ਮੋਹਾਲੀ 'ਚ ਕੋਰੋਨਾ ਵਾਇਰਸ ਦੇ 3 ਹੋਰ ਨਵੇਂ ਮਾਮਲੇ ਆਏ ਸਾਹਮਣੇ,ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 92

By  Shanker Badra May 1st 2020 05:32 PM

ਮੋਹਾਲੀ 'ਚ ਕੋਰੋਨਾ ਵਾਇਰਸ ਦੇ 3 ਹੋਰ ਨਵੇਂ ਮਾਮਲੇ ਆਏ ਸਾਹਮਣੇ,ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 92:ਮੋਹਾਲੀ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਵੀ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਜਿਸ ਨਾਲ ਪੰਜਾਬ 'ਚ ਕੋਰੋਨਾ ਵਾਇਰਸ ਦਾ ਖ਼ਤਰਾ ਹੋਰ ਵਧ ਗਿਆ ਹੈ। ਮੋਹਾਲੀ ਦੇ ਜਵਾਹਰਪੁਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ।

ਮੋਹਾਲੀ ਜ਼ਿਲ੍ਹੇ ਵਿਚ ਅੱਜ ਦੁਪਹਿਰ ਬਾਅਦ 3 ਹੋਰ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ,ਜਦਕਿ 3 ਕੇਸ ਸਵੇਰੇ ਪਾਜ਼ੀਟਿਵ ਪਾਏ ਗਏ ਸੀ। ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਅੰਦਰ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 92 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਜਵਾਹਰਪੁਰ ਦੇ ਪਹਿਲਾਂ ਕੋਰੋਨਾ ਪਾਜ਼ੀਟਿਵ ਆਏ ਵਿਅਕਤੀ ਦੇ 20 ਸਾਲਾ ਪੁੱਤਰ ਦੀ ਰਿਪੋਰਟ ਵੀ ਅੱਜ ਪਾਜੀਟਿਵ ਆਈ ਹੈ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ 2 ਸ਼ਰਧਾਲੂਆਂ ਦੇ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।

ਇਸ ਦੇ ਇਲਾਵਾ ਫਾਜ਼ਿਲਕਾ ਵਿੱਚ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ 4 ਸ਼ਰਧਾਲੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਅੱਜ ਸਵੇਰੇ ਸਿਵਲ ਸਰਜਨ ਸੁਰਿੰਦਰ ਸਿੰਘ ਵੱਲੋਂ ਤਿੰਨ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਸੀ। ਉਸ ਤੋਂ ਬਾਅਦ ਦੁਪਹਿਰ ਇੱਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਕੁੱਲ 4 ਮਰੀਜ਼ ਜ਼ਿਲ੍ਹਾ ਫਾਜ਼ਿਲਕਾ ਵਿੱਚ ਪਾਜ਼ੀਟਿਵ ਪਾਏ ਗਏ ਹਨ।

ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਫ਼ਿਰੋਜ਼ਪੁਰਜ਼ਿਲ੍ਹੇ ਵਿਚ ਅੱਜ ਦੁਪਹਿਰ ਬਾਅਦ 4 ਹੋਰ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ,ਜਦਕਿ 11 ਕੇਸ ਸਵੇਰੇ ਪਾਜ਼ੀਟਿਵ ਪਾਏ ਗਏ ਸੀ। ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਅੱਜ ਕੋਰੋਨਾ ਦੇ 15 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਅੰਦਰ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 16 ਹੋ ਗਈ ਹੈ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 586 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਜਲੰਧਰ – 105, ਅੰਮ੍ਰਿਤਸਰ – 90 , ਮੋਹਾਲੀ – 92 , ਪਟਿਆਲਾ – 65, ਲੁਧਿਆਣਾ – 77, ਪਠਾਨਕੋਟ – 25 , ਨਵਾਂਸ਼ਹਿਰ – 23 , ਤਰਨ ਤਾਰਨ -14 , ਮਾਨਸਾ – 13,  ਕਪੂਰਥਲਾ – 12 , ਹੁਸ਼ਿਆਰਪੁਰ – 11 , ਫਰੀਦਕੋਟ – 6 , ਸੰਗਰੂਰ – 7 , ਮੋਗਾ – 5 , ਰੋਪੜ – 5 , ਗੁਰਦਾਸਪੁਰ- 4 , ਸ੍ਰੀ ਮੁਕਤਸਰ ਸਾਹਿਬ – 4 , ਫਾਜ਼ਿਲਕਾ - 4 ,ਬਰਨਾਲਾ – 2 , ਫਤਿਹਗੜ੍ਹ ਸਾਹਿਬ – 3 , ਬਠਿੰਡਾ -2 ,  ਫਿਰੋਜ਼ਪੁਰ - 16 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 20 ਮੌਤਾਂ ਹੋ ਚੁੱਕੀਆਂ ਹਨ ਅਤੇ 104 ਮਰੀਜ਼ ਠੀਕ ਹੋ ਚੁੱਕੇ ਹਨ।

-PTCNews

Related Post