ਨਵਜੋਤ ਸਿੰਘ ਸਿੱਧੂ ਨੇ ਸਰਕਾਰੀ ਕੋਠੀ ਕੀਤੀ ਖਾਲੀ, ਖੁਦ ਟਵੀਟ ਕਰਕੇ ਦਿੱਤੀ ਜਾਣਕਾਰੀ

By  Jashan A July 21st 2019 04:19 PM

ਨਵਜੋਤ ਸਿੰਘ ਸਿੱਧੂ ਨੇ ਸਰਕਾਰੀ ਕੋਠੀ ਕੀਤੀ ਖਾਲੀ, ਖੁਦ ਟਵੀਟ ਕਰਕੇ ਦਿੱਤੀ ਜਾਣਕਾਰੀ,ਚੰਡੀਗੜ੍ਹ: ਪੰਜਾਬ ਵਜ਼ਾਰਤ ਵਿੱਚੋਂ ਅਸਤੀਫ਼ਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਸਰਕਾਰੀ ਬੰਗਲਾ ਖਾਲੀ ਕਰ ਦਿੱਤਾ ਹੈ। ਜਿਸ ਦੀ ਜਾਣਕਾਰੀ ਸਿੱਧੂ ਨੇ ਟਵੀਟ ਕਰਕੇ ਦਿੱਤੀ ਹੈ। ਟਵੀਟ ਕਰਦਿਆਂ ਉਹਨਾਂ ਲਿਖਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਸਰਕਾਰੀ ਰਿਹਾਇਸ਼ ਉਨ੍ਹਾਂ ਨੇ ਖਾਲੀ ਕਰ ਦਿੱਤੀ ਹੈ ਅਤੇ ਪੰਜਾਬ ਸਰਕਾਰ ਨੂੰ ਸੌਂਪ ਦਿੱਤੀ ਹੈ।

ਬੀਤੇ ਦਿਨ ਸਿੱਧੂ ਦੇ ਸੈਕਟਰ-2 ਸਥਿਤ 42 ਨੰਬਰ ਸਰਕਾਰੀ ਘਰ 'ਤੇ ਸਾਮਾਨ ਪੈਕ ਹੋਣਾ ਸ਼ੁਰੂ ਹੋ ਗਿਆ ਸੀ ਅਤੇ ਉਸ ਨੂੰ ਲਿਜਾਣ ਲਈ ਗੱਡੀਆਂ ਪਹੁੰਚ ਗਈਆਂ ਸਨ। ਘਰ ਅੰਦਰ ਕਿਸੇ ਨੂੰ ਜਾਣ ਦੀ ਆਗਿਆ ਨਹੀਂ ਦਿੱਤੀ ਗਈ ਅਤੇ ਸ਼ਾਮ ਤੱਕ ਸਾਮਾਨ ਪੈਕ ਕਰ ਕੇ ਗੱਡੀਆਂ ਬਾਹਰ ਜਾਂਦੀਆਂ ਦਿਖੀਆਂ।

ਹੋਰ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਧੂ ਨੂੰ ਬਰਖ਼ਾਸਤ ਕਰਨਾ ਚਾਹੀਦਾ ਹੈ : ਮਜੀਠੀਆ

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਬੀਤੀ 6 ਜੂਨ ਨੂੰ ਉਨ੍ਹਾਂ ਤੋਂ ਸਥਾਨਕ ਸਰਕਾਰਾਂ ਵਿਭਾਗ ਲੈ ਕੇ ਸਿੱਧੂ ਨੂੰ ਬਿਜਲੀ ਮੰਤਰੀ ਦਾ ਅਹੁਦਾ ਦਿੱਤਾ ਸੀ। ਇਸ ਤੋਂ ਨਾਰਾਜ਼ ਸਿੱਧੂ ਨੇ ਕਾਰਜ ਭਾਰ ਨਹੀਂ ਸੰਭਾਲਿਆ ਤੇ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਬੀਤੀ 15 ਜੁਲਾਈ ਨੂੰ ਸਿੱਧੂ ਨੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਭੇਜਿਆ ਸੀ, ਜੋ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਮਨਜ਼ੂਰ ਕਰ ਲਿਆ ਹੈ।

-PTC News

Related Post