ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ

By  Shanker Badra July 16th 2021 03:34 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ, ਅਰਦਾਸ ਭਾਈ ਸੁਖਦੇਵ ਸਿੰਘ ਵੱਲੋਂ ਕੀਤੀ ਗਈ ਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਭਾਈ ਹਰਮਿੱਤਰ ਸਿੰਘ ਨੇ ਸ਼ਹੀਦ ਭਾਈ ਤਾਰੂ ਸਿੰਘ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। ਅਣਖੀ ਤੇ ਸਿਦਕੀ ਸਿੱਖ ਭਾਈ ਤਾਰੂ ਸਿੰਘ ਜੀ ਨੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚਲਦਿਆਂ, ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਈ। ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਦਾ ਜੀਵਨ ਇਕ ਮਿਸਾਲ ਹੈ, ਜਿਸ ਤੋਂ ਨੌਜਵਾਨੀ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਨੇ ਸੰਗਤਾਂ ਅਤੇ ਖ਼ਾਸਕਰ ਨੌਜੁਆਨੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਤੋਂ ਸੇਧ ਲੈਂਦਿਆਂ ਸਿੱਖੀ ਸਰੂਪ ਵਿਚ ਪ੍ਰਪੱਕ ਰਹਿਣ ਅਤੇ ਅੰਮ੍ਰਿਤਪਾਨ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਤੋਂ ਇਲਾਵਾ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿਰਵੈਲ ਸਿੰਘ, ਸੁਖਬੀਰ ਸਿੰਘ, ਮੈਨੇਜਰ ਬਘੇਲ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁੱਖੀ, ਨਿਸ਼ਾਨ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

-PTCNews

Related Post