ਪਿਛਲੇ 2 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਰਕੇ ਡਾਕਟਰਾਂ ਨੇ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

By  Shanker Badra May 2nd 2020 03:35 PM

ਪਿਛਲੇ 2 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਰਕੇ ਡਾਕਟਰਾਂ ਨੇ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ:ਲੁਧਿਆਣਾ : ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰੀ ਹਸਪਤਾਲਾਂ ਵਿੱਚ ਤੈਨਾਤ ਡਾਕਟਰ ਫਰੰਟ ਲਾਈਨ 'ਤੇ ਕੰਮ ਕਰ ਰਹੇ ਹਨ ਅਤੇ ਰਾਤ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿਚ ਰਹਿ ਕੇ ਦਿਨ ਰਾਤ ਉਨ੍ਹਾਂ ਦਾ ਇਲਾਜ ਕਰ ਰਹੇ ਹਨ। ਦੂਜੇ ਪਾਸੇ ਉਨ੍ਹਾਂ ਨੂੰ ਆਪਣੇ ਘਰ ਚਲਾਉਣ ਲਈ ਮੌਕੇ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ ਜਿਸ ਕਰਕੇ ਉਹ ਬਹੁਤ ਪ੍ਰੇਸ਼ਾਨ ਹਨ।

ਮਿਲੀ ਜਾਣਕਾਰੀ ਅਨੁਸਾਰ ਅੱਜ ਜ਼ਿਲ੍ਹਾ ਸਰਕਾਰੀ ਹਸਪਤਾਲ ਲੁਧਿਆਣਾ ਦੇ ਡਾਕਟਰਾਂ ਨੇ ਪਿਛਲੇ 2 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਰਕੇ ਅੱਜ ਪੰਜਾਬ ਸਰਕਾਰ ਵਿਰੁੱਧ ਕਾਲੇ ਬਿੱਲੇ ਲਗਾ ਕੇ ਰੋਸ ਜ਼ਾਹਰ ਕੀਤਾ ਹੈ। ਡਾਕਟਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੂੰ ਪਿਛਲੇ ਮਹੀਨਿਆਂ ਦੀਆਂ ਤਨਖਾਹਾਂ ਨਾ ਦਿੱਤੀਆਂ ਤਾਂ ਉਹ ਸੰਘਰਸ਼ ਤੇਜ ਕਰਨ ਲਈ ਮਜਬੂਰ ਹੋਣਗੇ ਜਿਸ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।

ਇਸ ਦੌਰਾਨ ਸਿਵਲ ਹਸਪਤਾਲ ਲੁਧਿਆਣਾ ਵਿਚ ਤੈਨਾਤ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ 2 ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ, ਜਿਸ ਕਰਕੇ ਉਨ੍ਹਾਂ ਨੂੰ ਆਪਣੇ ਘਰ ਚਲਾਉਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਨਖਾਹਾਂ ਨਾ ਮਿਲਣ ਕਾਰਨ ਅੱਜ ਡਾਕਟਰਾਂ ਨੇ ਸਿਵਲ ਹਸਪਤਾਲ ਵਿਚ ਕਾਲੇ ਬਿੱਲੇ ਲਗਾਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਜਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਤੁਰੰਤ ਤਨਖਾਹਾਂ ਦਿੱਤੀਆਂ ਜਾਣ।

-PTCNews

Related Post