ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਹੁਣ ਇਸ ਦਿਨ ਤੋਂ ਮੁਹਾਲੀ ਵਿੱਚ ਲਾਉਣਗੇ ਪੱਕਾ ਮੋਰਚਾ

By  Pardeep Singh September 7th 2022 03:01 PM

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪਾਣੀ ਦੇ ਮੁੱਦੇ ਨੂੰ ਲੈ ਕੇ ਆਪਣੀ ਗੱਲ ਰੱਖਦਿਆਂ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਹੈ। ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਨੇ ਜੋ ਵੀ ਕਿਹਾ ਹੈ ਉਹ ਸਹੀ ਨਹੀਂ ਹੈ। ਪੰਜਾਬ ਕੋਲ ਪੀਣ ਲਈ ਪਾਣੀ ਨਹੀਂ ਹੈ ਤਾਂ ਉਹ ਹਰਿਆਣਾ ਨੂੰ ਪਾਣੀ ਕਿਵੇਂ ਦੇਵੇਗਾ? ਉਨ੍ਹਾਂ ਕਿਹਾ ਕਿ ਅਦਾਲਤ ਨੂੰ ਵੀ ਇਸ ਸੰਦਰਭ ਵਿੱਚ ਸੋਚਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿਆਸੀ ਲੋਕਾਂ ਨੂੰ ਵੀ ਸਿਆਸਤ ਤੋਂ ਉਪਰ ਉਠ ਕੇ ਇਸ ਬਾਰੇ ਸੋਚਣਾ ਚਾਹੀਦਾ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਹ ਸਭ ਸਿਆਸੀ ਮੁੱਦਾ ਬਣਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਣੀ ਦੀ ਘਾਟ ਹੈ ਇਸ ਕਰਕੇ ਪਾਣੀ ਦੀ ਇੱਕ ਬੂੰਦ ਵੀ ਦੇਣਾ ਸੰਭਵ ਨਹੀਂ ਹੈ। ਰਾਜੇਵਾਲ ਨੇ ਕਿਹਾ ਕਿ ਮੈਂ ਰਾਜਸਥਾਨ ਵਿੱਚ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਸੀ ਜਿਸ ਵਿੱਚ ਪਾਣੀਆਂ ਦੇ ਮੁੱਦੇ ’ਤੇ ਗੱਲ ਕਰਨ ਲਈ ਕਿਹਾ ਸੀ। ਪਰ ਸੂਬਾ ਸਰਕਾਰ ਨੇ ਇਹ ਗੱਲ ਉੱਥੇ ਨਹੀਂ ਰੱਖੀ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਕੋਈ ਵੀ ਗੱਲ ਜ਼ਮੀਨੀ ਪੱਧਰ ਦੀ ਸੱਚਾਈ ਤੋਂ ਬਾਅਦ ਹੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਦੇ ਦੌਰ ਵਿੱਚ ਪਾਣੀ ਦੀ ਇੱਕ ਬੂੰਦ ਵੀ ਦੇਣ ਦੀ ਸਥਿਤੀ ਵਿੱਚ ਨਹੀਂ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਹੱਦੀ ਇਲਾਕਾ ਹੈ ਅਤੇ ਇੱਥੋਂ ਦਾ ਮਾਹੌਲ ਸ਼ਾਂਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਗੱਲ ਐਸਵਾਈਐਲ ਦਾ ਮੁੱਦਾ ਹੋਵੇ ਜਾਂ ਹੋਰ ਮੁੱਦੇ, ਪੰਜਾਬ ਵਿੱਚ ਸਿਆਸੀ ਹਲਚਲ ਕਾਰਨ ਇੱਥੋਂ ਦਾ ਮਾਹੌਲ ਹਮੇਸ਼ਾ ਹੀ ਖਰਾਬ ਹੁੰਦਾ ਰਿਹਾ ਹੈ। ਹੁਣ ਇਸ ਮਾਮਲੇ 'ਤੇ ਮੁੜ ਚਰਚਾ ਕਰਕੇ ਸੂਬੇ ਦਾ ਮਾਹੌਲ ਖਰਾਬ ਨਹੀਂ ਕਰਨਾ ਚਾਹੀਦਾ। ਸਾਰਿਆਂ ਨੂੰ ਇਸ ਪ੍ਰਤੀ ਗੰਭੀਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁੱਦਿਆਂ 'ਤੇ ਚਰਚਾ ਕਰਵਾ ਕੇ ਸਰਕਾਰ ਹੋਰ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਆਉਣ ਵਾਲੇ ਨਵੰਬਰ ਮਹੀਨੇ ਵਿਚ ਅਸੀਂ ਇਸ ਮੁੱਦੇ ਯਾਨੀ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਵੱਡੀ ਲੜਾਈ ਲੜਨ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਇਸ ਮੁੱਦੇ ’ਤੇ ਨਵੰਬਰ ਮਹੀਨੇ ਮੁਹਾਲੀ ਵਿੱਚ ਪੱਕਾ ਮੋਰਚਾ ਖੋਲ੍ਹੇਗੀ। ਇਸ ਦੇ ਨਾਲ ਹੀ ਉਨ੍ਹਾਂ ਪਸ਼ੂਆਂ ਵਿੱਚ ਫੈਲਣ ਵਾਲੀ ਬਿਮਾਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਪਸ਼ੂਆਂ ਵਿੱਚ ਫੈਲੀ ਬਿਮਾਰੀ ਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਹੈ। ਕਿਸਾਨ ਆਗੂ ਦਾ ਕਹਿਣਾ ਹੈ ਕਿ ਸਰਕਾਰ ਸਿਰਫ਼ ਬਿਆਨਬਾਜ਼ੀ ਕਰ ਰਹੀ ਹੈ। ਮਾਈਨਿੰਗ ਮਾਫੀਆ 'ਤੇ ਬੋਲਦਿਆਂ ਰਾਜੇਵਾਲ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਸਭ ਦੇ ਸਾਹਮਣੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਰੇਤੇ ਦਾ ਭਾਅ ਵੱਧਣ ਨਾਲ ਉਸਾਰੀਆਂ ਦਾ ਕੰਮ ਰੁਕ ਗਿਆ ਹੈ। ਇਹ ਵੀ ਪੜ੍ਹੋ:ਰਾਜਪਥ ਮਾਰਗ ਦਾ ਨਾਂ ਬਦਲ ਕੇ ਰੱਖਿਆ ਕਰਤਵਯ ਮਾਰਗ, NDMC ਦੀ ਮੀਟਿੰਗ 'ਚ ਮਤਾ ਪਾਸ -PTC News

Related Post