PTC News
Search
🔍 Search

Amritsar ਚ ਨਸ਼ੇ ਚ ਧੁੱਤ ਪੁਲਿਸ ਮੁਲਾਜ਼ਮ ਦੀ ਕਾਰ ਨੇ 12 ਸਾਲਾ ਬੱਚੀ ਨੂੰ ਕੁਚਲਿਆ, ਸਕੂਲ ਤੋਂ ਘਰ ਪਰਤ ਰਹੀ ਸੀ ਮਾਸੂਮ

ਮੁਲਜ਼ਮ ਹੌਲਦਾਰ ਦੀ ਕਾਰ 'ਚੋਂ ਸ਼ਰਾਬ ਦੀ ਬੋਤਲ, ਸਿਗਰਟ ਤੇ ਲਾਈਟਰ ਬਰਾਮਦ ਹੋਣ ਦਾ ਦਾਅਵਾ

By  Jaswinder Kaur November 20th 2026 11:48 AM

12-year-old girl was crushed by a drunk policeman's car :  ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕਥਿਤ ਤੌਰ 'ਤੇ ਨਸ਼ੇ ਦੀ ਹਾਲਤ ਵਿੱਚ ਗੱਡੀ ਚਲਾ ਰਹੇ ਇੱਕ ਪੁਲਿਸ ਮੁਲਾਜ਼ਮ ਦੀ ਤੇਜ਼ ਰਫ਼ਤਾਰ ਆਲਟੋ ਕਾਰ ਨੇ ਸਕੂਲ ਤੋਂ ਘਰ ਪਰਤ ਰਹੀ 12 ਸਾਲਾ ਬੱਚੀ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬੱਚੀ ਕਾਰ ਦੇ ਹੇਠਾਂ ਫਸ ਗਈ। ਮੌਕੇ 'ਤੇ ਮੌਜੂਦ ਰਾਹਗੀਰਾਂ ਅਤੇ ਸਥਾਨਕ ਲੋਕਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਉਸ ਨੂੰ ਬਾਹਰ ਕੱਢਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਲੋਕਾਂ ਦਾ ਗੁੱਸਾ ਭੜਕ ਗਿਆ।

ਨਸ਼ੇ ਵਿੱਚ ਹੋਣ ਦਾ ਦੋਸ਼, ਕਾਰ 'ਚੋਂ ਸ਼ਰਾਬ ਦੀ ਬੋਤਲ ਮਿਲੀ

ਚਸ਼ਮਦੀਦਾਂ ਮੁਤਾਬਕ ਮੁਲਜ਼ਮ ਪੁਲਿਸ ਮੁਲਾਜ਼ਮ ਦੀ ਪਛਾਣ ਹੌਲਦਾਰ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਅੰਬੇਡਕਰ ਸਮਾਜ ਦਲ ਦੇ ਯੂਥ ਪ੍ਰਧਾਨ ਰਾਹੁਲ ਸੋਰੀ ਨੇ ਦੋਸ਼ ਲਾਇਆ ਕਿ ਹਾਦਸੇ ਸਮੇਂ ਹੌਲਦਾਰ ਨਸ਼ੇ ਦੀ ਹਾਲਤ ਵਿੱਚ ਸੀ ਅਤੇ ਉਸ ਨੂੰ ਠੀਕ ਤਰ੍ਹਾਂ ਖੜ੍ਹੇ ਹੋਣ ਵਿੱਚ ਵੀ ਮੁਸ਼ਕਲ ਆ ਰਹੀ ਸੀ।

ਲੋਕਾਂ ਵੱਲੋਂ ਜਦੋਂ ਕਾਰ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ ਸ਼ਰਾਬ ਦੀ ਬੋਤਲ, ਸਿਗਰਟ ਅਤੇ ਲਾਈਟਰ ਮਿਲਣ ਦਾ ਦਾਅਵਾ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਖੜ੍ਹੇ ਕੀਤੇ।

ਇਹ ਵੀ ਪੜ੍ਹੋ : 

