ਕੋਰੋਨਾਵਾਇਰਸ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਵਕਤੀ ਤੌਰ 'ਤੇ ਬੰਦ ਕੀਤਾ ਗਿਆ: ਕੈਪਟਨ ਅਮਰਿੰਦਰ ਸਿੰਘ

By  Jashan A March 16th 2020 08:50 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਐਲਾਨ ਕੀਤਾ ਗਿਆ ਕਿ ਕਰੋਨਾਵਾਇਰਸ ਦੇ ਮੱਦੇਨਜ਼ਰ ਕਰਤਾਰਪੁਰ ਲਾਂਘੇ ਨੂੰ ਵਕਤੀ ਤੌਰ 'ਤੇ ਬੰਦ ਕੀਤਾ ਗਿਆ ਹੈ।

ਆਪਣੀ ਸਰਕਾਰ ਦੇ ਤਿੰਨ ਵਰ੍ਹੇ ਪੂਰੇ ਹੋਣ ਮੌਕੇ ਕੀਤੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸ਼ਰਧਾਲੂਆਂ ਦੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਦਹਾਕਿਆਂ ਬੱਧੀ ਅਰਦਾਸਾਂ ਸਦਕਾ ਖੁੱਲ੍ਹੇ ਕਰਤਾਰਪੁਰ ਕੋਰੀਡੋਰ ਸਬੰਧੀ ਆਪਣੀ ਪ੍ਰਤੀਬੱਧਤਾ ਨੂੰ ਦਹੁਰਾਉਂਦਿਆਂ ਕਿਹਾ ਕਿ ਇਹ ਕੋਰੀਡੋਰ ਕਰੋਨਾਵਾਇਰਸ ਦੇ ਮੌਜੂਦਾ ਵਕਤੀ ਸੰਕਟ ਤੋਂ ਇਲਾਵਾ ਹਮੇਸ਼ਾ ਖੁੱਲ੍ਹਾ ਰਹੇਗਾ।

ਹੋਰ ਪੜ੍ਹੋ: ਮੁੱਖ ਮੰਤਰੀ ਨੇ ਇੱਕ ਵਾਰ ਫਿਰ ਸਿੱਖਾਂ ਦੀ ਬਜਾਇ ਗਾਂਧੀ ਪਰਿਵਾਰ ਨੂੰ ਪਹਿਲ ਦਿੱਤੀ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਨੇ ਕਿਹਾ ਕਿ ਕਰੋਨਾਵਾਇਰਸ ਦੇ ਮੌਜੂਦਾ ਸੰਕਟ ਨੂੰ ਧਿਆਨ ਵਿੱਚ ਰੱਖਦਿਆਂ ਕੌਰੀਡੋਰ ਨੂੰ ਬੰਦ ਰੱਖਣ ਦਾ ਫੈਸਲਾ ਆਰਜ਼ੀ ਵਿਵਸਥਾ ਹੈ ਜਿਸ ਦਾ ਮੁੱਖ ਮਕਸਦ ਇਸ ਖਤਰਨਾਕ ਬਿਮਾਰੀ ਨੂੰ ਫੈਲਣ ਤੋਂ ਰੋਕਣਾ ਹੈ। ਉਨ੍ਹਾਂ ਕਿਹਾ ਕਿ ਇਸ ਕੌਰੀਡੋਰ ਨੂੰ ਪੱਕੇ ਤੌਰ 'ਤੇ ਬੰਦ ਕੀਤੇ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਉਨ੍ਹਾਂ ਕਿਹਾ ਕਿ ਕਰਤਾਰਪੁਰ ਕੌਰੀਡੋਰ ਦੇ ਖੁੱਲ੍ਹਣ ਨਾਲ ਸ਼ਰਧਾਲੂਆਂ ਦੀ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰਨ ਦੀ ਇੱਛਾ ਪੂਰੀ ਹੋਈ ਹੈ ਅਤੇ ਇਸ ਕੋਰੀਡੋਰ ਨੂੰ ਖੋਲ੍ਹਣ ਸਬੰਧੀ ਫੈਸਲੇ ਨੂੰ ਕਿਸੇ ਵੀ ਕੀਮਤ 'ਤੇ ਕਦੇ ਵੀ ਬਦਲਿਆ ਨਹੀਂ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਦੇ ਚੰਗੇ ਭਾਗ ਹਨ ਕਿ ਕਰਤਾਰਪੁਰ ਲਾਂਘਾ ਉਨ੍ਹਾਂ ਦੇ ਸਮੇਂ ਖੁੱਲ੍ਹਿਆ ਹੈ ਅਤੇ ਉਨ੍ਹਾਂ ਨਾਲ ਹੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਗੱਲੋਂ ਭਾਗਾਂ ਵਾਲੀ ਹੈ ਕਿ ਇਸ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਦਾ ਮੌਕਾ ਹਾਸਿਲ ਹੋਇਆ।

-PTC News

Related Post