ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 418 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ

By  Riya Bawa August 28th 2022 11:39 AM -- Updated: August 28th 2022 03:16 PM

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤਕ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ।

SriGuruGranthSahib

ਅਰਦਾਸ ਮਗਰੋਂ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਾਇਆ। ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਇਸ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ।

SriGuruGranthSahib

ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਜੀ ਵੱਲੋਂ ਸੰਨ 1604 ਈ: ਵਿਚ ਆਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸੀ। ਇਹ ਪਾਵਨ ਦਿਹਾੜਾ ਸਿੱਖ ਜਗਤ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਇਸੇ ਦੌਰਾਨ ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਕੀਤੀ ਗਈ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਅਤੇ ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਨੇ ਗਤਕਾ ਪ੍ਰਦਰਸ਼ਨ ਵੀ ਕੀਤਾ। ਨਗਰ ਕੀਰਤਨ ਲਗਭਗ ਇਕ ਘੰਟੇ ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸੰਪਨ ਹੋਇਆ।

ਇਹ ਵੀ ਪੜ੍ਹੋ: Asia Cup 2022: ਏਸ਼ੀਆ ਕੱਪ 'ਚ ਅੱਜ ਭਾਰਤ ਤੇ ਪਾਕਿਸਤਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ, ਜਾਣੋ DETAIL 

ਨਗਰ ਕੀਰਤਨ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਅਨੇਕਾਂ ਮੈਂਬਰ ਸ਼੍ਰੋਮਣੀ ਕਮੇਟੀ, ਪੰਥਕ ਹਸਤੀਆਂ, ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਵੱਡੀ ਗਿਣਤੀ ਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਪ੍ਰਕਾਸ਼ ਪੁਰਬ ਦੇ ਸਬੰਧ ਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰੂਦੁਆਰਾ ਬਾਬਾ ਅੱਟਲ ਰਾਏ ਵਿਖੇ ਪਵਿਤਰ ਜਲੌਅ ਸਜਾਏ ਗਏ।

SriGuruGranthSahib

ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤਕ ਸਜਾਏ ਗਏ ਪਵਿੱਤਰ ਅਲੌਕਿਕ ਜਲੌਅ ਸੰਗਤ ਲਈ ਖਿੱਚ ਦਾ ਕੇਂਦਰ ਬਣੇ।

SriGuruGranthSahib

ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਕੀਤੀ ਗਈ ਫੁੱਲਾਂ ਦੀ ਅਤਿ ਸੁੰਦਰ ਸਜਾਵਟ ਵੀ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀ ਸੀ। ਸ਼ਾਮ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜੀ ਕੀਤੀ ਜਾਵੇਗੀ।

SriGuruGranthSahib

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਜਥੇਦਾਰ ਅਕਾਲ ਤਖ਼ਤ ਸਾਹਿਬ ਵਲੋਂ ਸੰਗਤਾਂ ਨੂੰ ਵਧਾਈ

ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ ਵਿਦੇਸ਼ ਚ ਵਸਦੀਆਂ ਸਮੂੰਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦਾ ਸੰਦੇਸ਼ ਦਿੱਤਾ। ਸਿੰਘ ਸਾਹਿਬ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਸਮਾਗਮਾਂ ਦੀ ਆਰੰਭਤਾ ਮੌਕੇ ਪੁੱਜੇ ਹੋਏ ਹਨ।

-PTC News

Related Post