ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਜਥਾ

By  Joshi April 10th 2018 07:16 PM

Jatha will go to Pakistan on 12th April to celebrate Khalsa Sajna Diwas: ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਜਥਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸੇ ਦੇ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ 12 ਅਪ੍ਰੈਲ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਲਈ ਜਥਾ ਰਵਾਨਾ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਵਧੀਕ ਸਕੱਤਰ ਅਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ 12 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਣਗੇ, ਜਿਸ ਦੇ ਭੋਗ 14 ਅਪ੍ਰੈਲ ਨੂੰ ਪੈਣਗੇ। ਉਨ੍ਹਾਂ ਦੱਸਿਆ ਕਿ ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਇਲਾਵਾ ਗੁ: ਸ੍ਰੀ ਨਨਕਾਣਾ ਸਾਹਿਬ, ਗੁ: ਸ੍ਰੀ ਸੱਚਾ ਸੋਦਾ ਮੰਡੀ ਚੂਹੜਕਾਨਾ, ਗੁ: ਡੇਹਰਾ ਸਾਹਿਬ ਲਾਹੌਰ, ਗੁ: ਰੋੜੀ ਸਾਹਿਬ ਐਮਨਾਬਾਦ ਅਤੇ ਗੁ: ਕਰਤਾਰਪੁਰ ਸਾਹਿਬ ਦੇ ਵੀ ਦਰਸ਼ਨ ਕਰੇਗਾ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਮੀਤ ਸਿੰਘ ਬੂਹ ਕਰਨਗੇ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 21 ਅਪ੍ਰੈਲ ਨੂੰ ਵਾਪਸ ਆਵੇਗਾ।

ਉਨ੍ਹਾਂ ਹੋਰ ਦੱਸਿਆ ਕਿ ਇਸ ਵਾਰ ਪਾਕਿਸਤਾਨ ਦੂਤ ਘਰ ਨੂੰ 758 ਪਾਸਪੋਰਟ ਵੀਜੇ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ 41 ਨਾਮ ਕੱਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ 717 ਯਾਤਰੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਜਿਹੜੇ ਯਾਤਰੂਆਂ ਦੇ ਵੀਜ਼ੇ ਪ੍ਰਾਪਤ ਹੋਏ ਹਨ ਉਹ 11 ਅਪ੍ਰੈਲ ਨੂੰ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੁੱਜ ਕੇ ਆਪਣੇ ਪਾਸਪੋਰਟ ਪ੍ਰਾਪਤ ਕਰ ਸਕਦੇ ਹਨ।

—PTC News

Related Post