ਅੰਤਰਰਾਸ਼ਟਰੀ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ

By  Jashan A October 16th 2019 05:50 PM

ਅੰਤਰਰਾਸ਼ਟਰੀ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ,ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਪਿੰਡ ਬਾਦਲ ਲਈ ਰਵਾਨਾ ਹੋਇਆ।

ਇਸ ਮੌਕੇ ਨਗਰ ਕੀਰਤਨ ਵਿਚ ਸੰਗਤਾਂ ਦੇ ਉਮੜੇ ਸੈਲਾਬ ਨੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਖ਼ਾਲਸਈ ਜੈਕਾਰਿਆਂ ਦੀ ਗੂੰਜ ਵਿਚ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ਦੌਰਾਨ ਸੰਗਤਾਂ ਪਾਲਕੀ ਸਾਹਿਬ ਦੇ ਨਾਲ ਚਲਦੀਆਂ ਹੋਈਆਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆ ਸਨ।

ਨਗਰ ਕੀਰਤਨ ਦੌਰਾਨ ਸੰਗਤਾਂ ਨੇ ਗੁਰੂ ਸਾਹਿਬ ਦੇ ਸ਼ਸਤਰਾਂ ਦੇ ਦਰਸ਼ਨ ਵੀ ਕੀਤੇ ਅਤੇ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ। ਰਵਾਨਗੀ ਮੌਕੇ ਸਥਾਨਕ ਸੰਗਤਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸੇ ਦੌਰਾਨ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਟ ਕਰਕੇ ਸ਼ਰਧਾ ਪ੍ਰਗਟਾਈ।

ਇਸ ਦੌਰਾਨ ਨਗਰ ਕੀਰਤਨ ਦਾ ਸ੍ਰੀ ਮੁਕਤਸਰ ਸਾਹਿਬ ਤੋਂ ਅੱਗੇ ਰੁਪਾਣਾ, ਚੱਕ ਦੂਹੇਵਾਲਾ, ਮਹਿਰਾਜ, ਭੂੰਦੜ, ਕਰਨੀਵਾਲਾ, ਔਲਖ, ਈਸਾ ਖੇੜਾ, ਮਲੋਟ, ਦਾਨੇਵਾਲਾ ਚੌਂਕ, ਰਥੜੀਆ, ਅਬੁਲ ਖੁਰਾਣਾ, ਸਾਹੂਆਣਾ, ਲੰਬੀ, ਖਿਓ ਵਾਲੀ, ਕਾਲਾ ਝਰਾਣੀ, ਚੱਕ ਅਤਰ ਸਿੰਘ ਵਾਲਾ, ਅਨੰਦਗੜ੍ਹ ਆਦਿ ਵਿਖੇ ਸੰਗਤ ਨੇ ਜੋਸ਼ੋ-ਖਰੋਸ਼ ਨਾਲ ਸਵਾਗਤ ਕੀਤਾ।

ਅੱਜ ਨਗਰ ਕੀਰਤਨ ਨਾਲ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੂ, ਮੈਂਬਰ ਨਤਵੇਜ ਸਿੰਘ ਕਾਉਣੀ, ਦਿਆਲ ਸਿੰਘ ਕੋਲਿਆਵਾਲੀ, ਐਮ.ਐਲ.ਏ., ਅਵਤਾਰ ਸਿੰਘ, ਕਮਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਨਿਸ਼ਾਨ ਸਿੰਘ, ਮੈਨੇਜਰ ਬਲਦੇਵ ਸਿੰਘ, ਜਸਪ੍ਰੀਤ ਸਿੰਘ ਪ੍ਰਚਾਰਕ, ਜਗਜੀਤ ਸਿੰਘ ਪੰਜਾਬ, ਇੰਦਰਜੀਤ ਸਿੰਘ ਤਪਾਖੇੜਾ ਆਦਿ ਮੌਜੂਦ ਸਨ।

-PTC News

Related Post