ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਮੀਰੀ ਪੀਰੀ ਦਿਵਸ 

By  Joshi July 22nd 2018 02:45 PM -- Updated: July 22nd 2018 03:10 PM

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਮੀਰੀ ਪੀਰੀ ਦਿਵਸ 

ਹਰ ਵਰਗ ਨੂੰ ਅਜ਼ਾਦੀ ਨਾਲ ਜਿਊਣ ਦਾ ਹੱਕ ਦਿੰਦਾ ਹੈ ਮੀਰੀ ਪੀਰੀ ਦਾ ਸਿਧਾਂਤ -ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ, 22 ਜੁਲਾਈ - ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਮੀਰੀ ਪੀਰੀ ਦਾ ਸਿਧਾਂਤ ਧਰਮ ਦਾ ਪਾਲਣ ਕਰਦਿਆਂ ਜ਼ਬਰ ਅਤੇ ਜ਼ੁਲਮ ਵਿਰੁੱਧ ਸੰਘਰਸ਼ ਲਈ ਸੱਤਾਧਾਰੀ ਹੋਣ ਦਾ ਉਹ ਸੁਨੇਹਾ ਹੈ ਜੋ ਸਮਾਜ ਅੰਦਰ ਹਰ ਵਰਗ ਨੂੰ ਅਜ਼ਾਦੀ ਨਾਲ ਜਿਊਣ ਦਾ ਹੱਕ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਗੁਰਗੱਦੀ ’ਤੇ ਬੈਠਣ ਸਮੇਂ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕਰਕੇ ਸਮਕਾਲੀ ਜ਼ਾਲਮ ਹਕੂਮਤ ਨੂੰ ਇਹ ਸੁਨੇਹਾ ਦਿੱਤਾ ਕਿ ਹੁਣ ਉਸ ਵੱਲੋਂ ਕੀਤੇ ਜਾਂਦੇ ਜ਼ਬਰ ਤੇ ਜ਼ੁਲਮ ਬਹੁਤ ਦੇਰ ਨਹੀਂ ਚੱਲਣੇ।

meeri peeri diwas celebrated at akal takhtਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਗੁਰੂ ਸਾਹਿਬ ਦੇ ਇਸ ਮੀਰੀ ਪੀਰੀ ਦੇ ਸਿਧਾਂਤ ’ਤੇ ਪਹਿਰਾ ਦਿੰਦਿਆਂ ਖ਼ਾਲਸਾ ਪੰਥ ਨੇ ਜ਼ੁਲਮ ਦਾ ਮੁਕਾਬਲਾ ਦ੍ਰਿੜ੍ਹਤਾ ਨਾਲ ਕੀਤਾ ਅਤੇ ਹੱਕ ਸੱਚ ਲਈ ਸ਼ਹਾਦਤਾਂ ਦੇਣ ਤੋਂ ਵੀ ਗੁਰੇਜ਼ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਗੁਰੂ ਦਰਸਾਏ ਮੀਰੀ ਪੀਰੀ ਦੇ ਸਿਧਾਂਤ ਅਨੁਸਾਰ ਸਮਾਜ ਵਿਚ ਹੋ ਰਹੇ ਅਨ੍ਹਿਆਂ ਵਿਰੁੱਧ ਅਵਾਜ਼ ਬੁਲੰਦ ਕਰੀਏ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਹੋਈਏ। ਉਨ੍ਹਾਂ ਸੰਗਤਾਂ ਨੂੰ ਕੌਮੀ ਏਕਤਾ ਅਤੇ ਆਪਸੀ ਭਾਈਚਾਰਾ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ। ਅਰਦਾਸ ਅਤੇ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਲਿਆ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਸੁਸ਼ੋਭਿਤ ਪਾਵਨ ਇਤਿਹਾਸਕ ਸ਼ਸਤਰਾਂ ਨੂੰ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿਰੋਪਾਓ ਭੇਟ ਕੀਤਾ ਅਤੇ ਛੇਵੇਂ ਪਾਤਸ਼ਾਹ ਜੀ ਵੱਲੋਂ ਧਾਰਨ ਕੀਤੀਆਂ ਮੀਰੀ ਪੀਰੀ ਦੀਆਂ ਕਿਰਪਾਨਾਂ ਦੇ ਸੰਗਤਾਂ ਨੂੰ ਦਰਸ਼ਨ ਵੀ ਕਰਵਾਏ ਗਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਰਜੀਤ ਸਿੰਘ ਭਿੱਟੇਵਡ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਮੁਖਤਾਰ ਸਿੰਘ, ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਵੱਲੋਂ ਕਥਾਵਾਚਕ ਭਾਈ ਸੁਖਜੀਤ ਸਿੰਘ ਘਨੱ੍ਹਈਆ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਸ. ਬਘੇਲ ਸਿੰਘ, ਸ. ਲਖਬੀਰ ਸਿੰਘ, ਸ. ਪਰਮਜੀਤ ਸਿੰਘ, ਮੀਤ ਮੈਨੇਜਰ ਸ. ਜਗਤਾਰ ਸਿੰਘ, ਸ. ਗੁਰਪ੍ਰੀਤ ਸਿੰਘ ਸਮੇਤ ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।

—PTC News

Related Post