ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਵਿਭਾਗ ਵਿੱਚ ਵੱਡੇ ਪ੍ਰਸ਼ਾਸਨਿਕ ਸੁਧਾਰਾਂ ਲਈ ਰੂਪ-ਰੇਖਾ ਤਿਆਰ ਕਰਨ ਲਈ ਕਿਹਾ

By  Jasmeet Singh July 15th 2022 12:12 PM -- Updated: July 15th 2022 12:15 PM

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਸ਼ਹਿਰਾਂ ਦੇ ਵਸਨੀਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵੱਡੇ ਸ਼ਹਿਰਾਂ ਦੀ ਵਿਕਾਸ ਅਥਾਰਟੀ ਨਾਲ ਵਿਸਥਾਰਤ ਮੀਟਿੰਗਾਂ ਕਰਨ ਦੇ ਹਿੱਸੇ ਵਜੋਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਪੁੱਡਾ, ਅੰਮ੍ਰਿਤਸਰ ਵਿਕਾਸ ਅਥਾਰਟੀ ਅਤੇ ਜਲੰਧਰ ਵਿਕਾਸ ਅਥਾਰਟੀ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ।

ਰਾਜ ਦੇ ਵਸਨੀਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਏਜੰਡੇ ਨੂੰ ਅੱਗੇ ਵਧਾਉਂਦੇ ਹੋਏ ਅਰੋੜਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਧਿਕਾਰਤ/ਰਜਿਸਟਰਡ ਕਲੋਨੀਆਂ ਦੇ ਵਸਨੀਕਾਂ ਨੂੰ ਕਾਨੂੰਨ ਅਨੁਸਾਰ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਕੋਈ ਵੀ ਸ਼ਹਿਰ ਵਾਸੀ ਕਿਸੇ ਵੀ ਸੇਵਾ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸ਼ਹਿਰੀ ਵਿਕਾਸ ਲਈ ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਅਮਲੀਜਾਮਾ ਪਹਿਨਾਉਣ ਲਈ ਵਿਆਪਕ ਨਕਸ਼ਾ ਤਿਆਰ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਸ਼ਹਿਰ ਦੇਸ਼ ਭਰ ਵਿੱਚ ਮਾਡਲ ਸ਼ਹਿਰਾਂ ਵਜੋਂ ਸਾਹਮਣੇ ਆਉਣ।

ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਅੰਮ੍ਰਿਤਸਰ ਵਿੱਚ ਰਜਿਸਟਰਡ ਕਲੋਨੀਆਂ ਦੀ ਰਜਿਸਟਰੀ ਬੰਦ ਪਈ ਹੈ, ਜਿਸ ’ਤੇ ਉਨ੍ਹਾਂ ਨੇ ਉਦਾਰਵਾਦੀ ਪਹੁੰਚ ਅਪਣਾਉਂਦੇ ਹੋਏ ਰਜਿਸਟਰੀ ਖੋਲ੍ਹਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਕਿਸੇ ਵੀ ਅਣਅਧਿਕਾਰਤ ਕਲੋਨੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਰੋੜਾ ਨੇ ਪੁੱਡਾ ਅਤੇ ਕਲੱਸਟਰ ਡਿਵੈਲਪਮੈਂਟ ਅਥਾਰਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਸ਼ਹਿਰ ਵਾਸੀ ਨੂੰ ਕਿਸੇ ਵੀ ਤਰ੍ਹਾਂ ਨਾਲ ਪ੍ਰੇਸ਼ਾਨ ਨਾ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਉਹ ਸਾਰੇ ਵੱਡੇ ਸ਼ਹਿਰਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਮੌਕੇ 'ਤੇ ਹੀ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦੇਣਗੇ।

ਮੀਟਿੰਗ ਵਿੱਚ ਵਿਭਾਗ ਦੇ ਪ੍ਰਮੁੱਖ ਸਕੱਤਰ ਏ.ਕੇ. ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ ਅਤੇ ਟਾਊਨ ਐਂਡ ਕੰਟਰੀ ਪਲਾਨਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਥਿੰਦ, ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਵਧੀਕ ਮੁੱਖ ਪ੍ਰਸ਼ਾਸਕ ਲਵਜੀਤ ਕਲਸੀ ਅਤੇ ਜਲੰਧਰ ਵਿਕਾਸ ਅਥਾਰਟੀ ਦੇ ਵਧੀਕ ਮੁੱਖ ਪ੍ਰਸ਼ਾਸਕ ਜਸਬੀਰ ਸਿੰਘ ਵੀ ਹਾਜ਼ਰ ਸਨ।

-PTC News

Related Post