ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਠੁਕਰਾਇਆ ਕੇਂਦਰ ਦਾ ਪ੍ਰਸਤਾਵ, ਕਿਹਾ ਮੈਨੂੰ ਨਹੀਂ ਚਾਹੀਦੀ Z+ Security

By  Jasmeet Singh June 3rd 2022 08:38 PM

ਸ੍ਰੀ ਅੰਮ੍ਰਿਤਸਰ ਸਾਹਿਬ, 3 ਜੂਨ: ਕੇਂਦਰ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਐਲਾਨ ਕੀਤਾ ਗਿਆ ਸੀ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦੀ ਤਜਵੀਜ਼ ਦਾ ਧੰਨਵਾਦ ਕਰਦਿਆਂ ਇਸ ਪ੍ਰਸਤਾਵ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਆਦਮਪੁਰ ਏਅਰਪੋਰਟ ਤੋਂ ਫ਼ਿਲਹਾਲ ਨਹੀਂ ਸ਼ੁਰੂ ਹੋਣਗੀਆਂ ਉਡਾਣਾਂ, ਅਸਲ ਕਾਰਨ ਜਾਣੋ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਹ ਕਹਿੰਦਿਆਂ ਕੇਂਦਰ ਵੱਲੋਂ ਦਿੱਤੀ ਜਾ ਰਹੀ ਸੁਰੱਖਿਆ ਨੂੰ ਨਕਾਰ ਦਿੱਤਾ ਕਿ ਉਨ੍ਹਾਂ ਦਾ ਕੰਮ ਦੇਸ਼-ਵਿਦੇਸ਼ ਵਿੱਚ ਪਾਠ ਦਾ ਪ੍ਰਚਾਰ ਕਰਨਾ ਹੈ, ਇਸ ਕਾਰਨ ਮੇਰੇ ਲਈ ਜ਼ੈੱਡ ਸ਼੍ਰੇਣੀ ਸੁਰੱਖਿਆ ਰੱਖਣੀ ਅਸੰਭਵ ਹੈ।

ਕੇਂਦਰ ਸਰਕਾਰ ਵੱਲੋਂ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕਰਨ ਦਾ ਐਲਾਨ ਕੀਤਾ ਗਿਆ ਸੀ। ਕੇਂਦਰ ਸਰਕਾਰ ਨੇ ਇਹ ਫ਼ੈਸਲਾ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਲਿਆ ਦੱਸਿਆ ਜਾ ਰਿਹਾ ਹੈ।

ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਦੇ ਫ਼ੈਸਲੇ ਤਹਿਤ ਸੂਬਾ ਸਰਕਾਰ ਵੱਲੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵੀ ਹੋਰਨਾਂ ਲੋਕਾਂ ਵਾਂਗ ਘਟਾ ਦਿੱਤੀ ਗਈ ਸੀ।

ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਇਹ ਸੁਰੱਖਿਆ ਨਹੀਂ ਮੰਗੀ ਸੀ ਸਗੋਂ ਕੇਂਦਰ ਸਰਕਾਰ ਨੇ ਆਪਣੇ ਮੁਲਾਂਕਣ ਦੇ ਆਧਾਰ 'ਤੇ ਇਹ ਫ਼ੈਸਲਾ ਲਿਆ ਹੈ।

ਸੂਬਾ ਸਰਕਾਰ ਵੱਲੋਂ ਜਥੇਦਾਰ ਸਾਹਿਬ ਦੀ ਸੁਰੱਖਿਆ ਵਿਚ ਕਟੌਤੀ ਤੋਂ ਬਾਅਦ ਸਿੰਘ ਸਾਹਿਬ ਨੇ ਆਪਣੇ ਅਧਿਕਾਰਤ ਬਿਆਨ ਵਿਚ ਇਹ ਕਿਹਾ ਸੀ ਕਿ ਸਰਕਾਰ ਆਪਣੇ ਰਹਿੰਦੇ ਸੁਰੱਖਿਆ ਕਰਮੀਂ ਵੀ ਵਾਪਸ ਲੈ ਲਵੇ, ਇਹ ਕਹਿ ਕੇ ਉਨ੍ਹਾਂ ਰਹਿੰਦੇ ਸੁਰੱਖਿਆ ਕਰਮੀਂ ਵੀ ਵਾਪਸ ਭੇਜ ਦਿੱਤੇ ਸਨ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਪੰਜਾਬ ਦੇ ਗੱਭਰੂ ਨੌਜਵਾਨ ਉਨ੍ਹਾਂ ਦੀ ਸੁਰੱਖਿਆ ਕਰਨ ਦੇ ਕਾਬਿਲ ਨੇ ਤੇ ਉਨ੍ਹਾਂ ਨੂੰ ਹੁਣ ਸਰਕਾਰੀ ਸੁਰੱਖਿਆ ਨਹੀਂ ਚਾਹੀਦੀ।

ਇਹ ਵੀ ਪੜ੍ਹੋ: ਪੰਜਾਬ ਪੇਂਡੂ ਵਿਕਾਸ ਵਿਭਾਗ ਬੋਲੀ ਨਾ ਹੋਣ ਦੀ ਸੂਰਤ ਵਿਚ ਵਾਹੀਯੋਗ ਸ਼ਾਮਲਾਟ ਜ਼ਮੀਨਾਂ ‘ਤੇ ਖੁਦ ਖੇਤੀ ਕਰੇਗਾ: ਕੁਲਦੀਪ ਧਾਲੀਵਾਲ

ਇਹ ਵੀ ਦੱਸਣਯੋਗ ਹੈ ਕਿ ਇਸ ਖ਼ਬਰ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫ਼ੌਰੀ ਤੌਰ ਤੇ ਕਮੇਟੀ ਦੇ ਹਥਿਆਰਬੰਦ ਟਾਸਕ ਫੋਰਸ ਮੈਂਬਰਾਂ ਨੂੰ ਸਿੰਘ ਸਾਹਿਬ ਦੀ ਸੁਰੱਖਿਆ 'ਤੇ ਨਿਯੁਕਤ ਕਰ ਦਿੱਤਾ ਸੀ।

-PTC News

Related Post