Amritsar News : ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ
Amritsar News : 1947 ਦੀ ਭਾਰਤ ਪਾਕਿਸਤਾਨ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ ਹੈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ
Amritsar News : 1947 ਦੀ ਭਾਰਤ ਪਾਕਿਸਤਾਨ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ ਹੈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਜਿਸ ਮਗਰੋਂ ਵਿਛੜੀਆਂ ਰੂਹਾਂ ਨਮਿਤ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਦੌਰਾਨ ਸੰਗਤ ਨਾਲ ਵਿਚਾਰ ਕਰਦਿਆਂ ਗਿਆਨੀ ਗੁਰਮੁੱਖ ਸਿੰਘ ਨੇ ਕਿਹਾ ਕਿ ਸੰਨ 1947 ਵਿਚ ਦੇਸ਼ ਦੀ ਵੰਡ ਸਮੇਂ ਜਿਥੇ ਲੱਖਾਂ ਪੰਜਾਬੀਆਂ ਨੇ ਜਾਨਾਂ ਗੁਆਈਆਂ, ਉਥੇ ਹੀ ਲੋਕਾਂ ਨੂੰ ਆਪਣੀਆਂ ਜ਼ਮੀਨਾਂ ਜਾਇਦਾਦਾਂ ਅਤੇ ਕਾਰੋਬਾਰ ਵੀ ਛੱਡਣੇ ਪਏ। ਇਸ ਦੇਸ਼ ਵੰਡ ਸਮੇਂ ਸਿੱਖ ਕੌਮ ਨੂੰ ਆਪਣੇ ਪਾਵਨ ਗੁਰਧਾਮਾਂ ਤੋਂ ਵਿਛੜਨਾ ਪਿਆ।
ਪਾਕਿਸਤਾਨ ਅੰਦਰ ਰਹਿ ਗਏ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਅਨੇਕਾਂ ਗੁਰ-ਅਸਥਾਨਾਂ ਦੇ ਦਰਸ਼ਨਾਂ ਦੀ ਤਾਂਘ ਅੱਜ ਵੀ ਹਰ ਸਿੱਖ ਅੰਦਰ ਮੌਜੂਦ ਹੈ। ਉਨ੍ਹਾਂ ਕਿਹਾ ਕਿ ਦੇਸ਼ ਵੰਡ ਸਮੇਂ ਮਾਰੇ ਗਏ ਅਨੇਕਾਂ ਬੇਕਸੂਰ ਲੋਕਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਸ਼ਰਧਾਂਜਲੀ ਭੇਟ ਕਰਨੀ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਮੈਨੇਜਰ ਨਰਿੰਦਰ ਸਿੰਘ, ਰਜਿੰਦਰ ਸਿੰਘ ਰੂਬੀ, ਪੰਜ ਪਿਆਰੇ ਭਾਈ ਮੰਗਲ ਸਿੰਘ, ਭਾਈ ਪਰਮਜੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।