ਅੰਤਰਰਾਸ਼ਟਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਤੋਂ ਅਗਲੇ ਪੜਾਅ ਲਈ ਰਵਾਨਾ

By  Jashan A October 26th 2019 04:49 PM

ਅੰਤਰਰਾਸ਼ਟਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਤੋਂ ਅਗਲੇ ਪੜਾਅ ਲਈ ਰਵਾਨਾ,ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਲੁਧਿਆਣਾ ਤੋਂ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਲਈ ਰਵਾਨਾ ਹੋਇਆ।

ਖ਼ਾਲਸਈ ਜੈਕਾਰਿਆਂ ਅਤੇ ਨਗਾਰਿਆਂ ਦੀ ਗੂੰਜ ਵਿਚ ਇਥੋਂ ਨਗਰ ਕੀਰਤਨ ਦੀ ਰਵਾਨਗੀ ਹੋਈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਪੁੱਜੀਆਂ ਹੋਈਆਂ ਸਨ। ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਗਏ ਅਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਪ੍ਰਗਟਾਈ ਗਈ। ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਨਗਰ ਕੀਰਤਨ ਦੇ ਸਵਾਗਤ ਲਈ ਸ਼ਮੂਲੀਅਤ ਕੀਤੀ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਚਰਨ ਸਿੰਘ ਆਲਮਗੀਰ, ਰਘਬੀਰ ਸਿੰਘ ਸਹਾਰਨਮਾਜਰਾ, ਸਾਬਕਾ ਮੰਤਰੀ ਜਗਜੀਤ ਸਿੰਘ ਗਰਚਾ, ਹਰਪ੍ਰੀਤ ਸਿੰਘ ਗਰਚਾ, ਬਾਬਾ ਭੁਪਿੰਦਰ ਸਿੰਘ ਭਿੰਦਾ, ਮੈਨੇਜਰ ਰੇਸ਼ਮ ਸਿੰਘ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮਨਜੀਤ ਸਿੰਘ ਕਾਦੀਆਂ, ਭੁਪਿੰਦਰ ਸਿੰਘ, ਜਗਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

ਇਸੇ ਦੌਰਾਨ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਦੇ ਕੀਰਤਨੀਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਦੌਰਾਨ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੇ ਉਪਦੇਸ਼ਾਂ ਨਾਲ ਜੋੜਿਆ। ਇਸ ਮੌਕੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀਆਂ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸ਼ੀਅਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

-PTC News

Related Post