ਡਰੱਗ ਕੇਸ: ਮਜੀਠੀਆ ਨੇ ਮੋਹਾਲੀ ਅਦਾਲਤ 'ਚ ਕੀਤਾ ਆਤਮ ਸਮਰਪਣ, ਜ਼ਮਾਨਤ ਨੂੰ ਲੈ ਕੇ ਬਹਿਸ ਜਾਰੀ

By  Riya Bawa February 24th 2022 11:55 AM -- Updated: February 24th 2022 02:34 PM

ਮੁਹਾਲੀ: ਸੁਪਰੀਮ ਕੋਰਟ ਵੱਲੋਂ ਮਿਲੀ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਸਰੰਡਰ ਕਰ ਦਿੱਤਾ ਅਤੇ ਡਰੱਗ ਕੇਸ ਵਿੱਚ ਰੈਗੂਲਰ ਜ਼ਮਾਨਤ ਲਈ ਅਰਜ਼ੀ ਦਾਇਰ ਕਰ ਦਿੱਤੀ ਹੈ। ਹੁਣ ਉਸ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋ ਰਹੀ ਹੈ। ਪੰਜਾਬ ਸਰਕਾਰ ਦੇ ਵਕੀਲ ਉਸ ਦੀ ਹਿਰਾਸਤ ਦੀ ਮੰਗ ਕਰ ਰਹੇ ਹਨ ਤਾਂ ਜੋ ਉਸ ਕੋਲੋਂ ਡਰੱਗ ਗਠਜੋੜ ਬਾਰੇ ਪੁੱਛਗਿੱਛ ਕੀਤੀ ਜਾ ਸਕੇ। ਇਸ ਦੌਰਾਨ ਹੁਣ ਅਦਾਲਤ ਨੇ SIT ਨੂੰ ਮਜੀਠੀਆ ਤੋਂ ਅਦਾਲਤ ਦੇ ਅੰਦਰ ਇੱਕ ਘੰਟੇ ਤੱਕ ਪੁੱਛਗਿੱਛ ਕਰਨ ਦੀ ਇਜਾਜ਼ਤ ਦਿੱਤੀ ਹੈ। ਇਸ ਦੇ ਨਾਲ ਹੀ ਹੁਣ ਵਕੀਲ ਦੀ ਹਾਜਰੀ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ।

ਅਦਾਲਤ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਅੱਠ ਮਾਰਚ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਉਧਰ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿਚ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਜ਼ਮਾਨਤ ਦੀ ਅਰਜ਼ੀ ਤੇ ਹਾਲੇ ਬਹਿਸ ਹੋਣੀ ਬਾਕੀ ਹੈ, ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ਤੇ ਅੱਜ ਹੀ ਬਹਿਸ ਹੋ ਕੇ ਤੇ ਅੱਜ ਫ਼ੈਸਲਾ ਆ ਸਕਦਾ ਹੈ।

ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਸੀ ਜਿਸ ਤੋਂ ਬਾਅਦ ਉਸ ਦੇ ਕੱਲ੍ਹ ਆਤਮ ਸਮਰਪਣ ਕਰਨ ਦੀ ਗੱਲ ਚੱਲ ਰਹੀ ਸੀ ਪਰ ਵਕੀਲਾਂ ਨਾਲ ਗੱਲ ਕਰਨ ਤੋਂ ਬਾਅਦ ਉਹ ਅੱਜ ਆਤਮ ਸਮਰਪਣ ਕੀਤਾ ਹੈ। ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਨੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਐੱਸ. ਕੇ. ਸਿੰਗਲਾ ਦੀ ਅਦਾਲਤ 'ਚ ਆਤਮਸਮਰਪਣ ਕੀਤਾ ਹੈ। ਬਿਕਰਮ ਮਜੀਠੀਆ ਦੇ ਵਕੀਲਾਂ ਨੇ ਜ਼ਮਾਨਤ ਦੀ ਅਰਜ਼ੀ ਵੀ ਅਦਾਲਤ ਵਿਚ ਦਾਇਰ ਕੀਤੀ ਹੈ। ਮੀਡੀਆ ਨੂੰ ਅਦਾਲਤ ਦੇ ਅੰਦਰ ਜਾਣ ਤੋਂ ਪੁਲਿਸ ਨੇ ਰੋਕਿਆ ਹੋਇਆ ਹੈ।

ਦੱਸਣਯੋਗ ਹੈ ਕਿ ਮਜੀਠੀਆ ਖਿਲਾਫ ਡਰੱਗ ਮਾਮਲੇ ਦੇ ਦੋਸ਼ 'ਚ ਮੋਹਾਲੀ ਦੀ ਕ੍ਰਾਈਮ ਬ੍ਰਾਂਚ 'ਚ ਮਾਮਲਾ ਦਰਜ ਕੀਤਾ ਗਿਆ ਹੈ। ਉਧਰ, ਅਕਾਲੀ ਦਲ ਦਾ ਕਹਿਣਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਿਆਸੀ ਬਦਲਾਖੋਰੀ ਕਾਰਨ ਇਹ ਕੇਸ ਦਰਜ ਕੀਤਾ ਹੈ। ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਉਸ ਨੇ ਮੋਹਾਲੀ ਦੀ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ ਪਰ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ।

ਇਸ ਤੋਂ ਬਾਅਦ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਗਏ। ਉੱਥੇ ਕੁਝ ਦਿਨਾਂ ਦੀ ਅੰਤਰਿਮ ਰਾਹਤ ਤੋਂ ਬਾਅਦ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ। ਫਿਰ ਉਹਨਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਗ੍ਰਿਫਤਾਰੀ 'ਤੇ 23 ਫਰਵਰੀ ਤੱਕ ਰੋਕ ਲਗਾ ਦਿੱਤੀ ਸੀ।

ਮਾਝੇ ਦੇ ਅਕਾਲੀ ਆਗੂ ਬਿਕਰਮ ਮਜੀਠੀਆ ਇਸ ਵਾਰ ਅੰਮ੍ਰਿਤਸਰ ਪੂਰਬੀ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਿਰੁੱਧ ਚੋਣ ਲੜ ਰਹੇ ਹਨ। ਇਸ ਤੋਂ ਪਹਿਲਾਂ ਉਹ ਮਜੀਠਾ ਸੀਟ ਤੋਂ ਉਮੀਦਵਾਰ ਸਨ। ਜਦੋਂ ਸਿੱਧੂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨ ਲਈ ਕਿਹਾ ਤਾਂ ਉਹ ਉਥੋਂ ਵੀ ਚੋਣ ਮੈਦਾਨ ਵਿੱਚ ਉਤਰੇ। ਇਸ ਤੋਂ ਬਾਅਦ ਸਿੱਧੂ ਨੇ ਚੁਣੌਤੀ ਦਿੱਤੀ ਕਿ ਉਹ ਮਜੀਠਾ ਸੀਟ ਛੱਡ ਕੇ ਉਸੇ ਸੀਟ ਤੋਂ ਚੋਣ ਲੜਨ। ਮਜੀਠੀਆ ਨੇ ਵੀ ਉਹ ਸ਼ਰਤ ਮੰਨ ਲਈ ਅਤੇ ਅੰਮ੍ਰਿਤਸਰ ਪੂਰਬੀ ਤੋਂ ਮਜੀਠੀਆ ਦੀ ਪਤਨੀ ਗਿਆਨ ਕੌਰ ਨੂੰ ਮੈਦਾਨ ਵਿਚ ਉਤਾਰ ਕੇ ਹੀ ਚੋਣ ਲੜੀ।

-PTC News

Related Post