Sri Anandpur Sahib : 1158 ਸਹਾਇਕ ਪ੍ਰੋਫੈਸਰਾਂ ਵੱਲੋਂ ਸਿੱਖਿਆ ਮੰਤਰੀ ਦੇ ਪਿੰਡ ਨੇੜੇ ਸੜਕ ਜਾਮ, ਵਾਹਨਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ

Sri Anandpur Sahib : ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ ਗਈ ਅਤੇ 20 ਮਾਰਚ ਨੂੰ ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ ਤੇ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ।

By  KRISHAN KUMAR SHARMA March 15th 2026 05:58 PM

ਸ੍ਰੀ ਅਨੰਦਪੁਰ ਸਾਹਿਬ : 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਦੇ ਨਜ਼ਦੀਕ ਸ੍ਰੀ ਅਨੰਦਪੁਰ ਸਾਹਿਬ–ਨੰਗਲ ਮੁੱਖ ਮਾਰਗ 'ਤੇ ਸੂਬਾ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰਦਿਆਂ ਲਗਭਗ ਢਾਈ ਘੰਟੇ ਲਈ ਸੜਕ ਜਾਮ ਕਰ ਦਿੱਤੀ ਗਈ। ਇਸ ਕਾਰਨ ਮਾਰਗ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਰਹੀ।

ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਰੇਬਾਜ਼ੀ ਕਰਦਿਆਂ ਆਪਣੀਆਂ ਨੌਕਰੀਆਂ ਨੂੰ ਸੁਰੱਖਿਅਤ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਸੁਪਰੀਮ ਕੋਰਟ ਵੱਲੋਂ ਇਸ ਕੇਸ ਸਬੰਧੀ ਆਏ ਫ਼ੈਸਲੇ ਤੋਂ ਬਾਅਦ ਸਰਕਾਰੀ ਕਾਲਜਾਂ ਦੇ 1158 ਕੈਡਰ ਨਾਲ ਸੰਬੰਧਤ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਨੌਕਰੀ ‘ਤੇ ਅਣਿਸ਼ਚਿਤਤਾ ਦਾ ਮਾਹੌਲ ਬਣ ਗਿਆ ਹੈ ਅਤੇ ਉਨ੍ਹਾਂ ‘ਤੇ ਨੌਕਰੀ ਖੋਹਣ ਦੀ ਤਲਵਾਰ ਲਟਕ ਰਹੀ ਹੈ।

ਉਨ੍ਹਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਸਰਕਾਰ ਕੋਲ ਆਪਣੀ ਨੌਕਰੀ ਦੀ ਸੁਰੱਖਿਆ ਲਈ ਮੰਗ ਕਰ ਰਹੇ ਹਨ ਪਰ ਹਾਲੇ ਤੱਕ ਕੋਈ ਢੰਗ ਦਾ ਹੱਲ ਨਹੀਂ ਨਿਕਲਿਆ। ਇਸ ਕਾਰਨ ਮਜਬੂਰਨ ਉਨ੍ਹਾਂ ਨੂੰ ਸੜਕ ‘ਤੇ ਉਤਰ ਕੇ ਸੰਘਰਸ਼ ਕਰਨਾ ਪੈ ਰਿਹਾ ਹੈ।

ਬਾਅਦ ਵਿੱਚ ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ ਗਈ ਅਤੇ 20 ਮਾਰਚ ਨੂੰ ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ ਤੇ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ ਅਤੇ ਆਵਾਜਾਈ ਮੁੜ ਬਹਾਲ ਹੋ ਗਈ।

Related Post