ਜਲੰਧਰ ਪੱਛਮੀ ਉਪ ਚੋਣ- ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਉਪਰਾਲਾ
ਜਲੰਧਰ: ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ 10 ਜੁਲਾਈ, 2024 ਨੂੰ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ ਬਾਹਰ ਕਤਾਰਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਨ ਵਿੱਚ ਵੋਟਰਾਂ ਦੀ ਮਦਦ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਸਦਕਾ ਵੋਟਰ ਪੋਲਿੰਗ ਬੂਥ ’ਤੇ ਜਾਣ ਤੋਂ ਪਹਿਲਾਂ ਬੂਥ ’ਤੇ ਕਤਾਰ ਵਿੱਚ ਕਿੰਨੇ ਲੋਕ ਖੜ੍ਹੇ ਹਨ, ਬਾਰੇ ਘਰ ਬੈਠੇ ਜਾਣ ਸਕਦੇ ਹਨ।
ਡਾ. ਅਗਰਵਾਲ ਨੇ ਦੱਸਿਆ ਕਿ ਵੋਟਰ ਆਪਣੇ ਵਟਸਐਪ 'ਤੇ ਮੋਬਾਇਲ ਨੰਬਰ 917447447217 ਨੂੰ ਸੇਵ ਕਰਕੇ ਅਤੇ ਇਸ ਨੰਬਰ 'ਤੇ ‘ਵੋਟ’ ਮੈਸੇਜ ਭੇਜ ਕੇ ਕਤਾਰ ਵਿੱਚ ਖੜ੍ਹੇ ਵੋਟਰਾਂ ਬਾਰੇ ਤਾਜ਼ਾ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਹ ਸੇਵਾ ਵੋਟਰਾਂ ਨੂੰ ਬੂਥਾਂ ਦੇ ਬਾਹਰ ਕਤਾਰ ਵਿੱਚ ਖੜ੍ਹੇ ਲੋਕਾਂ ਦੀ ਗਿਣਤੀ ਬਾਰੇ ਸੂਚਿਤ ਕਰੇਗੀ, ਜਿਸ ਨਾਲ ਉਨ੍ਹਾਂ ਨੂੰ ਲੰਬੀ ਉਡੀਕ ਨਹੀਂ ਕਰਨੀ ਪਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਹ ਕਦਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਦੀ ਵਚਨਬੱਧਤਾ ਦਾ ਹਿੱਸਾ ਹੈ। ਡਾ. ਅਗਰਵਾਲ ਨੇ ਸਮੂਹ ਵੋਟਰਾਂ ਨੂੰ ਇਸ ਸੇਵਾ ਦਾ ਲਾਭ ਉਠਾਉਣ ਅਤੇ ਵੱਡੀ ਗਿਣਤੀ ਵਿਚ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ।
ਵੋਟਰਾਂ ਨੂੰ ਵੋਟਾਂ ਵਾਲੇ ਦਿਨ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ, ਭੈਅ ਤੋਂ ਨਿਰਪੱਖਤਾ ਨਾਲ ਕਰਨ ਲਈ ਪ੍ਰੇਰਿਤ ਕਰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣਾਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।
- PTC NEWS