ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਮਨਾਇਆ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

By  Shanker Badra May 26th 2020 03:11 PM

ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਮਨਾਇਆ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ:ਅੰਮ੍ਰਿਤਸਰ : ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਅਰਦਾਸ ਭਾਈ ਬਲਵਿੰਦਰ ਸਿੰਘ ਕਾਲੇਕੇ ਨੇ ਕੀਤੀ।

ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਪੰਚਮ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤੀ ਇਕੱਠ ਨਹੀਂ ਕੀਤਾ ਗਿਆ ਅਤੇ ਇਸ ਮੌਕੇ ਸੰਕੇਤਕ ਰੂਪ ਵਿਚ ਹੀ ਸਮਾਗਮ ਕੀਤਾ ਗਿਆ। ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਸੀ ਕਿ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਆਪੋ-ਆਪਣੇ ਘਰਾਂ ਵਿਚ ਹੀ ਪਾਠ ਕਰਕੇ ਅਰਦਾਸ ਕਰਨ।

ਇਸੇ ਦੇ ਚੱਲਦਿਆਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੀ ਇਸ ਵਾਰ ਸਮਾਗਮ ਸੰਖੇਪ ਰੂਪ ਵਿਚ ਹੀ ਕੀਤਾ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਕਥਾ ਵਿਚਾਰ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ  ਸਕੱਤਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ, ਵਧੀਕ ਮੈਨੇਜਰ ਹਰਪ੍ਰੀਤ ਸਿੰਘ, ਭਾਈ ਕੁਲਵਿੰਦਰ ਸਿੰਘ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਮੌਜੂਦ ਸਨ।

-PTCNews

Related Post