ਜਥੇਦਾਰ ਅਕਾਲ ਤਖਤ ਕਾਂਗਰਸ ਵੱਲੋਂ ਪੋਸਟਰਾਂ ਵਿਚ ਗੁਰਬਾਣੀ ਤੁੱਕਾਂ ਵਰਤਣ ਦੇ ਮਾਮਲੇ ਵਿਚ ਕਾਰਵਾਈ ਕਰਨ: ਬਿਕਰਮ ਸਿੰਘ ਮਜੀਠੀਆ

By  Jasmeet Singh February 3rd 2022 08:54 PM -- Updated: February 3rd 2022 08:57 PM

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਅੰਮ੍ਰਿਤਸਰ ਪੂਰਬੀ ਤੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਕਾਂਗਰਸ ਪਾਰਟੀ ਵੱਲੋਂ ਗੁਰਬਾਣੀ ਦੀਆਂ ਤੁੱਕਾਂ ਨੂੰ ਸਿਆਸੀ ਮਨੋਰਥ ਵਾਸਤੇ ਵਰਤਣ ਦੀ ਕਾਂਗਰਸ ਪਾਰਟੀ ਦੀ ਕੋਝੀ ਹਰਕਤ ਦੇ ਮਾਮਲੇ ਵਿਚ ਇਸਦੇ ਖਿਲਾਫ ਕਾਰਵਾਈ ਕੀਤੀ ਜਾਵੇ। ਇਹ ਵੀ ਪੜ੍ਹੋ: ਸੁਪਰੀਮ ਕੋਰਟ ਵੱਲੋਂ ਨਵਜੋਤ ਸਿੱਧੂ ਨੂੰ ਵੱਡੀ ਰਾਹਤ, ਰੋਡ ਰੇਜ ਮਾਮਲੇ ਦੀ ਸੁਣਵਾਈ 25 ਫਰਵਰੀ ਤੱਕ ਮੁਲਤਵੀ ਅੱਜ ਇਥੇ ਵੱਲਾ ਵਿਚ ਇਕ ਪ੍ਰਭਾਵਸ਼ਾਲੀ ਮੀਟਿੰਗ ਨੂੰ ਸੰਬੋਧਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਗੁਰੂ ਗ੍ਰੰਥ ਸਾਹਿਬ ਦੀਆਂ ਤੁਕਾਂ ਨੂੰ ਕਾਂਗਰਸ ਵੱਲੋਂ ਆਪਣੇ ਇਸ਼ਤਿਹਾਰਾਂ ਵਿਚ ਵਰਤਣ 'ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਕਾਰਵਾਈ ਜ਼ਰੂਰ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਿਆਸੀ ਮੰਤਵਾਂ ਵਾਸਤੇ ਗੁਰਬਾਣੀ ਦੀ ਦੁਰਵਰਤੋਂ ਕਰਨੀ ਬੇਹੱਦ ਨਿੰਦਣਯੋਗ ਹੈ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਸਿੱਧੂ ਜੋੜੇ ਨੇ 18 ਸਾਲਾਂ ਵਿਚ ਅੰਮ੍ਰਿਤਸਰ ਪੂਰਬੀ ਲਈ ਕੀ ਕੀਤਾ ਹੈ, ਇਸਦਾ ਅੰਦਾਜ਼ਾ ਇਥੋਂ ਹੀ ਲਾਇਆ ਜਾ ਸਕਦਾ ਹੈ ਕਿ ਸਬਜ਼ੀ ਮੰਡੀ ਦਾ ਬੁਰਾ ਹਾਲ ਹੈ। ਨੇੜਲੇ ਵੱਲਾ ਪੁੱਲ ਵਾਸਤੇ 18 ਸਾਲਾਂ ਤੋਂ ਕੋਈ ਕੰਮ ਨਹੀਂ ਕੀਤਾ ਗਿਆ। ਸਾਰੇ ਹਲਕੇ ਵਿਚ ਵਿਕਾਸ ਕਾਰਜ ਮੁਕੰਮਲ ਠੱਪ ਹਨ ਤੇ ਭਲਾਈ ਸਕੀਮਾਂ ਵੀ ਲਾਗੂ ਨਹੀਂ ਕੀਤੀਆਂ ਗਈਆਂ ਜਿਸ ਕਾਰਨ ਨਾ ਬਜ਼ੁਰਗਾਂ ਨੂੰ ਬੁਢਾਪਾਂ ਪੈਨਸ਼ਨਾਂ ਮਿਲੀਆਂ ਹਨ ਤੇ ਨਾ ਹੀ ਐਸ.ਸੀ. ਲੜੀਆਂ ਦੇ ਵਿਆਹਾਂ ਲਈ ਸ਼ਗਨ ਸਕੀਮਾਂ ਦੇ ਪੈਸੇ ਮਿਲੇ ਹਨ। ਇਸ ਦੌਰਾਨ ਪ੍ਰਚਾਰ ਮੁਹਿੰਮ ਦੇ ਹਿੱਸੇ ਵਜੋਂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮਕਬੂਲਪੁਰਾ ਵਿਚ ਡੋਰ ਟੂ ਡੋਰ ਪ੍ਰਚਾਰ ਕੀਤਾ ਤੇ ਆਪਣੇ ਲਈ ਵੋਟਾਂ ਮੰਗੀਆਂ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਅਕਾਲੀ ਆਗੂ ਦੇ ਨਾਲ ਹੋਰ ਤੁਰੇ ਤੇ ਲੋਕਾਂ ਨੂੰ ਅਕਾਲੀ ਦਲ ਤੇ ਬਸਪਾ ਗਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਲੋਕਾਂ ਨੇ ਥਾਂ ਥਾਂ ਮਜੀਠੀਆ ਦਾ ਸਿਰੋਪਾਓ ਤੇ ਹਾਰ ਪਾ ਕੇ ਸਨਮਾਨ ਵੀ ਕੀਤਾ। ਇਹ ਵੀ ਪੜ੍ਹੋ: ਬਿਕਰਮ ਸਿੰਘ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਇਸ ਮੌਕੇ ਕਾਂਗਰਸ ਤੇ ਭਾਜਪਾ ਦੇ ਵਰਕਰ ਅਕਾਲੀ ਦਲ ਵਿਚ ਸ਼ਾਮਲ ਹੋਏ ਜਿਹਨਾਂ ਵਿਚ ਕੁਲਦੀਪ ਸਿੰਘ, ਸੁਰਿੰਦਰ, ਕੋਸ਼ਲ ਮਿੰਟੂ, ਜੋਬਨਦੀਪ ਸਿੰਘ ਤੇ ਹੋਰ ਆਗੂ ਸ਼ਾਮਲ ਸਨ। ਭਾਜਪਾ ਤੋਂ ਅਕਾਲੀ ਦਲ ਵਿਚ ਸ਼ਾਮਲ ਹੋਏ ਡਾ ਇੰਦਰਜੀਤ ਕੌਰ ਨੂੰ ਇਸਤਰੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਗਿਆ। -PTC News

Related Post