ਅੰਤਰਰਾਸ਼ਟਰੀ ਨਗਰ ਕੀਰਤਨ ਤਖ਼ਤੂਪੁਰਾ ਮੋਗਾ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਅੱਗੇ ਰਵਾਨਾ

By  Jashan A October 28th 2019 02:07 PM

ਅੰਤਰਰਾਸ਼ਟਰੀ ਨਗਰ ਕੀਰਤਨ ਤਖ਼ਤੂਪੁਰਾ ਮੋਗਾ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਅੱਗੇ ਰਵਾਨਾ,ਅੰਮ੍ਰਿਤਸਰ:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕਸਰ ਤਖ਼ਤੂਪੁਰਾ ਮੋਗਾ ਤੋਂ ਰਾਮਪੁਰਾ ਫੂਲ ਲਈ ਖ਼ਾਲਸਈ ਜਾਹੋ ਜਲਾਲ ਨਾਲ ਰਵਾਨਾ ਹੋਇਆ। ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨੇ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਨਗਰ ਕੀਰਤਨ ਦੇ ਮੁੱਖ ਪ੍ਰਬੰਧਕ ਜਥੇਦਾਰ ਤੋਤਾ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮੇਲ ਸਿੰਘ ਸੰਗਤਪੁਰਾ ਵੀ ਮੌਜੂਦ ਸਨ, ਜਿਨ੍ਹਾਂ ਨੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕਰਕੇ ਸਨਮਾਨ ਦਿੱਤਾ। ਇਸ ਤੋਂ ਪਹਿਲਾਂ ਗੁਰੂ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਤਾ ਅਤੇ ਕਥਾ ਵਿਚਾਰਾਂ ਵੀ ਹੋਈਆਂ।

ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਨਗਰ ਕੀਰਤਨ ਦਾ ਸਵਾਗਤ ਕਰਨ ਲਈ ਥਾਂ-ਥਾਂ ’ਤੇ ਸੰਗਤਾਂ ਵੱਲੋਂ ਦਿਖਾਇਆ ਜਾ ਰਿਹਾ ਉਤਸ਼ਾਹ ਆਪਣੇ ਆਪ ਵਿਚ ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਇਹ ਇਕ ਬੇਹੱਦ ਖ਼ਾਸ ਮੌਕਾ ਹੈ, ਕਿਉਂਕਿ ਦੇਸ਼ ਵੰਡ ਮਗਰੋਂ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਤੋਂ ਨਗਰ ਕੀਰਤਨ ਆਰੰਭ ਹੋ ਕੇ ਭਾਰਤ ਦੀ ਧਰਤੀ ’ਤੇ ਪੁੱਜਾ ਹੈ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੇ ਵੱਖ-ਵੱਖ ਹਿੱਸਿਆ ਵਿਚ ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਨੇ ਅਥਾਹ ਸ਼ਰਧਾ ਪ੍ਰਗਟਾਈ ਹੈ, ਇਸੇ ਤਰ੍ਹਾਂ 5 ਨਵੰਬਰ ਨੂੰ ਗੁਰਦੁਆਰਾ ਸ੍ਰ ਬੇਰ ਸਾਹਿਬ ਸੁੁਲਤਾਨਪੁਰ ਲੋਧੀ ਵਿਖੇ ਨਗਰ ਕੀਰਤਨ ਦੀ ਸੰਪੂਰਨਤਾ ਮੌਕੇ ਸਮੁੱਚਾ ਪੰਥ ਜੁੜੇਗਾ।ਨਗਰ ਕੀਰਤਨ ਦੀ ਸੰਪੂਰਨਤਾ ਸਬੰਧੀ ਵੱਡੀ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ।

ਦੱਸਣਯੋਗ ਹੈ ਕਿ ਬੀਤੇ ਕੱਲ੍ਹ ਨਗਰ ਕੀਰਤਨ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏ ਕੋਟ ਤੋਂ ਚੱਲ ਕੇ ਗੁਰੂ ਨਾਨਕਸਰ ਤਖ਼ਤੂਪਰਾ ਮੋਗਾ ਵਿਖੇ ਪੁੱਜਾ ਸੀ। ਇਸ ਦੌਰਾਨ ਸੰਗਤ ਨੇ ਥਾਂ-ਥਾਂ ’ਤੇ ਭਰਵਾਂ ਸਵਾਗਤ ਕੀਤਾ ਅਤੇ ਸ਼ਰਧਾ ਨਾਲ ਲੰਗਰ ਲਗਾ ਕੇ ਸੇਵਾ ਵੀ ਕੀਤੀ।

ਬੀਤੇ ਕੱਲ੍ਹ ਨਗਰ ਕੀਰਤਨ ਨਾਲ ਅੰਤ੍ਰਿੰਗ ਮੈਂਬਰ ਜਗਜੀਤ ਸਿੰਘ ਤਲਵੰਡੀ, ਭਾਈ ਗੁਰਚਰਨ ਸਿੰਘ ਗਰੇਵਾਲ, ਹਰਸੁਰਿੰਦਰ ਸਿੰਘ ਗਿੱਲ, ਗੁਰਮੇਲ ਸਿੰਘ ਸੰਗਤਪੁਰਾ, ਬਲਵਿੰਦਰ ਸਿੰਘ ਕਾਹਲਵਾਂ, ਮਨਜੀਤ ਸਿੰਘ ਕਾਦੀਆਂ,ਦਰਸ਼ਨ ਸਿੰਘ, ਜਗਤਾਰ ਸਿੰਘ, ਭੁਪਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਰਹੀਆਂ।

-PTC News

Related Post