ਹਰਿਆਣਾ : ਕੈਥਲ ਦੇ ਪਿੰਡ ਪਹਾੜਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ SGPC ਨੇ ਲਿਆ ਨੋਟਿਸ

By  Shanker Badra June 11th 2021 05:26 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰਿਆਣਾ ਵਿਚ ਕੈਥਲ ਦੇ ਪਿੰਡ ਪਹਾੜਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀ ਵਿਅਕਤੀ ਵਿਰੁੱਧ ਕਰਵਾਈ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਵਾਪਰ ਰਹੀਆਂ ਹਨ ਅਤੇ ਦੁੱਖ ਦੀ ਗੱਲ ਹੈ ਕਿ ਦੋਸ਼ੀ ਫੜ੍ਹੇ ਜਾਣ ਦੇ ਬਾਵਜੂਦ ਵੀ ਉਨ੍ਹਾਂ ’ਤੇ ਕੋਈ ਠੋਸ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵਿਚ ਹਰਿਆਣਾ ਦੇ ਕੈਥਲ ਜ਼ਿਲ੍ਹੇ ਅੰਦਰ ਪੈਂਦੇ ਪਿੰਡ ਪਹਾੜਪੁਰ ਵਿਚ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਹਰਿਆਣਾ ਰਾਹੀਂ ਦੋਸ਼ੀ ਵਿਅਕਤੀ ਮੁਖਤਿਆਰ ਰਾਮ ਖਿਲਾਫ਼ ਪਰਚਾ ਦਰਜ ਕਰਵਾਇਆ ਗਿਆ ਹੈ ਅਤੇ ਇਸ ਤੋਂ ਇਲਾਵਾ ਸਿੱਖ ਮਿਸ਼ਨ ਦੇ ਪ੍ਰਚਾਰਕਾਂ ਨੇ ਮੌਕੇ ’ਤੇ ਜਾ ਕੇ ਰਿਪੋਰਟ ਭੇਜੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਦੋਸ਼ੀ ਤੋਂ ਪੁਛਗਿਛ ਕਰਨ ਲਈ ਪੁਲਿਸ ਪ੍ਰਸਾਸ਼ਨ ਨੂੰ ਸਖ਼ਤੀ ਨਾਲ ਪੇਸ਼ ਆਉਣਾ ਚਾਹੀਦਾ ਹੈ, ਤਾਂ ਜੋ ਇਸ ਘਟਨਾ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਦੀ ਪਛਾਣ ਹੋ ਸਕੇ।

ਇਸੇ ਦੌਰਾਨ ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਮੰਗਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਘਟਨਾ ਸਥਾਨ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਨਵਨੀਤ ਸਿੰਘ ਦੀ ਅਗਵਾਈ ਵਿਚ ਟੀਮ ਭੇਜੀ ਗਈ ਸੀ, ਜਿਸ ਨੇ ਆਪਣੀ ਰਿਪੋਰਟ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਵਿਅਕਤੀ ਖਿਲਾਫ਼ ਕੈਥਲ ਦੇ ਸਿਵਾਨ ਪੁਲਿਸ ਥਾਣੇ ਵਿਚ ਮਾਮਲਾ ਦਰਜ਼ ਕਰਵਾਇਆ ਗਿਆ ਹੈ, ਤਾਂ ਜੋ ਉਸ ਵਿਰੁੱਧ ਕਾਰਵਾਈ ਕੀਤੀ ਜਾ ਸਕੇ।

-PTCNews

Related Post