ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸਮਾਗਮ ਆਯੋਜਤ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਸ਼ਿਰਕਤ

By  Riya Bawa July 2nd 2022 03:27 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਸਿਮਰਪ੍ਰੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਗਿਆਨੀ ਮਲਕੀਤ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਸਥਾਪਤ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਲਈ ਕੇਵਲ ਇਮਾਰਤ ਨਹੀਂ ਸਗੋਂ ਇਹ ਸੱਚਾ ਸੁੱਚਾ ਸੰਕਲਪ ਹੈ, ਜਿਸ ਨੇ ਕੌਮ ਦੀ ਅਜ਼ਾਦ ਹੋਂਦ ਹਸਤੀ ਨੂੰ ਰੂਪਮਾਨ ਕੀਤਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸਮਾਗਮ ਆਯੋਜਤ

ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਰਾਜਸੀ ਮਤਭੇਦ ਭੁਲਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਸ਼ਾਨ ਹੇਠ ਇਕੱਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਸੀਂ ਚਾਹੁੰਦੇ ਹਾਂ ਕਿ ਸਾਡੀਆਂ ਗੁਲਾਮੀ ਦੀਆਂ ਜੰਜੀਰਾਂ ਟੁੱਟਣ, ਤਾਂ ਸਾਨੂੰ ਇਕ ਨਿਸ਼ਾਨ ਇਕ ਵਿਧਾਨ ਹੇਠ ਇਕੱਠੇ ਹੋ ਕੇ ਕੌਮ ਦੀ ਚੜ੍ਹਦੀ ਕਲਾ ਲਈ ਸਾਂਝੇ ਯਤਨ ਕਰਨੇ ਹੋਣਗੇ। ਇਸ ਮੌਕੇ ਉਨ੍ਹਾਂ ਸਿੱਖ ਜਗਤ ਨੂੰ ਗੁਰੂ ਬਖ਼ਸ਼ੀ ਰਹਿਣੀ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ ਅਤੇ ਗੁਰਬਾਣੀ ਅਨੁਸਾਰ ਜੀਵਨ ਸੇਧਾਂ ਨਿਰਧਾਰਤ ਕਰਨ ਲਈ ਕਿਹਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਨਿਰਵੈਲ ਸਿੰਘ, ਗੁਰਚਰਨ ਸਿੰਘ ਕੁਹਾਲਾ, ਲਖਬੀਰ ਸਿੰਘ, ਪਰਮਜੀਤ ਸਿੰਘ ਦੁਨੀਆ ਮਾਜ਼ਰਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਫੈਡਰੇਸ਼ਨ ਆਗੂ ਅਮਰਬੀਰ ਸਿੰਘ ਢੋਟ, ਆਨਰੇਰੀ ਸਕੱਤਰ ਗੁਰਮੀਤ ਸਿੰਘ, ਸੁਪ੍ਰਿੰਟੈਂਡੈਂਟ  ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਸੁਖਰਾਜ ਸਿੰਘ, ਨਰਿੰਦਰ ਸਿੰਘ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਜਸਪਾਲ ਸਿੰਘ ਢੱਡੇ ਅਤੇ ਸੰਗਤਾਂ ਮੌਜੂਦ ਸਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸਮਾਗਮ ਆਯੋਜਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਇਸੇ ਦੌਰਾਨ ਸ਼ੁੱਕਰਵਾਰ ਦੀ ਸ਼ਾਮ ਨੂੰ ਸਥਾਪਨਾ ਦਿਵਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਰਵਾਇਤੀ ਸਿੱਖ ਸਾਜ਼ਾਂ ਨਾਲ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ।

ਐਡਵੋਕੇਟ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਦਿੱਤੀ ਵਧਾਈ

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਹਾੜੇ ਦੀ ਸਿੱਖ ਕੌਮ ਨੂੰ ਵਧਾਈ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਤ ਮਰਯਾਦਾ ’ਤੇ ਪਹਿਰਾ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਜਾਰੀ ਸੁਨੇਹੇ ਵਿਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਆਨ ਅਤੇ ਸ਼ਾਨ ਹੈ, ਜਿਸ ਤੋਂ ਅਗਵਾਈ ਲੈ ਕੇ ਕੌਮ ਨੇ ਹਮੇਸ਼ਾ ਵੱਡੀਆਂ ਚੁਣੌਤੀਆਂ ਦਾ ਡੱਟ ਕੇ ਮੁਕਾਬਲਾ ਕੀਤਾ।

Harjinder Singh Dhami likely to be 46th SGPC president

ਇਹ ਭਗਤੀ ਅਤੇ ਸ਼ਕਤੀ ਦੇ ਸੋਮੇ ਵੱਜੋਂ ਸਿੱਖ ਚੇਤਨਾ ਦਾ ਉਹ ਸਦੀਵ ਹਿੱਸਾ ਹੈ ਅਤੇ ਰਹੇਗਾ, ਜਿਸ ਨੇ ਪੂਰੀ ਦੁਨੀਆਂ ਵਿਚ ਸਿੱਖੀ ਦੀ ਨਿਆਰੀ ਹੋਂਦ ਨੂੰ ਉਜਾਗਰ ਕੀਤਾ। ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਆਪਣੀਆਂ ਰਵਾਇਤਾਂ ਅਤੇ ਇਤਿਹਾਸਕ ਦਿਹਾੜਿਆਂ ਸਬੰਧੀ ਨਵੀਂ ਪੀੜ੍ਹੀ ਨੂੰ ਚੇਤੰਨ ਕਰਨ ਲਈ ਉਨ੍ਹਾਂ ਦੀ ਚੰਗੀ ਵਿਦਿਆ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਧਾਰਮਿਕ ਕਦਰਾਂ ਕੀਮਤਾਂ ਦਾ ਪਾਠ ਵੀ ਜ਼ਰੂਰ ਦ੍ਰਿੜ੍ਹ ਕਰਵਾਉਣ।

-PTC News

Related Post