Lakhimpur Kheri violence: ਸੁਖਜਿੰਦਰ ਰੰਧਾਵਾ ਨੂੰ UP ਪੁਲਿਸ ਨੇ ਲਿਆ ਹਿਰਾਸਤ 'ਚ

By  Riya Bawa October 4th 2021 07:07 PM -- Updated: October 4th 2021 07:11 PM

ਚੰਡੀਗੜ੍ਹ: ਯੂਪੀ ਦੇ ਲਖੀਮਪੁਰ ਖੀਰੀ ਵਿਚ ਯੂਪੀ ਪੁਲਿਸ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਹਿਰਾਸਤ 'ਚ ਲੈ ਲਿਆ ਹੈ। ਰੰਧਾਵਾ ਦਾ ਵਫ਼ਦ ਸੜਕ ਰਾਹੀਂ ਲਖੀਮਪੁਰ ਖੀਰੀ ਜਾ ਰਿਹਾ ਸੀ। ਯੂਪੀ ਸਰਕਾਰ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਲਖੀਮਪੁਰ ਖੀਰੀ ਆਉਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ। ਰੰਧਾਵਾ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਲਖੀਮਪੁਰ ਖੀਰੀ ਜਾ ਰਹੇ ਸਨ, ਜਿਨ੍ਹਾਂ ਨੇ 3 ਅਕਤੂਬਰ ਨੂੰ ਹਿੰਸਾ ਵਿੱਚ ਆਪਣੀ ਜਾਨ ਗੁਆ ਦਿੱਤੀ ਸੀ।

ਸੁਖਜਿੰਦਰ ਰੰਧਾਵਾ ਦੇ ਨਾਲ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਕੁਲਜੀਤ ਨਾਗਰਾ ਅਤੇ ਹੋਰ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਬਰਿੰਦਰ ਸਿੰਘ ਪਾਹੜਾ, ਕੁਲਦੀਪ ਵੈਦ, ਕੁਲਬੀਰ ਸਿੰਘ ਜ਼ੀਰਾ ਅਤੇ ਅੰਗਦ ਸਿੰਘ ਵੀ ਸਨ ਜਿਨ੍ਹਾਂ ਨੂੰ ਯੂਪੀ ਪੁਲਿਸ ਨੇ ਹਿਰਾਸਤ ਵਿੱਚ ਲਿਆ। ਪੰਜਾਬ ਸਰਕਾਰ ਦੀਆਂ ਲਗਾਤਾਰ ਬੇਨਤੀਆਂ ਦੇ ਜਵਾਬ ਵਿੱਚ, ਯੂਪੀ ਦੇ ਗ੍ਰਹਿ ਵਿਭਾਗ ਨੇ ਕਿਹਾ ਕਿ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਦੇ ਕਾਰਨ, ਮੁਲਾਕਾਤਾਂ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।

ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਪੰਜਾਬ ਸਰਕਾਰ ਨੂੰ ਇੱਕ ਪੱਤਰ ਵੀ ਭੇਜਿਆ ਕਿ ਪੰਜਾਬ ਦੇ ਕਿਸਾਨਾਂ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਆਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਅਗਵਾਈ ਵਾਲੀ ਯੂਪੀ ਸਰਕਾਰ ਦੇ ਸਕੱਤਰ ਤਰੁਣ ਗਾਬਾ ਵੱਲੋਂ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੀ ਮੌਤ ਤੋਂ ਬਾਅਦ ਧਾਰਾ 144 ਲਗਾਈ ਗਈ ਹੈ, ਇਸ ਲਈ ਪੰਜਾਬ ਸਰਕਾਰ ਨੂੰ ਆਪਣੇ ਕਿਸਾਨਾਂ ਨੂੰ ਇਜਾਜ਼ਤ ਨਹੀਂ ਦੇਣੀ ਚਾਹੀਦੀ।

ਇਸ ਦੇ ਨਾਲ ਹੀ ਸੋਮਵਾਰ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਹੈਲੀਕਾਪਟਰ ਨੂੰ ਲਖਨਾਉ ਹੈਲੀਪੈਡ 'ਤੇ ਉਤਰਨ ਨਹੀਂ ਦਿੱਤਾ ਗਿਆ। ਇਸ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਖੁਦ ਲਖੀਮਪੁਰ ਖੀਰੀ ਜਾਣ ਦਾ ਫੈਸਲਾ ਕੀਤਾ ਅਤੇ ਯੂਪੀ ਸਰਕਾਰ ਤੋਂ ਹੈਲੀਕਾਪਟਰ ਉਤਰਨ ਅਤੇ ਵਾਪਸ ਉਡਾਣ ਭਰਨ ਦੀ ਆਗਿਆ ਮੰਗੀ ਹੈ।

ਇਸ ਤੋਂ ਬਾਅਦ ਉਪ ਮੁੱਖ ਮੰਤਰੀ ਰੰਧਾਵਾ ਸੜਕ ਰਾਹੀਂ ਯੂਪੀ ਜਾ ਰਹੇ ਸਨ। ਹਾਲਾਂਕਿ, ਯੂਪੀ ਸਰਕਾਰ ਵੱਲੋਂ ਲਗਾਤਾਰ ਕਿਹਾ ਜਾ ਰਿਹਾ ਹੈ ਕਿ ਲਖੀਮਪੁਰ ਖੇੜੀ ਵਿੱਚ ਧਾਰਾ -144 ਲਾਗੂ ਕਰ ਦਿੱਤੀ ਗਈ ਹੈ ਅਤੇ ਕਿਸੇ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਗੌਰਤਲਬ ਹੈ ਕਿ ਯੂਪੀ ਜ਼ਿਲ੍ਹੇ ਵਿੱਚ ਐਤਵਾਰ ਨੂੰ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ।

-PTC News

Related Post