ਅੰਤਰਰਾਸ਼ਟਰੀ ਨਗਰ ਕੀਰਤਨ ਰਾਜਸਥਾਨ ਦੇ ਉਦੇਪੁਰ ਤੋਂ ਕੋਟਾ ਲਈ ਰਵਾਨਾ

By  Jashan A September 27th 2019 03:16 PM

ਅੰਤਰਰਾਸ਼ਟਰੀ ਨਗਰ ਕੀਰਤਨ ਰਾਜਸਥਾਨ ਦੇ ਉਦੇਪੁਰ ਤੋਂ ਕੋਟਾ ਲਈ ਰਵਾਨਾ,ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਅੰਦਰ ਉਤਸ਼ਾਹ ਲਗਾਤਾਰ ਜਾਰੀ ਹੈ। ਇਸੇ ਤਹਿਤ ਬੀਤੀ ਰਾਤ ਰਾਜਿਸਥਾਨ ਦੇ ਉਦੇਪੁਰ ਵਿਖੇ ਪਹੁੰਚਣ ’ਤੇ ਵੀ ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਸੰਗਤਾਂ ਨੇ ਖ਼ਾਲਸਈ ਜੈਕਾਰਿਆਂ ਨਾਲ ਨਗਰ ਕੀਰਤਨ ਨੂੰ ਜੀ-ਆਇਆਂ ਕਿਹਾ।

ਇਸ ਤੋਂ ਪਹਿਲਾਂ ਅਹਿਮਦਾਬਾਦ (ਗੁਜਰਾਤ) ਤੋਂ ਉਦੇਪੁਰ ਦੇ ਸਾਰੇ ਰਸਤੇ ਵੀ ਵੱਡੀ ਗਿਣਤੀ ਵਿਚ ਸੰਗਤ ਜੁੜੀਆਂ। ਸੰਗਤ ਵੱਲੋਂ ਥਾਂ-ਥਾਂ ਸਵਾਗਤੀ ਗੇਟ ਬਣਾਏ ਗਏ ਅਤੇ ਲੰਗਰ ਆਦਿ ਦੇ ਪ੍ਰਬੰਧ ਵੀ ਕੀਤੇ ਗਏ ਸਨ। ਨਗਰ ਕੀਰਤਨ ਨਾਲ ਚੱਲ ਰਹੀ ਵਿਸ਼ੇਸ਼ ਬੱਸ ’ਚ ਸੁਸ਼ਭਿਤ ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਲਈ ਵੀ ਸੰਗਤਾਂ ਨੇ ਵਿਸ਼ੇਸ਼ ਰੁਚੀ ਦਿਖਾਈ।

ਇਸੇ ਦੌਰਾਨ ਅੱਜ ਉਦੇਪੁਰ ਤੋਂ ਕੋਟਾ ਲਈ ਨਗਰ ਕੀਰਤਨ ਦੀ ਰਵਾਨਗੀ ਸਮੇਂ ਸਥਾਨਕ ਗੁਰਦੁਆਰਾ ਸੱਚਖੰਡ ਦਰਬਾਰ ਸਿੱਖ ਕਲੋਨੀ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਬਾਰੇ ਸੰਗਤ ਨੂੰ ਜਾਣੂ ਕਰਵਾਇਆ।

ਉਨ੍ਹਾਂ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਵਿਸ਼ਾਲ ਸਮਾਗਮਾਂ ਸਮੇਂ ਸ਼ਮੂਲੀਅਤ ਕਰਨ ਦੀ ਵੀ ਅਪੀਲ ਕੀਤੀ। ਇਸ ਦੌਰਾਨ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਵੀ ਦਿੱਤੇ ਗਏ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਰਾਜਿਸਥਾਨ ਤੋਂ ਮੈਂਬਰ ਸੁਰਜੀਤ ਸਿੰਘ ਕੰਗ, ਗੁਰਦੁਆਰਾ ਸੱਚਖੰਡ ਦਰਬਾਰ ਸਿੱਖ ਕਲੋਨੀ ਦੇ ਪ੍ਰਧਾਨ ਧਰਮਵੀਰ ਸਿੰਘ, ਸਕੱਤਰ ਦਸ਼ਵਿੱਤ ਸਿੰਘ, ਅਨੋਖ ਸਿੰਘ, ਸਿੱਖ ਮਿਸ਼ਨ ਰਾਜਿਸਥਾਨ ਦੇ ਇੰਚਾਰਜ ਪ੍ਰਵੀਨ ਸਿੰਘ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਤੇਜਿੰਦਰ ਸਿੰਘ, ਪ੍ਰਚਾਰਕ ਭਾਈ ਪਰਮਜੀਤ ਸਿੰਘ, ਸ਼ਿਵਤਾਰ ਸਿੰਘ, ਸੁਖਬੀਰ ਸਿੰਘ ਆਦਿ ਮੌਜੂਦ ਸਨ।

-PTC News

Related Post