ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਪਹੁੰਚਿਆ ਦਿੱਲੀ   

By  Shanker Badra April 9th 2021 04:28 PM

ਅੰਮ੍ਰਿਤਸਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਿੰਘ ਸਭਾ ਬਹਾਦਰਗੜ੍ਹ ਹਰਿਆਣਾ ਤੋਂ ਅਗਲੇ ਪੜਾਅ ਦਿੱਲੀ ਲਈ ਰਵਾਨਾ ਹੋਇਆ ਹੈ। ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ ਗਏ।

ਨਗਰ ਕੀਰਤਨ ਦੀ ਰਵਾਨਗੀ ਸਮੇਂ ਹਾਜ਼ਰ ਸੰਗਤਾਂ ਨੇ ਪਾਲਕੀ ਸਾਹਿਬ ਉਪਰ ਫੁੱਲਾਂ ਦੀ ਵਰਖਾ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕੀਤਾ। ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰ ਕੇ ਸ਼ਰਧਾ ਪ੍ਰਗਟਾਈ। ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਲੰਗਰ ਵੀ ਲਗਾਏ ਗਏ ਸਨ।

ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਦਿੱਲੀ ਪੁੱਜਾ ਹੈ। ਨਗਰ ਕੀਰਤਨ ਦੇ ਦਿੱਲੀ ਪਹੁੰਚਣ ਸਮੇਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਦੀਆਂ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ।

ਇਸੇ ਦੌਰਾਨ ਦਿੱਲੀ ਦੀਆਂ ਵੱਖ-ਵੱਖ ਸਭਾ-ਸੁਸਾਇਟੀਆਂ, ਗੁਰਦੁਆਰਾ ਕਮੇਟੀਆਂ ਅਤੇ ਕਾਰਸੇਵਾ ਸੰਪ੍ਰਦਾਵਾਂ ਨੇ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਸਿਮਰਜੀਤ ਸਿੰਘ, ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸ. ਮੰਗਪ੍ਰੀਤ ਸਿੰਘ, ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਸ. ਸੁਰਿੰਦਰਪਾਲ ਸਿੰਘ ਸਮਾਣਾ ਤੇ ਸਹਾਇਕ ਇੰਚਾਰਜ ਸ. ਜਸਵਿੰਦਰ ਸਿੰਘ ਜੱਸੀ ਅਤੇ ਵੱਡੀ ਸੰਗਤ ਮੌਜੂਦ ਸੀ।

-PTCNews

Related Post