Guru Nanak Gurpurab : ਸਿੱਖ ਸ਼ਰਧਾਲੂਆਂ ਨਾਲ ਪਾਕਿਸਤਾਨ ਪਹੁੰਚਣ 'ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਨਿੱਘਾ ਸਵਾਗਤ
Guru Nanak Gurpurab : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਅੱਜ ਭਾਰਤ ਤੋਂ ਅਟਾਰੀ ਸਰਹੱਦ ਰਸਤੇ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚ ਸ਼ਾਮਿਲ ਹੋ ਕੇ ਭਾਰਤ ਤੋਂ ਪਾਕਿਸਤਾਨ ਗਏ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਪਾਕਿਸਤਾਨ ਪਹੁੰਚਣ 'ਤੇ ਅਟਾਰੀ ਸਰਹੱਦ ਵਿਖੇ ਨਿੱਘਾ ਸਵਾਗਤ ਕੀਤਾ ਗਿਆ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਮਹੇਸ਼ ਸਿੰਘ, ਪਾਕਿਸਤਾਨ ਓਕਾਫ ਬੋਰਡ ਦੇ ਉੱਚ ਅਧਿਕਾਰੀਆਂ ਵੱਲੋਂ ਭਾਰਤ ਪਾਕਿਸਤਾਨ ਸਰਹੱਦ ਦੀ ਜ਼ੀਰੋ ਲਾਈਨ 'ਤੇ ਸਿੰਘ ਸਾਹਿਬ ਸ਼੍ਰੀ ਗੜਗੱਜ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ।
ਦਰਅਸਲ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ 1796 ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਸਵੇਰੇ ਪਾਕਿਸਤਾਨ ਲਈ ਰਵਾਨਾ ਹੋਇਆ ਸੀ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਇਸ ਜਥੇ ਨੂੰ ਸ਼੍ਰੋਮਣੀ ਕਮੇਟੀ ਦਫਤਰ ਤੋਂ ਖਾਲਸਾਈ ਜਾਹੋ-ਜਲਾਲ ਨਾਲ ਜੈਕਾਰਿਆਂ ਦੀ ਗੂੰਜ ਹੇਠ ਰਵਾਨਾ ਕੀਤਾ ਗਿਆ ਸੀ।
ਜਾਣਕਾਰੀ ਅਨੁਸਾਰ 50 ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ਾ ਹੋਣ ਦੇ ਬਾਵਜੂਦ ਅੱਜ ਸਵੇਰੇ ਅਟਾਰੀ ਸਰਹੱਦ 'ਤੇ ਰੋਕਿਆ ਗਿਆ। ਲੋੜੀਂਦੀ ਇਨਕੁਆਰੀ ਨਾ ਪੂਰੀ ਹੋਣ 'ਤੇ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਜਾਣਕਾਰੀ ਅਨੁਸਾਰ ਇਹ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਮਗਰੋਂ ਇਹ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰ ਕੇ 13 ਨਵੰਬਰ ਨੂੰ ਭਾਰਤ ਪਰਤੇਗਾ।
ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਵਾਰ 1802 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਪਾਕਿਸਤਾਨ ਦੇ ਦੂਤਘਰ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 1796 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।
- PTC NEWS