ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਲਈ 1500 ਦੀ ਸਮਰੱਥਾ ਵਾਲੇ ਦੋ ਪਹੀਆ ਵਾਹਨ ਸਟੈਂਡ ਦਾ ਉਦਘਾਟਨ

By  Riya Bawa April 11th 2022 03:26 PM

ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਦੇ ਦੋ ਪਹੀਆ ਵਾਹਨ ਲਗਾਉਣ ਲਈ ਨਵੇਂ ਤਿਆਰ ਕੀਤੇ ਗਏ ਸਟੈਂਡ ਦਾ ਉਦਘਾਟਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਰਦਾਸ ਉਪਰੰਤ ਕੀਤਾ। ਇਹ ਸਟੈਂਡ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਸਾਹਮਣੇ ਤਿਆਰ ਕੀਤਾ ਗਿਆ ਹੈ, ਜਿਸ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਕੀਤੀ ਗਈ ਹੈ। ਇਹ ਸਾਈਕਲ/ਸਕੂਟਰ ਸਟੈਂਡ ਜ਼ਮੀਨਦੋਜ਼ ਇਮਾਰਤ ਵਿਚ ਤਿਆਰ ਕੀਤਾ ਗਿਆ ਹੈ। ਉਦਘਾਟਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨਿਰੰਤਰ ਕਾਰਜਸ਼ੀਲ ਹੈ ਅਤੇ ਇਸੇ ਤਹਿਤ ਹੀ ਵੱਡੀ ਸਮਰੱਥਾ ਵਾਲਾ ਦੋ ਪਹੀਆ ਵਾਹਨ ਸਟੈਂਡ ਤਿਆਰ ਕੀਤਾ ਗਿਆ ਹੈ।

Sangat, Sachkhand Sri Harmandir Sahib, Punjabi news, Advocate Dhami, Amritsar

ਉਨ੍ਹਾਂ ਦੱਸਿਆ ਕਿ ਇਸ ਦਾ ਖੇਤਰਫਲ 20 ਹਜ਼ਾਰ ਵਰਗ ਫੁੱਟ ਦੇ ਕਰੀਬ ਹੈ ਅਤੇ ਇਸ ਵਿਚ 1200 ਤੋਂ 1500 ਵਾਹਨ ਲਗਾਉਣ ਦੀ ਸਮਰੱਥਾ ਹੈ। ਉਨ੍ਹਾਂ ਕਾਰਸੇਵਾ ਭੂਰੀਵਾਲੇ ਮਹਾਂਪੁਰਖਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਇਕ ਸਵਾਲ ਦੇ ਜਵਾਬ ਵਿਚ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਵਿਰਾਸਤੀ ਮਾਰਗ ਵੱਲ ਸਰਕਾਰਾਂ ਦੀ ਅਣਦੇਖੀ ਚੰਗੀ ਨਹੀਂ ਹੈ ਅਤੇ ਜੇਕਰ ਸਰਕਾਰ ਇਸ ਦੀ ਸਾਂਭ-ਸੰਭਾਲ ਨਹੀਂ ਕਰ ਸਕਦੀ ਤਾਂ ਉਹ ਇਸ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਸੌਂਪ ਦੇਵੇ।

harjinder singh dhami

ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਤਾਂ ਇਸ ਪਾਸੇ ਬਿਲਕੁਲ ਹੀ ਉਦਾਸੀਨਤਾ ਅਪਨਾਈ ਰੱਖੀ ਹੈ ਅਤੇ ਮੌਜੂਦਾ ਸਰਕਾਰ ਨੂੰ ਅਪੀਲ ਹੈ ਕਿ ਉਹ ਇਸ ਪਾਸੇ ਧਿਆਨ ਦੇਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਦੀ ਮੌਜੂਦਾ ਸਰਕਾਰ ਸੁਲਤਾਨਵਿੰਡ ਗੇਟ ਅਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਾਲੇ ਪਾਸਿਓਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤਿਆਂ ਨੂੰ ਖੁੱਲ੍ਹਾ ਕਰਵਾਏ ਅਤੇ ਸਿੱਖ ਵਿਰਾਸਤੀ ਦਿੱਖ ਦੇਵੇ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਲਈ 1500 ਦੀ ਸਮਰੱਥਾ ਵਾਲੇ ਦੋ ਪਹੀਆ ਵਾਹਨ ਸਟੈਂਡ ਦਾ ਉਦਘਾਟਨ

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਬੰਡਾਲਾ, ਸਰਵਣ ਸਿੰਘ ਕੁਲਾਰ, ਜਰਨੈਲ ਸਿੰਘ ਡੋਗਰਾਂਵਾਲਾ, ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ,  ਭਗਵੰਤ ਸਿੰਘ ਸਿਆਲਕਾ ਆਦਿ ਮੌਜੂਦ ਸਨ।

-PTC News

Related Post