ਇਰਾਕ ’ਚ ਮਾਰੇ ਗਏ ਭਾਰਤੀਆਂ ਦੀਆਂ ਦੇਹਾਂ ਵਤਨ ਲਿਆਉਣ ਬਾਰੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੇਂਦਰੀ ਵਿਦੇਸ਼ ਰਾਜ ਮੰਤਰੀ ਨਾਲ ਗੱਲਬਾਤ

By  Joshi March 21st 2018 06:20 PM

ਇਰਾਕ ’ਚ ਮਾਰੇ ਗਏ ਭਾਰਤੀਆਂ ਦੀਆਂ ਦੇਹਾਂ ਵਤਨ ਲਿਆਉਣ ਬਾਰੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੇਂਦਰੀ ਵਿਦੇਸ਼ ਰਾਜ ਮੰਤਰੀ ਨਾਲ ਗੱਲਬਾਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਰਾਕ ਵਿੱਚ ਆਈ.ਐਸ.ਆਈ.ਐਸ. ਵੱਲੋਂ ਮਾਰੇ ਗਏ ਭਾਰਤੀਆਂ ਦੀਆਂ ਮਿ੍ਰਤਕਾਂ ਦੇਹਾਂ ਵਤਨ ਲਿਆਉਣ ਬਾਰੇ ਵਿਦੇਸ਼ ਮਾਮਲਿਆਂ ਬਾਰੇ ਕੇਂਦਰੀ ਰਾਜ ਮੰਤਰੀ ਵੀ.ਕੇ. ਸਿੰਘ ਨਾਲ ਗੱਲਬਾਤ ਕੀਤੀ।

ਮੁੱਖ ਮੰਤਰੀ, ਜਿਨ੍ਹਾਂ ਨੇ ਮੰਗਲਵਾਰ ਨੂੰ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਇਸ ਮੁੱਦੇ ’ਤੇ ਗੱਲਬਾਤ ਕੀਤੀ ਸੀ ਅਤੇ ਪੱਤਰ ਵੀ ਲਿਖਿਆ ਸੀ, ਨੇ ਅੱਜ ਵਿਧਾਨ ਸਭਾ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਸ੍ਰੀ ਵੀ.ਕੇ. ਸਿੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਮਿ੍ਰਤਕ ਦੇਹਾਂ ਨੂੰ ਭਾਰਤ ਲਿਆਉਣ ਲਈ ਇਕ ਹਫ਼ਤਾ ਲੱਗੇਗਾ।

ਮੀਡੀਆ ਦੇ ਸਵਾਲਾਂ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਹੁ-ਗਿਣਤੀ ਮਿ੍ਰਤਕ ਪੰਜਾਬ ਦੇ ਮਾਝਾ ਅਤੇ ਦੋਆਬਾ ਖਿੱਤਿਆਂ ਨਾਲ ਸਬੰਧਤ ਹਨ, ਜਿਸ ਕਰਕੇ ਦੇਹਾਂ ਅੰਮਿ੍ਰਤਸਰ ਆਉਣ ਦੀ ਸੰਭਾਵਨਾ ਹੈ।

ਉਨ੍ਹਾਂ ਦੱਸਿਆ ਕਿ ਮਿ੍ਰਤਕਾਂ ਦੀਆਂ ਅੰਤਿਮ ਰਸਮਾਂ ਵਾਸਤੇ ਮਿ੍ਰਤਕ ਦੇਹਾਂ ਪਰਿਵਾਰਾਂ ਨੂੰ ਸੌਂਪਣ ਲਈ ਸੂਬਾਈ ਸਰਕਾਰ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਿ੍ਰਤਕਾਂ ਦੇ ਪਰਿਵਾਰਕ ਮੈਂਬਰਾਂ ਲਈ ਰੁਜ਼ਗਾਰ ਲੱਭਣ ਦਾ ਯਤਨ ਕਰੇਗੀ ਅਤੇ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਪਹਿਲਾਂ ਹੀ ਦਿੱਤੀ ਜਾ ਰਹੀ 20 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਮਿਲਣੀ ਜਾਰੀ ਰਹੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦਿਵਾਉਣ ਲਈ ਉਹ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੰਗਲਵਾਰ ਨੂੰ ਇਸ ਮਾਮਲੇ ’ਚ ਸੁਸ਼ਮਾ ਸਵਰਾਜ ਨੂੰ ਲਿਖਿਆ ਸੀ ਅਤੇ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਹਾਂ-ਪੱਖੀ ਹੁੰਗਾਰੇ ਦੀ ਉਮੀਦ ਹੈ।

ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਕਿ ਇਨ੍ਹਾਂ ਮਿ੍ਰਤਕਾਂ ਵਿੱਚੋਂ 24 ਪੰਜਾਬ ਦੇ ਹਨ ਅਤੇ ਸੂਬਾਈ ਸਰਕਾਰ ਵੱਲੋਂ ਇਨ੍ਹਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ 20 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੀ ਇਨ੍ਹਾਂ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਂਦੀ ਹੈ ਤਾਂ ਉਹ ਸ਼ੁਕਰਗੁਜ਼ਾਰ ਹੋਣਗੇ।

—PTC News

Related Post