ਸੁਖਪਾਲ ਖਹਿਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਮਾਮਲੇ 'ਚ ਹਾਈਕੋਰਟ ਵਲੋਂ ਸਪੀਕਰ ਨੂੰ ਨੋਟਿਸ ਜਾਰੀ

By  Shanker Badra March 18th 2020 04:42 PM

ਸੁਖਪਾਲ ਖਹਿਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਮਾਮਲੇ 'ਚ ਹਾਈਕੋਰਟ ਵਲੋਂ ਸਪੀਕਰ ਨੂੰ ਨੋਟਿਸ ਜਾਰੀ:ਚੰਡੀਗੜ੍ਹ : ਆਮ ਆਦਮੀ ਪਾਰਟੀ ਨਾਲੋਂ ਵੱਖ ਹੋਏ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵਿਧਾਨ ਸਭਾ ਮੈਂਬਰੀ ਖਤਮ ਕਰਨ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਖਹਿਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ 14 ਅਪ੍ਰੈਲ ਤੱਕ ਇਸ ਦਾ ਜਵਾਬ ਮੰਗਿਆ ਹੈ।

ਸੁਖਪਾਲ ਖਹਿਰਾ ਦੀ ਮੈਂਬਰਸ਼ਿਪ ਰੱਦ ਕਰਨ ਦੇ ਫ਼ੈਸਲੇ ਸਬੰਧੀ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਭਰੋਸਾ ਦੁਆਇਆ ਸੀ ਕਿ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਸਬੰਧੀ ਸਪੀਕਰ ਵਲੋਂ ਪਟੀਸ਼ਨ 'ਤੇ ਫੈਸਲਾ ਲੈਣ ਦੀਆਂ ਸ਼ਕਤੀਆਂ ਦੇ ਇਸਤੇਮਾਲ ਕਰਨ ਲਈ ਨਿਯਮ ਬਣਾਉਣ ਲਈ ਵਿਧਾਨ ਸਭਾ ਸੈਸ਼ਨ 'ਚ ਮਤਾ ਲਿਆਂਦਾ ਜਾਵੇਗਾ। ਜਦੋਂ ਸਰਕਾਰ ਕੋਈ ਜਵਾਬ ਨਹੀਂ ਦੇ ਸਕੀ ਤਾਂ ਇਸ ਤੋਂ ਬਾਅਦ ਹਾਈਕੋਰਟ ਨੇ ਸਪੀਕਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।

ਦੱਸ ਦੇਈਏ ਕਿ ਸੁਖਪਾਲ ਖਹਿਰਾ ਅਤੇ ਮਾਸਟਰ ਬਲਦੇਵ ਸਿੰਘ ਨੇ ਆਪਣਾ ਅਸਤੀਫਾ ਸਪੀਕਰ ਨੂੰ ਭੇਜਿਆ ਸੀ ਪਰ ਸੁਖਪਾਲ ਖਹਿਰਾ ਅਤੇ ਮਾਸਟਰ ਬਲਦੇਵ ਸਿੰਘ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਸੀ। ਇਸ ਤੋਂ ਬਾਅਦ ਅਕਾਲੀ ਦਲ ਨੇ ਆਪ ਦੇ 4 ਵਿਧਾਇਕਾਂ ਦੀ ਮੈਂਬਰਸ਼ਿੱਪ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਚਿੱਠੀ ਲਿਖੀ ਸੀ ਅਤੇ ਕਿਹਾ ਸੀ ਕਿ ਸਪੀਕਰ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਫੈਸਲਾ ਲੈਣਾ ਚਾਹੀਦਾ ਹੈ ਅਤੇ ਚਾਰੇ ਵਿਧਾਇਕਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।

ਜ਼ਿਕਰਯੋਗ ਹੈ ਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪ ਦੇ 4 ਵਿਧਾਇਕਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ। ਜਿਸ ਤੋਂ ਬਾਅਦ ਵਿਧਾਇਕ ਅਮਰਜੀਤ ਸੰਦੋਆ ਅਤੇ ਨਾਜ਼ਰ ਮਾਨਸ਼ਾਹੀਆ ਕਾਂਗਰਸ 'ਚ ਸ਼ਾਮਲ ਹੋ ਗਏ ਸਨ, ਜਦਕਿ ਸੁਖਪਾਲ ਖਹਿਰਾ ਨੇ ਬਠਿੰਡਾ ਅਤੇ ਮਾਸਟਰ ਬਲਦੇਵ ਸਿੰਘ ਨੇ ਫਰੀਦਕੋਟ ਤੋਂ ਪੰਜਾਬ ਏਕਟਾ ਪਾਰਟੀ ਦੀ ਟਿਕਟ 'ਤੇ ਲੋਕ ਸਭਾ ਚੋਣ ਲੜੀ ਸੀ। ਜਿਸ ਵਿਚ ਉਨ੍ਹਾਂ ਨੂੰ ਵੱਡੀ ਹਾਰ ਦਾ ਮੂੰਹ ਦੇਖਣਾ ਪਿਆ ਸੀ।

-PTCNews

Related Post