ਸਰਕਾਰ ਦੀ ਅਣਦੇਖੀ ਕਰਕੇ ਮਨਿਸਟੀਰੀਅਲ ਸਟਾਫ਼ ਤੇ ਹੋਰ ਮੁਲਾਜ਼ਮਾਂ ਨੇ ਹੜਤਾਲ 19 ਅਕਤੂਬਰ ਤੱਕ ਵਧਾਈ

By  Riya Bawa October 15th 2022 12:42 PM -- Updated: October 15th 2022 01:37 PM

ਜਲੰਧਰ: ਪੰਜਾਬ ਸਰਕਾਰ ਦੇ ਕਰੀਬ 42 ਵਿਭਾਗਾਂ ਵਿੱਚ ਤਾਇਨਾਤ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਸਟਾਫ਼ ਤੇ ਹੋਰ ਮੁਲਾਜ਼ਮ ਪਿਛਲੇ ਲਗਾਤਾਰ ਪੰਜ ਦਿਨਾਂ ਤੋਂ ਹੜਤਾਲ ’ਤੇ ਹਨ। ਦੱਸ ਦੇਈਏ ਕਿ ਇਹ ਹੜਤਾਲ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮੁੱਖ ਰੱਖਦੇ ਹੋਏ ਦੱਸ ਅਕਤੂਬਰ ਤੋਂ ਸ਼ੁਰੂ ਹੋਈ ਸੀ ਪਰ ਸਰਕਾਰ ਦੀ ਅਣਦੇਖੀ ਕਰਕੇ ਇਹ ਹੜਤਾਲ ਮੁਲਾਜ਼ਮ ਜਥੇਬੰਦੀਆਂ ਵੱਲੋਂ 19 ਅਕਤੂਬਰ ਤੱਕ ਵਧਾਈ ਗਈ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਪਿਛਲੇ 5 ਦਿਨਾਂ ਤੋਂ ਹੜਤਾਲ ’ਤੇ ਬੈਠੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ।

strike

ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਜਿਹੜੀ ਸਰਕਾਰ ਦੋ ਹਜਾਰ ਬਾਈ ਦੀਆਂ ਚੋਣਾਂ ਵਿਚ ਇਹ ਵਾਅਦਾ ਕਰਕੇ ਸੱਤਾ ਵਿਚ ਆਈ ਸੀ ਕਿ ਉਹ ਸਰਕਾਰ ਬਣਨ ਉਪਰੰਤ ਕਿਸੇ ਵੀ ਵਰਗ ਦਾ ਧਰਨਾ ਨਹੀਂ ਲੱਗਣ ਦੇਣਗੇ। ਹਰ ਇੱਕ ਵਰਗ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਣਗੇ ਪਰ ਬੜੀ ਹੈਰਾਨੀ ਦੀ ਗੱਲ ਹੈ ਕਿ 10 ਅਕਤੂਬਰ ਤੋਂ ਪੰਜਾਬ ਦੇ ਹਰ ਇੱਕ ਸਰਕਾਰੀ ਦਫ਼ਤਰ ਵਿੱਚ ਮੁਕੰਮਲ ਕਲਮਛੋੜ ਹੜਤਾਲ ਚੱਲ ਰਹੀ ਹੈ ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਸਰਕਾਰ ਇਸ ਹੜਤਾਲ ਨੂੰ ਖਤਮ ਕਰਵਾਉਣ ਲਈ ਮੁਲਾਜ਼ਮਾਂ ਦੀਆਂ ਮੰਗਾਂ ਲਾਗੂ ਤਾਂ ਕੀ ਕਰਨੀਆਂ ਹਨ, ਸਰਕਾਰ ਗੱਲਬਾਤ ਦੇ ਰਸਤੇ ਤੋਂ ਵੀ ਭੱਜ ਰਹੀ ਹੈ।

ਆਮ ਆਦਮੀ ਪਾਰਟੀ ਜੋ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿੱਚ ਉੱਥੋਂ ਦੇ ਮੁਲਾਜ਼ਮਾਂ ਨਾਲ ਵੱਡੇ ਵੱਡੇ ਵਾਅਦੇ ਕਰ ਰਹੀ ਹੈ ਪਰ ਜੋ ਵਾਅਦੇ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਕੀਤੇ ਸਨ ਉਨ੍ਹਾਂ ਵਾਅਦਿਆਂ ਨੂੰ ਲਾਗੂ ਕਰਨ ਤੋਂ ਆਮ ਆਦਮੀ ਪਾਰਟੀ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਜਲਦ ਹੀ ਮੁਲਾਜ਼ਮਾਂ ਨਾਲ ਗੱਲਬਾਤ ਦਾ ਰਸਤਾ ਅਖਤਿਆਰ ਕਰਕੇ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕਰਦੀ ਤਾਂ ਪੰਜਾਬ ਸਰਕਾਰ ਵਿਰੁੱਧ ਮੁਲਾਜ਼ਮ ਸੰਘਰਸ਼ ਹੋਰ ਤੇਜ਼ ਕਰਨਗੇ।

ਇਸ ਦੌਰਾਨ ਰਜਿਸਟਰੀਆਂ ਦਾ ਕੰਮ ਵੀ ਪੂਰੀ ਤਰ੍ਹਾਂ ਠੱਪ ਹੋ ਗਿਆ, ਜੋ ਹੁਣ ਸ਼ੁਰੂ ਹੋ ਗਿਆ ਹੈ ਪਰ ਅਸਲਾ ਲਾਇਸੈਂਸ, ਵਾਹਨ ਸਬੰਧੀ ਕੰਮ, ਮੌਤ-ਜਨਮ ਸਰਟੀਫਿਕੇਟ, ਸ਼ਨਾਖਤੀ ਕਾਰਡ, ਨਿਵਾਸ ਪ੍ਰਮਾਣ ਪੱਤਰ, ਜਾਤੀ ਸਰਟੀਫਿਕੇਟ, ਆਮਦਨ ਤੱਕ ਦਾ ਸਾਰਾ ਕੰਮ ਠੱਪ ਹੋ ਗਿਆ। ਸੇਵਾ ਕੇਂਦਰ ਵਿੱਚ ਕੰਮ ਕਰਵਾਉਣ ਲਈ ਲੋਕਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ ਪਰ ਡਾਟਾ ਨਾ ਮਿਲਣ ਕਾਰਨ ਸਾਰਾ ਕੰਮ ਠੱਪ ਹੋ ਕੇ ਰਹਿ ਗਿਆ ਹੈ।

 

-PTC News

Related Post