ਸਵਾਲਾਂ ’ਚ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ, ਤਲਾਸ਼ੀ ਦੌਰਾਨ ਬਰਾਮਦ 1340 ਨਸ਼ੀਲੀਆਂ ਗੋਲੀਆਂ

ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ’ਚ ਤਲਾਸ਼ੀ ਦੌਰਾਨ ਲਾਵਾਰਿਸ ਹਾਲਤ ’ਚ 1340 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਫਿਲਹਾਲ ਪੁਲਿਸ ਨੇ ਨਾ ਮਾਲੂਮ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

By  Aarti December 28th 2022 09:44 AM -- Updated: December 28th 2022 11:48 AM

ਤਰਨਤਾਰਨ: ਇੱਕ ਪਾਸੇ ਜਿੱਥੇ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ’ਚ ਸਖਤ ਸੁਰੱਖਿਆ ਪ੍ਰਬੰਧ ਕਰਨ ਦੇ ਦਾਅਵੇ ਕਰ ਰਹੀ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਦੀਆਂ ਜੇਲ੍ਹਾਂ ਚੋਂ ਨਸ਼ਾ ਅਤੇ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ।

ਤਾਜ਼ਾ ਮਾਮਲਾ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਤੋਂ ਸਾਹਮਣੇ ਆਇਆ ਹੈ ਜਿੱਥੋ ਲਾਵਾਰਿਸ ਹਾਲਤ ’ਚ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮਿਲੀ ਜਾਣਕਾਰੀ ਮੁਤਾਬਿਕ ਬੀਤੇ ਦਿਨ ਜੇਲ੍ਹ ਦੀ ਬੈਰਕ ਨੰਬਰ 8 ਦੇ ਕਮਰਾ ਨੰਬਰ 6 ਦੀ ਤਲਾਸ਼ੀ ਦੌਰਾਨ ਜੇਲ੍ਹ ਅਧਿਕਾਰੀਆਂ ਨੂੰ 1340 ਨਸ਼ੀਲੀਆਂ ਗੋਲੀਆਂ ਲਵਾਰਿਸ ਹਾਲਤ ਵਿਚ ਬਰਾਮਦ ਹੋਈਆਂ।

ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਲਵੀਰ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਸਾਹਿਬ ਪੁਲਿਸ ਵੱਲੋਂ ਨਾ ਮਾਲੂਮ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਉੱਥੇ ਹੀ ਦੂਜੇ ਪਾਸੇ ਲੁਧਿਆਣਾ ਦੀ ਸੈਂਟਰਲ ਜੇਲ੍ਹ ’ਚੋਂ ਵੱਡੀ ਮਾਤਰਾ ’ਚ 14 ਮੋਬਾਈਲ ਫੋਨ ਹਵਾਲਾਤੀਆਂ ਤੋਂ ਬਰਾਮਦ ਕੀਤੇ ਗਏ। ਮਿਲੀ ਜਾਣਕਾਰੀ ਮੁਤਾਬਿਕ ਇੱਕ ਮਹੀਨੇ ’ਚ ਲੁਧਿਆਣਾ ਦੀ ਸੈਂਟਰਲ ਜੇਲ੍ਹ ਚੋਂ 50 ਤੋਂ ਵੱਧ ਮੋਬਾਈਲ ਫੋਨ ਬਰਾਮਦ ਹੋ ਚੁੱਕੇ ਹਨ।

ਕਾਬਿਲੇਗੌਰ ਹੈ ਕਿ ਪੰਜਾਬ ਦੀਆਂ ਜੇਲ੍ਹਾਂ 'ਚੋਂ ਲਗਾਤਾਰ ਮੋਬਾਈਲ ਫੋਨ ਅਤੇ ਨਸ਼ਾ ਮਿਲ ਰਿਹਾ ਹੈ। ਜਿਸ ਕਾਰਨ ਪੁਲਿਸ ਪ੍ਰਸ਼ਾਸਨ ਦੇ ਪ੍ਰਬੰਧ ਸਵਾਲਾਂ ਦੇ ਘੇਰੇ ’ਚ ਆਉਂਦੇ ਰਹਿੰਦੇ ਹਨ। ਹਾਲਾਂਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕਰਨ ਦੀ ਗੱਲ ਆਖੀ ਜਾਂਦੀ ਹੈ ਪਰ ਇਹ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। 

ਇਹ ਵੀ ਪੜ੍ਹੋ: ਲੁਧਿਆਣਾ ਦੇ ਹਯਾਤ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਦਿੱਲੀ ਤੋਂ ਕਾਬੂ

Related Post