PUC : ਹੁਣ ਵਾਹਨਾਂ ਦੀ ਉਮਰ ਮੁਤਾਬਕ ਬਣੇਗਾ PUC ਸਰਟੀਫਿਕੇਟ, ਨਵੇਂ ਵਾਹਨਾਂ ਨੂੰ ਮਿਲੇਗੀ ਰਾਹਤ

ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼, ਲੋਕਾਂ ਨੇ ਘੇਰ ਕੇ ਫੜਿਆ

ਅੰਬੇਡਕਰ ਸਮਾਜ ਦਲ ਦੇ ਪੰਜਾਬ ਚੇਅਰਮੈਨ ਵਿੱਕੀ ਨੇ ਦੱਸਿਆ ਕਿ ਬੱਚੀ ਨੂੰ ਟੱਕਰ ਮਾਰਨ ਤੋਂ ਬਾਅਦ ਮੁਲਜ਼ਮ ਨੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਮੌਕੇ 'ਤੇ ਮੌਜੂਦ ਨੌਜਵਾਨਾਂ ਅਤੇ ਰਾਹਗੀਰਾਂ ਨੇ ਕਾਰ ਨੂੰ ਘੇਰ ਲਿਆ ਅਤੇ ਉਸ ਨੂੰ ਫੜ ਕੇ ਸੁਲਤਾਨਵਿੰਡ ਚੌਕੀ ਦੀ ਪੁਲਿਸ ਹਵਾਲੇ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿੱਚ ਜ਼ਿਆਦਾਤਰ ਮੁਲਾਜ਼ਮ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਂਦੇ ਹਨ, ਪਰ ਅਜਿਹੇ ਲਾਪਰਵਾਹ ਮੁਲਾਜ਼ਮਾਂ ਕਾਰਨ ਪੂਰੇ ਵਿਭਾਗ ਦੀ ਛਵੀ ਖ਼ਰਾਬ ਹੁੰਦੀ ਹੈ।

ਅਨਾਥ ਬੱਚੀ ਦੇ ਪਰਿਵਾਰ ਨੇ ਲਗਾਈ ਇਨਸਾਫ਼ ਦੀ ਗੁਹਾਰ

ਹਾਦਸੇ ਦਾ ਸ਼ਿਕਾਰ ਹੋਈ ਬੱਚੀ ਦੀ ਦੇਖਭਾਲ ਕਰ ਰਹੀ ਉਸ ਦੀ ਭੂਆ ਪ੍ਰੀਤੀ ਨੇ ਦੱਸਿਆ ਕਿ ਬੱਚੀ ਦੇ ਮਾਤਾ-ਪਿਤਾ ਅਤੇ ਦਾਦਾ-ਦਾਦੀ ਪਹਿਲਾਂ ਹੀ ਇਸ ਦੁਨੀਆ ਵਿੱਚ ਨਹੀਂ ਹਨ। ਉਹ ਬੱਚੀ ਨੂੰ ਮਾਂ ਵਾਂਗ ਪਾਲ ਰਹੀ ਹੈ। ਪਰਿਵਾਰ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ ਅਤੇ ਪਰਿਵਾਰ ਦੇ ਕਈ ਮੈਂਬਰ ਦਿਵਿਆਂਗ ਹੋਣ ਕਾਰਨ ਉਨ੍ਹਾਂ ਦੀ ਆਰਥਿਕ ਹਾਲਤ ਵੀ ਕਾਫ਼ੀ ਕਮਜ਼ੋਰ ਹੈ।

ਉਨ੍ਹਾਂ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਬੱਚੀ ਦੇ ਇਲਾਜ ਦਾ ਸਾਰਾ ਖਰਚਾ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਚੁੱਕਿਆ ਜਾਵੇ ਅਤੇ ਕਥਿਤ ਤੌਰ 'ਤੇ ਨਸ਼ੇ ਵਿੱਚ ਗੱਡੀ ਚਲਾਉਣ ਵਾਲੇ ਪੁਲਿਸ ਮੁਲਾਜ਼ਮ ਨੂੰ ਤੁਰੰਤ ਮੁਅੱਤਲ ਕਰਕੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਅੰਬੇਡਕਰ ਸਮਾਜ ਦਲ ਨੇ ਵੀ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦੇ ਨਾਲ ਖੜ੍ਹਨ ਦਾ ਭਰੋਸਾ ਦਿੱਤਾ ਹੈ।

ਪੁਲਿਸ ਨੇ ਦਿੱਤਾ ਸਖ਼ਤ ਕਾਰਵਾਈ ਦਾ ਭਰੋਸਾ

ਘਟਨਾ ਦੀ ਸੂਚਨਾ ਮਿਲਦਿਆਂ ਹੀ ਸੁਲਤਾਨਵਿੰਡ ਚੌਕੀ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਮੁਲਜ਼ਮ ਹੌਲਦਾਰ ਨੂੰ ਹਿਰਾਸਤ ਵਿੱਚ ਲੈ ਕੇ ਉਸ ਦੀ ਕਾਰ ਵੀ ਕਬਜ਼ੇ ਵਿੱਚ ਕਰ ਲਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਜ਼ਖ਼ਮੀ ਬੱਚੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ, ਜਦਕਿ ਮੁਲਜ਼ਮ ਪੁਲਿਸ ਮੁਲਾਜ਼ਮ ਦਾ ਵੀ ਮੈਡੀਕਲ ਟੈਸਟ ਕਰਵਾਇਆ ਜਾ ਰਿਹਾ ਹੈ ਤਾਂ ਜੋ ਨਸ਼ੇ ਸਬੰਧੀ ਲੱਗੇ ਦੋਸ਼ਾਂ ਦੀ ਜਾਂਚ ਕੀਤੀ ਜਾ ਸਕੇ।

ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਉੱਧਰ, ਇਸ ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਵਿੱਚ ਭਾਰੀ ਰੋਸ ਹੈ ਅਤੇ ਪੀੜਤ ਪਰਿਵਾਰ ਇਨਸਾਫ਼ ਦੀ ਉਡੀਕ ਕਰ ਰਿਹਾ ਹੈ।

Related Post