਹੀ ਵਿਚ ਹੋਈ ਹਿੰਸਾ ਵਿਚ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਇਆ ਗਿਆ।

ਵਫਦ ਨੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਤੇ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਹੈ।

ਇਸ ਦੌਰਾਨ ਸਾਬਕਾ ਮੰਤਰੀ ਹਰਸਿਮਰਤ ਬਾਦਲ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਮ੍ਰਿਤਕ ਕਿਸਾਨ ਲਵਪ੍ਰੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ। ਸਾਬਕਾ ਮੰਤਰੀ ਹਰਸਿਮਰਤ ਬਾਦਲ ਨੇ ਕਿਹਾ, ‘ਅਸੀਂ (ਕੇਂਦਰੀ ਗ੍ਰਹਿ ਰਾਜ) ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਨ ਤੇ ਲਖੀਮਪੁਰ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਨਿਆਂ ਦਿਵਾਉਣ ਲਈ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰਦੇ ਹਾਂ।’

ਉਨ੍ਹਾਂ ਲਿਖਿਆ, "ਮ੍ਰਿਤਕ ਕਿਸਾਨ ਲਵਪ੍ਰੀਤ ਸਿੰਘ ਦੇ ਪਰਿਵਾਰ ਨਾਲ ਉਨ੍ਹਾਂ ਦੇ ਘਰ ਲਖੀਮਪੁਰ ਖੀਰੀ ਦੇ ਪਿੰਡ ਚੌਖੜਾ ਵਿਖੇ ਮੁਲਾਕਾਤ ਕੀਤੀ। ਨੁਕਸਾਨ ਅਤੇ ਦਰਦ ਦੀ ਭਾਵਨਾ ਜੋ ਉਹ ਅਨੁਭਵ ਕਰ ਰਹੇ ਹਨ ਉਹ ਦਿਲ ਨੂੰ ਝੰਜੋੜਨ ਵਾਲੀ ਹੈ। ਉਨ੍ਹਾਂ ਨਾਲ ਦੁੱਖ ਸਾਂਝੇ ਕਰਦਿਆਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਅਸੀਂ ਇਸ ਲੜਾਈ ਵਿੱਚ ਇਕੱਠੇ ਹਾਂ।"

ਦੱਸ ਦੇਈਏ ਕਿ ਲਖੀਮਪੁਰ ਖਿਰੀ ਹਿੰਸਾ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਤੋਂ ਸੰਤੁਸ਼ਟ ਨਹੀਂ ਹੈ।ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਦੁਸਹਿਰੇ ਦੀਆਂ ਛੁੱਟੀਆਂ ਤੋਂ ਬਾਅਦ ਹੋਵੇਗੀ।

Lakhimpur Kheri violence: Harsimrat Kaur Badal demands arrest of Ashish Mishra

ਗੌਰਤਲਬ ਹੈ ਕਿ ਐਤਵਾਰ ਨੂੰ ਲਖੀਮਪੁਰ ਖੇੜੀ ਵਿਚ ਗੱਡੀਆਂ ਦੇ ਕਾਫਿਲੇ ਨਾਲ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ ਤੇ ਇਸ ਤੋਂ ਬਾਅਦ ਹੋਈ ਹਿੰਸਾ ਵਿਚ ਚਾਰ ਹੋਰ ਲੋਕ ਮਾਰੇ ਗਏ ਸਨ, ਉਦੋਂ ਤੋਂ ਲੈ ਕੇ ਅੱਜ ਤਕ ਇਸ 'ਤੇ ਸਿਆਸੀ ਘਮਾਸਾਨ ਮਚਿਆ ਹੋਇਆ ਹੈ। ਇਕ ਤੋਂ ਬਾਅਦ ਇਕ ਵਿਰੋਧੀ ਪਾਰਟੀਆਂ ਦੇ ਆਗੂ ਪੀੜਤ ਪਰਿਵਾਰ ਨੂੰ ਮਿਲਣ ਲਈ ਲਖੀਮਪੁਰ ਪਹੁੰਚ ਰਹੇ ਹਨ। ਇਸ ਮਾਮਲੇ ਵਿੱਚ, ਸੁਪਰੀਮ ਕੋਰਟ ਦੀ ਸਖਤੀ ਤੋਂ ਬਾਅਦ, 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

-PTC News

Related Post