ਪੰਜਾਬ 'ਚ ਦਲਿਤ ਮੁੱਖ ਮੰਤਰੀ ਬਣਾਉਣਾ ਕਾਂਗਰਸ ਚੋਣ ਸਟੰਟ: ਮਾਇਆਵਤੀ

By  Riya Bawa September 20th 2021 12:51 PM -- Updated: September 20th 2021 01:02 PM

ਚੰਡੀਗੜ੍ਹ: ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਾਉਣ ਮਗਰੋਂ ਪੂਰੇ ਦੇਸ਼ ਵਿੱਚ ਸਿਆਸਤ ਤੇਜ਼ ਹੋ ਗਈ ਹੈ। ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਚੰਨੀ ਦੇ ਨਾਲ ਹੀ ਦੋ ਉਪ ਮੁੱਖ ਮੰਤਰੀਆਂ (ਡਿਪਟੀ CM) ਨੇ ਵੀ ਸਹੁੰ ਚੁੱਕੀ। ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਉੱਪ ਮੁੱਖ ਮੰਤਰੀ ਬਣੇ ਹਨ। ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਦਲਿਤ ਨੇਤਾ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਮਾਇਆਵਤੀ ਦਾ ਟਵੀਟ

ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ ਜਾਂਦਾ। ਮੈਨੂੰ ਮੀਡੀਆ ਰਾਹੀਂ ਇਹ ਵੀ ਪਤਾ ਲੱਗਾ ਹੈ ਕਿ ਅਗਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕ ਗੈਰ-ਦਲਿਤ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ। ਵਧਾਈ ਦੇ ਨਾਲ ਨਾਲ ਮਾਇਆਵਤੀ ਨੇ ਕਾਂਗਰਸ 'ਤੇ ਤੰਜ ਕਸਿਆ।

ਦੱਸਣਯੋਗ ਹੈ ਕਿ ਚਮਕੌਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਭਵਨ ਪਹੁੰਚ ਕੇ 16ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਤੇ ਉਨ੍ਹਾਂ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ ਤੇ ਓ.ਪੀ. ਸੋਨੀ ਨੇ ਵੀ ਸਹੁੰ ਚੁੱਕੀ ਹੈ। ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਧਾਈ ਦਿੱਤੀ।

-PTC News

Related Post